ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਲਾਲਬਾਈ ਅਤੇ ਕੱਖਾਂਵਾਲੀ ਦੀਆਂ ਦਾਣਾ ਮੰਡੀਆਂ ਦਾ ਲਿਆ ਜਾਇਜ਼ਾ
ਕਿਸਾਨਾਂ ਨੂੰ ਝੋਨੇ ਦੀ ਖਰੀਦ, ਲਿਫਟਿੰਗ ਤੇ ਅਦਾਇਗੀ ਸਬੰਧੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ- ਖੁੱਡੀਆਂ

ਗਿੱਦੜਬਾਹਾ 27 ਅਕਤੂਬਰ ( ਬਿਊਰੋ, ਵਾਸ਼ਿਸ਼ਟ ) ਕੈਬਨਿਟ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਮਾਰਕਿਟ ਕਮੇਟੀ ਗਿੱਦੜਬਾਹਾ ਦੇ ਪਿੰਡ ਲਾਲਬਾਈ ਅਤੇ ਮਾਰਕਿਟ ਕਮੇਟੀ ਕਿੱਲਿਆਂਵਾਲੀ ਦੇ ਪਿੰਡ ਕੱਖਾਂਵਾਲੀ ਆਦਿ ਮੰਡੀਆਂ ਦਾ ਦੌਰਾ ਕਰਕੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਵੱਲੋਂ ਕਿਸਾਨਾਂ, ਅਧਿਕਾਰੀਆਂ ਨਾਲ ਖਰੀਦ ਪ੍ਰਬੰਧਾਂ ਬਾਰੇ ਗੱਲਬਾਤ ਕੀਤੀ ਗਈ।
ਉਨ੍ਹਾਂ ਇਸ ਮੌਕੇ ਕਿਹਾ ਕਿ ਕਿਸਾਨਾਂ ਨੂੰ ਝੋਨੇ ਦੀ ਖਰੀਦ, ਲਿਫਟਿੰਗ ਤੇ ਅਦਾਇਗੀ ਸਬੰਧੀ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਝੋਨੇ ਦੀ ਫਸਲ ਆਉਣ ਉਪਰੰਤ ਖਰੀਦ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ ਨੂੰ ਮਿੱਥੇ ਸਮੇਂ ਵਿੱਚ ਖਰੀਦ ਕੀਤੀ ਗਈ ਫਸਲ ਦੀ ਅਦਾਇਗੀ ਵੀ ਆਨਲਾਈਨ ਉਨ੍ਹਾਂ ਦੇ ਖਾਤਿਆਂ ਵਿੱਚ ਕੀਤੀ ਜਾ ਰਹੀ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦਾ ਇੱਕ-ਇੱਕ ਦਾਣਾ ਮੰਡੀਆਂ ਵਿੱਚੋਂ ਚੁੱਕਣ ਲਈ ਵਚਨਬੱਧ ਹੈ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ।
ਇਸ ਮੌਕੇ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਲਈ ਪੀਣ ਵਾਲੇ ਸਾਫ਼ ਪਾਣੀ ਦਾ ਪ੍ਰਬੰਧ, ਬਾਰਦਾਨੇ ਦਾ ਪ੍ਰਬੰਧ, ਸਾਫ਼-ਸਫਾਈ ਦਾ ਪ੍ਰਬੰਧ ਅਤੇ ਹੋਰ ਮੁੱਢਲੀਆਂ ਸਹੂਲਤਾਂ ਲਗਾਤਾਰ ਮੁਹੱਈਆ ਕਰਵਾਉਣੀਆਂ ਯਕੀਨੀ ਬਣਾਈਆਂ ਜਾਣ ਅਤੇ ਡਿਊਟੀ ਦੌਰਾਨ ਕੁਤਾਹੀ ਵਰਤਣ ਵਾਲੇ ਅਧਿਕਾਰੀਆਂ/ਕਰਮਚਾਰੀਆਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਇਸ ਮੌਕੇ ਏ.ਐਫ਼.ਐੱਸ.ਓ. ਗਿੱਦੜਬਾਹਾ ਰੁਪਿੰਦਰ ਸਿੰਘ ਧਾਲੀਵਾਲ, ਗੁਰਬਾਜ ਸਿੰਘ ਬਣਵਾਲਾ, ਤੇਜਪਾਲ ਸਿੰਘ ਟੋਜੀ ਲੰਬੀ, ਜੁਗਨੂ ਭੀਟੀਵਾਲਾ ਤੋਂ ਇਲਾਵਾ ਮੰਡੀ ਬੋਰਡ, ਮਾਰਕਿਟ ਕਮੇਟੀ ਅਤੇ ਖਰੀਦ ਏਜੰਸੀਆਂ ਦੇ ਅਧਿਕਾਰੀ, ਆੜ੍ਹਤੀ ਤੇ ਕਿਸਾਨ ਹਾਜ਼ਰ ਸਨ।



