ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਵੱਲੋਂ 4 ਨਵੰਬਰ ਨੂੰ ਹੋਣ ਵਾਲੇ ਲਾਈਟ ਐਂਡ ਸਾਊਂਡ ਸ਼ੋਅ ਵਿੱਚ ਜ਼ਿਲ੍ਹਾ ਵਾਸੀਆਂ ਨੂੰ ਵਧ ਚੜ੍ਹ ਕੇ ਸ਼ਾਮਲ ਹੋਣ ਦਾ ਸੱਦਾ
ਮਾਧੋਪੁਰ ਖੇਡ ਸਟੇਡੀਅਮ ਵਿਖੇ ਹੋਵੇਗਾ ਵਿਸ਼ਾਲ ਸਮਾਗਮ, ਦਾਖਲਾ ਹੋਵੇਗਾ ਮੁਫਤ

ਫਤਹਿਗੜ੍ਹ ਸਾਹਿਬ, 31 ਅਕਤੂਬਰ ( ਬਿਊਰੋ, ਵਾਸ਼ਿਸ਼ਟ ) ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ‘ਤੇ ਮਨਾਏ ਜਾ ਰਹੇ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਆਮ ਲੋਕਾਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਤੇ ਜੀਵਨ ਫਲਸਫੇ ਬਾਰੇ ਜਾਣਕਾਰੀ ਦੇਣ ਲਈ 4 ਨਵੰਬਰ ਨੂੰ ਮਾਧੋਪੁਰ ਖੇਡ ਸਟੇਡੀਅਮ ਸਰਹਿੰਦ ਵਿਖੇ ਲਾਈਟ ਐਂਡ ਸਾਊਂਡ ਸ਼ੋਅ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਸ ਸਮਾਗਮ ਦੀਆਂ ਤਿਆਰੀਆਂ ਸਬੰਧੀ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਾਂਝੀ ਕੀਤੀ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਪ੍ਰਬੰਧਨ ਹੇਠ ਕਰਵਾਏ ਜਾ ਰਹੇ ਇਸ ਸਮਾਗਮ ਵਿੱਚ ਲੋਕਾਂ ਨੂੰ ਸ਼ਾਮ 5.30 ਵਜੇ ਪਹੁੰਚਣ ਦੀ ਅਪੀਲ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਵਿੱਚ ਜ਼ਿਲ੍ਹੇ ਭਰ ਤੋਂ ਹਜ਼ਾਰਾਂ ਲੋਕ ਸ਼ਾਮਿਲ ਹੋਣਗੇ ਇਸ ਲਈ ਪ੍ਰਬੰਧਾਂ ਪੱਖੋਂ ਕਿਸੇ ਕਿਸਮ ਦੀ ਲਾਪਰਵਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਮਾਗਮ ਦੇ ਪ੍ਰਬੰਧਾਂ ਨੂੰ ਸਮੇਂ ਸਿਰ ਅਤੇ ਸਫਲਤਾ ਪੂਰਵਕ ਨੇਪਰੇ ਚੜਾਉਣ ਲਈ ਮੁੱਖ ਮੰਤਰੀ ਫੀਲਡ ਅਫਸਰ ਸ਼ੰਕਰ ਸ਼ਰਮਾ ਨੂੰ ਨੋਡਲ ਅਫ਼ਸਰ ਤਾਇਨਾਤ ਕੀਤਾ ਗਿਆ ਹੈ।
ਇਸ ਸਮਾਗਮ ਵਿੱਚ ਜ਼ਿਲ੍ਹਾ ਨਿਵਾਸੀਆਂ ਨੂੰ ਵਧ ਚੜ੍ਹ ਕੇ ਸ਼ਾਮਲ ਹੋਣ ਦਾ ਸੱਦਾ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸੰਦੇਸ਼, ਜੀਵਨ ਤੇ ਫਲਸਫਾ ਕੁੱਲ ਲੋਕਾਈ ਤੱਕ ਪਹੁੰਚਾਉਣ ਲਈ ਕੀਤੇ ਅਹਿਮ ਉਪਰਾਲਿਆਂ ਦੀ ਕੜੀ ਵਜੋਂ ਜੀਵਨ ਨੂੰ ਅਧਿਆਤਮਕਤਾ ਨਾਲ ਜੋੜਨ ਵਾਲੇ ਇਸ ਸਮਾਗਮ ਵਿੱਚ ਦਾਖਲਾ ਮੁਫ਼ਤ ਹੋਵੇਗਾ। ਉਨ੍ਹਾਂ ਨੇ ਅਧਿਕਾਰੀਆਂ ਨੂੰ ਸੁਖਾਵੇ ਆਵਾਜਾਈ ਪ੍ਰਬੰਧਾਂ, ਸੁਰੱਖਿਆ ਵਿਵਸਥਾ, ਵਾਹਨਾਂ ਦੀ ਪਾਰਕਿੰਗ, ਸਾਫ ਸਫਾਈ, ਮੈਡੀਕਲ ਸੁਵਿਧਾ ਸਮੇਤ ਹੋਰ ਸਹੂਲਤਾਂ ਨੂੰ ਯਕੀਨੀ ਬਣਾਉਣ ਦੀ ਹਦਾਇਤ ਕੀਤੀ।

ਇਸ ਮੌਕੇ ਉਪ ਮੰਡਲ ਮੈਜਿਸਟਰੇਟ ਅਰਵਿੰਦ ਗੁਪਤਾ, ਉਪ ਮੰਡਲ ਮੈਜਿਸਟਰੇਟ ਅਮਲੋਹ ਚੇਤਨ ਬੰਗੜ, ਉਪ ਮੰਡਲ ਮੈਜਿਸਟਰੇਟ ਬਸੀ ਪਠਾਣਾ ਹਰਵੀਰ ਕੌਰ, ਉਪ ਮੰਡਲ ਮੈਜਿਸਟਰੇਟ ਖਮਾਣੋਂ ਮਨਰੀਤ ਰਾਣਾ, ਐਸ ਪੀ ਰਾਕੇਸ਼ ਯਾਦਵ, ਡੀ ਐਸ ਪੀ ਹਰਤੇਸ਼ ਕੌਸ਼ਿਕ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।




