ਪਰਾਲੀ ਨਾ ਸਾੜਨ ਵਾਲੇ ਕਿਸਾਨ ਵਾਤਾਵਰਣ ਦੇ ਰੱਖਵਾਲੇ , ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਦਿੱਤੀ ਹੱਲਾਸ਼ੇਰੀ
ਹੋਰ ਕਿਸਾਨਾਂ ਨੂੰ ਵੀ ਪ੍ਰੇਰਿਤ ਹੋਣ ਦੀ ਅਪੀਲ, ਪ੍ਰਸ਼ਾਸਨ ਕਰੇਗਾ ਮਸ਼ੀਨਰੀ ਦੀ ਸਹੂਲਤ ਉਪਲਬਧ

ਅਮਰਗੜ੍ਹ 3 ਨਵੰਬਰ ( ਬਿਊਰੋ, ਵਾਸ਼ਿਸ਼ਟ, ਦਲਜਿੰਦਰ ਸਿੰਘ ਚੀਮਾਂ ) ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਅਤੇ ਐਸ.ਐਸ.ਪੀ. ਗਗਨ ਅਜੀਤ ਸਿੰਘ ਨੇ ਮਾਲੇਰਕੋਟਲਾ ਜ਼ਿਲ੍ਹੇ ‘ਚ ਪਰਾਲੀ ਨੂੰ ਸਾੜਨ ਤੋਂ ਬਿਨ੍ਹਾਂ ਸੰਭਾਲਣ ਲਈ ਅੱਗੇ ਆਏ ਕਿਸਾਨਾਂ ਨੂੰ ਹੱਲਾਸ਼ੇਰੀ ਦੇਣ ਲਈ ਜ਼ਿਲ੍ਹੇ ਦੇ ਪਿੰਡ ਬਨਭੌਰਾ,ਸਪੁਰਨਗੜ੍ਹ ਅਤੇ ਬੁਰਜ ਬਗੇਲ ਸਿੰਘ ਵਾਲਾ ਪੁਜੇ । ਬਿਨ੍ਹਾਂ ਅੱਗ ਲਗਾਏ ਪਰਾਲੀ ਨੂੰ ਸੰਭਾਲਣ ਵਾਲੇ ਕਿਸਾਨਾਂ ਦੀ ਪ੍ਰਸੰਸਾ ਕਰਦਿਆ ਉਨ੍ਹਾਂ ਕਿਹਾ ਕਿ ਹੋਰ ਕਿਸਾਨ ਵੀ ਵਾਤਾਵਰਣ ਬਚਾਉਣ ਅਤੇ ਪਰਾਲੀ ਨੂੰ ਬਿਨ੍ਹਾਂ ਅੱਗ ਲਾਏ ਸੰਭਾਲਣ ਲਈ ਅੱਗੇ ਆਉਣ ਅਤੇ ਅਜਿਹੇ ਕਿਸਾਨਾਂ ਨੂੰ ਲੋੜੀਂਦੀ ਮਸ਼ੀਨਰੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੁਹੱਈਆ ਕਰਵਾਈ ਜਾਵੇਗੀ, ਜਿਸ ਲਈ ਕਿਸਾਨ ਲੋੜੀਂਦੀ ਮਸ਼ੀਨਰੀ ਹੈਪੀ ਸੀਡਰ, ਸੁਪਰ ਸੀਡਰ ਤੇ ਸਰਫ਼ੇਸ ਸੀਡਰ ਆਦਿ ਲੈਣ ਲਈ ਮੁੱਖ ਖੇਤੀਬਾੜੀ ਅਫ਼ਸਰ , ਕਲਸਟਰ ਅਫ਼ਸਰ ਜਾਂ ਆਪਣੇ ਇਲਾਕੇ ਦੇ ਖੇਤੀਬਾੜੀ ਵਿਕਾਸ ਨੂੰ ਸੰਪਰਕ ਕੀਤਾ ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਾਣਯੋਗ ਸੁਪਰੀਮ ਕੋਰਟ ਦੇ ਆਦੇਸ਼ਾਂ ਤੇ ਹਵਾ ਗੁਣਵੱਤਾ ਮੋਨੀਟਰਿੰਗ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਪਰਾਲੀ ਸਾੜਨ ’ਤੇ ਪੂਰੀ ਤਰ੍ਹਾਂ ਪਾਬੰਦੀ ਹੈ ਅਤੇ ਇਸ ਸੰਬੰਧੀ ਜ਼ਿਲ੍ਹਾ ਪ੍ਰਸ਼ਾਸਨ ਲਗਾਤਾਰ ਫੀਲਡ ’ਚ ਨਿਗਰਾਨੀ ਕਰ ਰਿਹਾ ਹੈ। ਸਾਰੇ ਏ.ਡੀ.ਸੀ., ਐਸ.ਡੀ.ਐਮ., ਡੀ.ਐਸ.ਪੀ. ਅਤੇ ਹੋਰ ਵਿਭਾਗਾਂ ਦੀਆਂ ਟੀਮਾਂ ਵੱਲੋਂ ਪਿੰਡਾਂ ’ਚ ਕਿਸਾਨਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ, ਜਦਕਿ ਕਲਸਟਰ ਅਤੇ ਨੋਡਲ ਅਧਿਕਾਰੀ ਪੱਧਰ ’ਤੇ ਤਾਇਨਾਤ ਕੀਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਫਸਲੀ ਰਹਿੰਦ-ਖੂੰਹਦ ਦੇ ਉਚਿੱਤ ਪ੍ਰਬੰਧਨ ਲਈ ਮਸ਼ੀਨਰੀ ਦੀ ਕੋਈ ਕਮੀ ਨਹੀਂ ਹੈ। ਜ਼ਿਲ੍ਹੇ ਵਿੱਚ ਇਨ-ਸੀਟੂ ਅਤੇ ਐਕਸ-ਸੀਟੂ ਮਿਲਾ ਕੇ ਕੁੱਲ 1378 ਮਸ਼ੀਨਾਂ ਉਪਲਬਧ ਹਨ, ਜਿਨ੍ਹਾਂ ਵਿੱਚੋਂ 1292 ਇਨ-ਸੀਟੂ ਅਤੇ 86 ਐਕਸ-ਸੀਟੂ ਮਸ਼ੀਨਾਂ ਹਨ। ਇਸ ਤੋਂ ਇਲਾਵਾ, 49 ਸਹਿਕਾਰੀ ਸਭਾਵਾਂ ਕਾਰਜਸ਼ੀਲ ਹਨ, ਜਿਨ੍ਹਾਂ ਕੋਲ ਪਰਾਲੀ ਪ੍ਰਬੰਧਨ ਲਈ 290 ਆਧੁਨਿਕ ਮਸ਼ੀਨਾਂ ਮੌਜੂਦ ਹਨ। ਇਹ ਮਸ਼ੀਨਾਂ ਖਾਸ ਤੌਰ ‘ਤੇ 5 ਏਕੜ ਤੱਕ ਦੀ ਜ਼ਮੀਨ ਵਾਲੇ ਕਿਸਾਨਾਂ ਨੂੰ ਘੱਟ ਰਿਆਇਤੀ ਦਰਾਂ ’ਤੇ ਦਿੱਤੀਆਂ ਜਾ ਰਹੀਆਂ ਹਨ ਤਾਂ ਜੋ ਉਹ ਬਿਨਾਂ ਅੱਗ ਲਗਾਏ ਪਰਾਲੀ ਦੀ ਸੰਭਾਲ ਕਰ ਸਕਣ।ਇਨ੍ਹਾਂ ਮਸ਼ੀਨਾਂ ਵਿੱਚ ਹੈਪੀ ਸੀਡਰ, ਪੈਡੀ ਸਟਰਾਅ ਚੌਪਰ, ਮਲਚਰ, ਆਰ.ਐਮ.ਬੀ. ਪਲਾਓ, ਜੀਰੋ ਟਿੱਲ ਡਰਿੱਲ, ਸੁਪਰ ਐਸ.ਐਮ.ਐਸ., ਟਰੈਕਟਰ, ਸੁਪਰ ਸੀਡਰ, ਸਮਾਰਟ ਸੀਡਰ, ਨਮੀ ਮੀਟਰ, ਬੇਲਰ, ਰੇਕ, ਸ਼ਰੱਬ ਮਾਸਟਰ, ਕ੍ਰੋਪ ਰੀਪਰ ਅਤੇ ਸਰਫੇਸ ਸੀਡਰ ਸ਼ਾਮਿਲ ਹਨ।

ਇਸ ਮੌਕੇ ਐਸ.ਐਸ.ਪੀ. ਮਾਲੇਰਕੋਟਲਾ ਨੇ ਕਿਹਾ ਕਿ ਜਿਹੜੇ ਕਿਸਾਨ ਪਰਾਲੀ ਨੂੰ ਅੱਗ ਲਗਾਏ ਬਿਨ੍ਹਾਂ ਸੰਭਾਲ ਰਹੇ ਹਨ, ਉਹ ਨਾ ਸਿਰਫ਼ ਵਾਤਾਵਰਣ ਸੁਰੱਖਿਆ ਲਈ ਯੋਗਦਾਨ ਪਾ ਰਹੇ ਹਨ, ਸਗੋਂ ਸਮਾਜ ਲਈ ਪ੍ਰੇਰਣਾ ਦਾ ਸਰੋਤ ਵੀ ਹਨ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜਿਹੜੇ ਕਿਸਾਨ ਅੱਗ ਲਗਾਉਣ ਦੀ ਉਲੰਘਣਾ ਕਰਦੇ ਪਾਏ ਜਾਣਗੇ, ਉਨ੍ਹਾਂ ਖਿਲਾਫ਼ ਮਾਣਯੋਗ ਅਦਾਲਤ ਦੇ ਨਿਰਦੇਸ਼ਾਂ ਅਨੁਸਾਰ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਐਸ.ਐਸ.ਪੀ. ਨੇ ਕਿਹਾ ਕਿ ਪੁਲਿਸ ਅਤੇ ਪ੍ਰਸ਼ਾਸਨ ਸਾਂਝੇ ਤੌਰ ’ਤੇ ਪਰਾਲੀ ਸਾੜਨ ਨੂੰ ਪੂਰੀ ਤਰ੍ਹਾਂ ਰੋਕਣ ਲਈ ਵਚਨਬੱਧ ਹਨ । ਇਸ ਮੌਕੇ ਐਸ.ਡੀ.ਐਮ ਅਮਰਗੜ੍ਹ ਸੁਰਿੰਦਰ ਕੌਰ, ਡੀ.ਐਸ.ਪੀ ਅਮਰਗੜ੍ਹ ਸੰਜੀਵ ਕਪੂਰ, ਖੇਤੀਬਾੜੀ ਵਿਕਾਸ ਅਫਸਰ ਲਾਜਿੰਦਰ ਸਿੰਘ ਵੀ ਮੌਜੂਦ ਸਨ।#CMbhagwantsinghmann #Loksampark #highlight #MLA #punjabinewspapernewsvarta #newsvartapunjabinewspaper #dc #DPRO #ministerofpunjab #PunjabiNews #publicrelations #mycitymynews #MemberoftheParliament #government #ਪੰਜਾਬ_ਸਰਕਾਰ #newsvartacurrentnews #currentnews #PunjabNews #malerkotla #latestupdates #latestnewsupdate #iasofficer #ipsofficer




