ਗਣਤੰਤਰ ਦਿਵਸ , ਫੁੱਲ ਡਰੈਸ ਰਿਹਰਸਲ ਦਾ ਡਿਪਟੀ ਕਮਿਸ਼ਨਰ ਨੇ ਲਿਆ ਜਾਇਜ਼ਾ
ਭਲਕੇ ਕੈਬਨਿਟ ਮੰਤਰੀ,ਪੰਜਾਬ ਲਾਲ ਚੰਦ ਡਾ. ਜਾਕਿਰ ਹੁਸੈਨ ਸਟੇਡੀਅਮ ਵਿਖੇ ਲਹਿਰਾਉਣਗੇ ਤਿਰੰਗਾ

ਮਾਲੇਰਕੋਟਲਾ 25 ਜਨਵਰੀ ( ਵਾਸ਼ਿਸ਼ਟ ) 26 ਜਨਵਰੀ ਨੂੰ ਦੇਸ਼ ਦੇ 77ਵੇਂ ਗਣਤੰਤਰ ਦਿਵਸ ਮੌਕੇ ਸਥਾਨਕ ਡਾ. ਜਾਕਿਰ ਹੁਸੈਨ ਸਟੇਡੀਅਮ ਵਿਖੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਖੁਰਾਕ,ਸਿਵਲ ਸਪਲਾਈਜ ਤੇ ਖਪਤਕਾਰ ਮਾਮਲੇ,ਜੰਗਲਾਤ ਅਤੇ ਜੰਗਲੀ ਜੀਵ ਮੰਤਰੀ ਪੰਜਾਬ ਲਾਲ ਚੰਦ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ।

ਇਹ ਜਾਣਕਾਰੀ ਮਾਲੇਰਕੋਟਲਾ ਦੇ ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਨੇ ਐਸ.ਐਸ.ਪੀ. ਗਗਨ ਅਜੀਤ ਸਿੰਘ ਸਮੇਤ ਇਸ ਸਮਾਗਮ ਦੀ ਫੁੱਲ ਡਰੈਸ ਰਿਹਰਸਲ ਦਾ ਜਾਇਜ਼ਾ ਲੈਣ ਉਪਰੰਤ ਦਿੱਤੀ। ਉਨ੍ਹਾਂ ਦੱਸਿਆ ਕਿ ਕੈਬਨਿਟ ਮੰਤਰੀ ਲਾਲ ਚੰਦ ਇਸ ਮੌਕੇ ਕੌਮੀ ਝੰਡਾ ਲਹਿਰਾਉਣ ਉਪਰੰਤ ਪਰੇਡ ਦਾ ਨਿਰੀਖਣ ਕਰਨਗੇ ਅਤੇ ਪੰਜਾਬ ਵਾਸੀਆਂ ਦੇ ਨਾਮ ਆਪਣਾ ਸੰਦੇਸ਼ ਦੇਣਗੇ। ਇਸ ਉਪਰੰਤ ਕੈਬਨਿਟ ਮੰਤਰੀ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਵੀ ਲੈਣਗੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਪਰੇਡ ਵਿੱਚ 10 ਟੁਕੜੀਆਂ ਹਿੱਸਾ ਲੈਣਗੀਆਂ ਜਿਹਨਾਂ ਵਿਚੋਂ ਪੰਜਾਬ ਪੁਲਿਸ ਦੀਆਂ 03 ਟੁਕੜੀਆਂ ਸ਼ਾਮਲ ਹਨ, ਜਿਹਨਾਂ ਵਿੱਚ 01 ਟੁਕੜੀ ਪੰਜਾਬ ਪੁਲਿਸ ਪੁਰਸ਼ਾਂ ਦੀ, 01 ਟੁਕੜੀ ਮਹਿਲਾ ਪੁਲਿਸ ਦੀ, 01 ਟੁਕੜੀ ਹੋਮ ਗਾਰਡਜ਼ ਜਵਾਨ, 01 ਟੁਕੜੀ ਐਨ.ਸੀ.ਸੀ. ਵਿੰਗ,

01 ਟੁਕੜੀ ਐਸ.ਪੀ.ਸੀ. ਕੈਡਿਟ (ਮੁੰਡੇ) ਅਤੇ 01 ਐਸ.ਪੀ.ਸੀ. ਕੈਡਿਟ(ਲੜਕੀਆਂ) ਦੀ ਹੈ। ਇਸ ਦੇ ਨਾਲ ਹੀ ਸੋਹਰਾਬ ਪਬਲਿਕ ਸਕੂਲ ਮਾਲੇਰਕੋਟਲਾ ਦੇ ਬੈਂਡ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਅਤੇ ਸਰਵਹਿੱਤਕਾਰੀ ਵਿੱਦਿਆ ਮੰਦਿਰ ਸਕੂਲ ਤੋਂ ਇਲਾਵਾ ਪੰਜਾਬ ਪੁਲਿਸ ਵੱਲ਼ੋਂ ਤਿਆਰ ਕੀਤਾ ਬੈਂਡ ਸ਼ਾਮਲ ਹੋਵੇਗਾ।

ਪਰੇਡ ਦੀ ਅਗਵਾਈ ਪਰੇਡ ਕਮਾਂਡਰ ਡੀ.ਐਸ.ਪੀ. ਮਾਨਵਜੀਤ ਸਿੰਘ ਕਰਨਗੇ। ਉਨ੍ਹਾਂ ਦੱਸਿਆ ਕਿ ਮਾਰਚ ਪਾਸਟ ਤੋਂ ਬਾਅਦ ਵੱਖ-ਵੱਖ ਵਿਭਾਗਾਂ ਵੱਲੋਂ ਵਿਕਾਸ ਕਾਰਜਾਂ ਨੂੰ ਦਰਸਾਉਂਦੀਆਂ ਝਾਕੀਆਂ ਕੱਢੀਆਂ ਜਾਣਗੀਆਂ ਅਤੇ ਸਕੂਲੀ ਬੱਚਿਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਇਸ ਸੱਭਿਆਚਾਰਕ ਪ੍ਰੋਗਰਾਮ ਵਿੱਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਇਸਲਾਮੀਆਂ ਸੀਨੀਅਰ ਸੈਕੰਡਰੀ ਸਕੂਲ (ਲੜਕੇ),ਹੋਮ ਫਾਰ ਬਲਾਇੰਡ ਸਕੂਲ, ਅਲ ਫਲਾਹ ਪਬਲਿਕ ਸਕੂਲ, ਸਾਹਿਬਜ਼ਾਦਾ ਫਤਿਹ ਸਿੰਘ ਪਬਲਿਕ ਸਕੂਲ ਅਤੇ ਸੀਤਾ ਗਰਾਮਰ ਸਕੂਲ ਦੇ ਵਿਦਿਆਰਥੀਆਂ ਵੱਲੋਂ ਪੇਸ਼ਕਾਰੀ ਕੀਤੀ ਜਾਵੇਗੀ।

ਸੀਨੀਅਰ ਸੈਕੰਡਰੀ ਸਕੂਲ, ਗੁਆਰਾ, ਮੰਨਵੀ, ਲਸੋਈ, ਖਾਨਪੁਰ ਅਤੇ ਭੁਰਥਲਾ ਮੰਡੇਰ ਦੇ ਵਿਦਿਆਰਥੀ ਭੰਗੜਾ ਪੇਸ਼ ਕਰਨਗੇ ਅਤੇ ਸਰਕਾਰੀ ਕੰਨਿਆ ਸੀਨੀਅਰ ਸਕੂਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਥਨ ਅਤੇ ਭੋਗੀਵਾਲ ਦੀਆਂ ਵਿਦਿਆਰਥਣਾਂ ਲੋਕ ਨਾਚ ਗਿੱਧੇ ਦੀ ਪੇਸ਼ਕਾਰੀ ਕਰਨਗੀਆਂ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਮੌਕੇ ਕੈਬਨਿਟ ਮੰਤਰੀ ਆਜ਼ਾਦੀ ਘੁਲਾਟੀਆਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕਰਨਗੇ ਤੇ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਦੀ ਵੰਡ ਕਰਨਗੇ। ਇਸ ਮੌਕੇ ਵੱਖ-ਵੱਖ ਖੇਤਰਾਂ ਵਿੱਚ ਸਲਾਂਘਾਯੋਗ ਕੰਮ ਕਰਨ ਵਾਲੀਆਂ ਸ਼ਖ਼ਸੀਅਤਾਂ ਦਾ ਵੀ ਸਨਮਾਨ ਕੀਤਾ ਜਾਵੇਗਾ। ਸਮਾਰੋਹ ਦੇ ਅਖੀਰ ਵਿੱਚ ਰਾਸ਼ਟਰੀ ਗਾਣ ਹੋਵੇਗਾ।

ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ ਨੇ ਇਸ ਮੌਕੇ ਸਮਾਗਮ ਦੇ ਪ੍ਰਬੰਧਾਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਦੱਸਿਆ ਕਿ ਇਸ ਸਾਰੇ ਸਮਾਗਮ ਨੂੰ ਸਫ਼ਲਤਾਪੂਰਵਕ ਨੇਪਰੇ ਚੜਾਉਣ ਲਈ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਇਸ ਮੌਕੇ ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਇਸ ਰਾਜ ਪੱਧਰੀ ਸਮਾਗਮ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ।

ਇਸੇ ਦੌਰਾਨ ਐਸ.ਐਸ.ਪੀ. ਗਗਨ ਅਜੀਤ ਸਿੰਘ ਨੇ ਦੱਸਿਆ ਕਿ ਗਣਤੰਤਰ ਦਿਵਸ ਦੇ ਸਮਾਗਮਾਂ ਲਈ ਸੁਰੱਖਿਆ ਦੇ ਪੁਖ਼ਤਾ ਇੰਤਜਾਮ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਐਸ.ਪੀਜ਼ ਅਤੇ ਡੀ.ਐਸ.ਪੀਜ਼ ਸੁਰੱਖਿਆ ਪੱਖੋਂ ਨਿਗਰਾਨੀ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਸੁਚਾਰੂ ਢੰਗ ਨਾਲ ਟ੍ਰੈਫਿਕ ਪ੍ਰਬੰਧ ਵੀ ਯਕੀਨੀ ਬਣਾਏ ਗਏ ਹਨ, ਤਾਂ ਜੋ ਕਿਸੇ ਵੀ ਵਿਅਕਤੀ ਨੂੰ ਕੋਈ ਦਿਕੱਤ ਦਾ ਸਾਹਮਣਾ ਨਾ ਕਰਨਾ ਪਵੇ । ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਿੰਪੀ ਗਰਗ,ਐਸ.ਡੀ.ਐਮ.ਗੁਰਮੀਤ ਕੁਮਾਰ ਬਾਂਸਲ ,ਜ਼ਿਲ੍ਹਾ ਮਾਲ ਅਫ਼ਸਰ ਮਨਦੀਪ ਕੌਰ ਤੋਂ ਇਲਾਵਾਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ ।




