Uncategorized

ਸਾਡੇ ਬਜ਼ੁਰਗ, ਸਾਡਾ ਮਾਣ” ਮੁਹਿੰਮ ਤਹਿਤ ਬਜ਼ੁਰਗਾਂ ਦੀ ਸਿਹਤ, ਸੁਰੱਖਿਆ ਅਤੇ ਸਨਮਾਨ ਲਈ ਵਿਸਤ੍ਰਿਤ ਯੋਜਨਾ ਤਿਆਰ

ਬਜ਼ੁਰਗਾਂ ਲਈ ਵਿਸ਼ੇਸ਼ ਮੈਗਾ ਸਿਹਤ ਜਾਂਚ ਕੈਂਪਾਂ ਦਾ ਆਯੋਜਨ ਕੀਤਾ ਜਾਵੇਗਾ

ਮਾਲੇਰਕੋਟਲਾ, 30 ਜਨਵਰੀ ( ਸੂਤਰ ) ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਭਲਾਈ, ਸੁਰੱਖਿਆ ਅਤੇ ਸਨਮਾਨ ਨੂੰ ਯਕੀਨੀ ਬਣਾਉਣ ਲਈ ਆਰੰਭੀ ਗਈ “ਸਾਡੇ ਬਜ਼ੁਰਗ, ਸਾਡਾ ਮਾਣ” ਮੁਹਿੰਮ ਤਹਿਤ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਦੀ ਪ੍ਰਭਾਵਸ਼ਾਲੀ ਅਮਲਵਾਰੀ ਨੂੰ ਲੈ ਕੇ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਵੱਲੋਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਇਕ ਅਹਿਮ ਸਮੀਖਿਆ ਮੀਟਿੰਗ ਕੀਤੀ ਗਈ । ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਡਾ. ਲਵਲੀਨ ਬੜਿੰਗ , ਸਹਾਇਕ ਸਿਵਲ ਸਰਜਨ ਡਾ. ਸਜੀਲਾ ਖ਼ਾਨ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਨੁਮਾਇੰਦੇ ਅਤੇ ਅਧਿਕਾਰੀ ਮੌਜੂਦ ਸਨ ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁਹਿੰਮ ਦੇ ਤਹਿਤ ਬਜ਼ੁਰਗਾਂ ਦੀ ਸਿਹਤ ਅਤੇ ਸਮੂਹਕ ਭਲਾਈ ਲਈ ਹੋਲਿਸਟਿਕ ਵੈਲ-ਬੀਇੰਗ ਅਤੇ ਵਿਸ਼ੇਸ਼ ਮੈਗਾ ਸਿਹਤ ਜਾਂਚ ਕੈਂਪਾਂ ਦਾ ਆਯੋਜਨ ਕੀਤਾ ਜਾਵੇਗਾ। ਇਨ੍ਹਾਂ ਕੈਂਪਾਂ ਵਿੱਚ ਬਲੱਡ ਪ੍ਰੈਸ਼ਰ, ਸ਼ੂਗਰ, ਵਜ਼ਨ ਆਦਿ ਦੀ ਜਾਂਚ ਦੇ ਨਾਲ-ਨਾਲ ਤਜਰਬੇਕਾਰ ਡਾਕਟਰਾਂ ਵੱਲੋਂ ਜ਼ਰੂਰੀ ਸਿਹਤ ਸਲਾਹ ਵੀ ਦਿੱਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਬਜ਼ੁਰਗਾਂ ਦੀ ਨਜ਼ਰ ਸੰਭਾਲ ਨੂੰ ਧਿਆਨ ਵਿੱਚ ਰੱਖਦਿਆਂ ਅੱਖਾਂ ਦੀ ਜਾਂਚ ਕਰਕੇ ਲੋੜਵੰਦ ਮਰੀਜ਼ਾਂ ਨੂੰ ਮੋਤੀਆਬਿੰਦ (ਕੈਟਰੈਕਟ) ਸਰਜਰੀ ਲਈ ਸਕ੍ਰੀਨਿੰਗ ਅਤੇ ਰੈਫਰਲ ਸਹੂਲਤ ਮੁਹੱਈਆ ਕਰਵਾਈ ਜਾਵੇਗੀ, ਤਾਂ ਜੋ ਉਨ੍ਹਾਂ ਨੂੰ ਸਮੇਂ ਸਿਰ ਇਲਾਜ ਮਿਲ ਸਕੇ।

ਡਿਪਟੀ ਕਮਿਸ਼ਨਰ ਨੇ ਹੋਰ ਦੱਸਿਆ ਕਿ Productive & Traditional Ageing ਦੇ ਅਸੂਲਾਂ ਅਨੁਸਾਰ ਬਜ਼ੁਰਗਾਂ ਨੂੰ ਸਮਾਜ ਨਾਲ ਸਰਗਰਮ ਤੌਰ ’ਤੇ ਜੋੜਨ ਲਈ ਨਿਯਮਿਤ ਯੋਗਾ ਸੈਸ਼ਨ, ਨਾਲ ਹੀ ਕਾਈਨੇਟਿਕ ਮਾਨਸਿਕ ਕੌਸ਼ਲ ਵਿਕਾਸ ਗਤੀਵਿਧੀਆਂ (ਯਾਦਦਾਸ਼ਤ, ਧਿਆਨ ਕੇਂਦਰਿਤ ਕਰਨ ਅਤੇ ਮਾਨਸਿਕ ਚੁਸਤਤਾ ਵਧਾਉਣ ਲਈ) ਕਰਵਾਈਆਂ ਜਾਣਗੀਆਂ। ਇਸ ਤੋਂ ਇਲਾਵਾ, ਨਵੀਂ ਪੀੜ੍ਹੀ ਵਿੱਚ ਬਜ਼ੁਰਗਾਂ ਪ੍ਰਤੀ ਸਨਮਾਨ ਦੀ ਭਾਵਨਾ ਪੈਦਾ ਕਰਨ ਲਈ ਸਕੂਲੀ ਵਿਦਿਆਰਥੀਆਂ ਲਈ “ਸਾਡੇ ਬਜ਼ੁਰਗ, ਸਾਡਾ ਮਾਣ” ਵਿਸ਼ੇ ’ਤੇ ਲੇਖ ਅਤੇ ਪੇਂਟਿੰਗ ਮੁਕਾਬਲੇ ਵੀ ਆਯੋਜਿਤ ਕੀਤੇ ਜਾਣਗੇ।

ਡਿਪਟੀ ਕਮਿਸ਼ਨਰ ਨੇ ਸਾਰੇ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਮੁਹਿੰਮ ਨੂੰ ਜ਼ਮੀਨੀ ਪੱਧਰ ’ਤੇ ਸਫਲ ਬਣਾਉਣ ਲਈ ਆਪਸੀ ਸਹਿਯੋਗ ਨਾਲ ਕੰਮ ਕੀਤਾ ਜਾਵੇ, ਤਾਂ ਜੋ ਬਜ਼ੁਰਗਾਂ ਨੂੰ ਸਿਹਤਮੰਦ, ਸੁਰੱਖਿਅਤ ਅਤੇ ਸਨਮਾਨਤ ਜੀਵਨ ਪ੍ਰਦਾਨ ਕੀਤਾ ਜਾ ਸਕੇ।

Related Articles

Leave a Reply

Your email address will not be published. Required fields are marked *

Back to top button
error: Content is protected !!