Uncategorized

ਖੰਨਾ ਹਲਕੇ ਵਿੱਚ 6.96 ਕਰੋੜ ਰੁਪਏ ਦੇ ਸੜਕ ਵਿਕਾਸ ਕਾਰਜਾਂ ਦੀ ਸ਼ੁਰੂਆਤ, ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਨੀਂਹ ਪੱਥਰ ਰੱਖੇ

31 ਮਾਰਚ 2026 ਤੱਕ ਮੁਕੰਮਲ ਹੋਣਗੇ ਇਹ ਸੜਕ ਵਿਕਾਸ ਕਾਰਜ: ਤਰੁਨਪ੍ਰੀਤ ਸਿੰਘ ਸੌਂਦ

ਖੰਨਾ 23 ਜਨਵਰੀ ( ਸੂਤਰ ) ਹਲਕਾ ਖੰਨਾ ਦੇ ਵਿਧਾਇਕ ਅਤੇ ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਕਿਰਤ, ਪ੍ਰਾਹੁਣਚਾਰੀ ਅਤੇ ਪੇਂਡੂ ਵਿਕਾਸ ਤੇ ਪੰਚਾਇਤਾਂ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਹਲਕਾ ਖੰਨਾ ਅੰਦਰ ਕੁੱਲ 6.96 ਕਰੋੜ ਰੁਪਏ ਦੀ ਲਾਗਤ ਨਾਲ ਵੱਖ-ਵੱਖ ਪਿੰਡਾਂ ਦੀਆਂ ਲਿੰਕ ਸੜਕਾਂ ਦੀ ਮੁਰੰਮਤ ਕਰਨ, ਚੌੜਾ ਕਰਨ ਅਤੇ ਇੰਟਰ ਲਾਕ ਟਾਈਲ ਲਗਾਉਣ ਦੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ।

ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹਨਾਂ ਵਿੱਚ 4.17 ਕਰੋੜ ਰੁਪਏ ਦੀ ਲਾਗਤ ਨਾਲ ਖੰਨਾ ਤੋਂ ਖੇੜੀ ਨੌਧ ਸਿੰਘ ਰੋਡ ਦੀ ਲੰਬਾਈ 5.61 ਕਿਲੋਮੀਟਰ ਦੀ ਮੁਰੰਮਤ ਕਰਨ ਜਿਸ ਵਿੱਚ ਖੰਨਾ ਤੋਂ ਲਲਹੇੜੀ ਚੌਂਕ ਤੱਕ 1.5 ਕਿਲੋਮੀਟਰ ਇੰਟਰ ਲਾਕ ਟਾਈਲ ਲਗਾਉਣ ਅਤੇ 2.79 ਕਰੋੜ ਰੁਪਏ ਦੀ ਲਾਗਤ ਨਾਲ ਰਤਨਹੇੜੀ ਤੋਂ ਭਾਦਲਾ ਨੀਚਾ 4 ਕਿਲੋਮੀਟਰ ਲੰਬੀ ਸੜਕ ਨੂੰ 10 ਤੋਂ 18 ਫੁੱਟ ਚੌੜਾ ਕਰਨ ਦੇ ਕੰਮ ਸ਼ਾਮਲ ਹਨ।

ਉਨ੍ਹਾਂ ਕਿਹਾ ਕਿ ਇਨ੍ਹਾਂ ਸੜ੍ਹਕਾਂ ਦਾ ਕੰਮ 31 ਮਾਰਚ, 2026 ਤੱਕ ਮੁਕੰਮਲ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸਾਰਾ ਕੰਮ ਨਿਰਧਾਰਤ ਮਿਆਰਾਂ ਅਨੁਸਾਰ ਕੀਤਾ ਜਾਵੇਗਾ ਅਤੇ ਸੜਕਾਂ ਦੀ ਲੰਬੇ ਸਮੇਂ ਤੱਕ ਮਜ਼ਬੂਤੀ ਯਕੀਨੀ ਬਣਾਈ ਜਾਵੇਗੀ।

ਪਿੰਡਾਂ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਜ਼ਮੀਨੀ ਪੱਧਰ ‘ਤੇ ਲੋਕਾਂ ਨਾਲ ਗੱਲਬਾਤ ਦੀ ਆਪਣੀ ਮੁਹਿੰਮ ਨੂੰ ਜਾਰੀ ਰੱਖਦਿਆਂ ਪੰਜਾਬ ਦੇ ਪੰਚਾਇਤ ਮੰਤਰੀ ਸੌਂਦ ਨੇ ਅੱਜ ਇਥੇ ਕਿਹਾ ਕਿ ਇਸ ਕਦਮ ਦਾ ਉਦੇਸ਼ ਪਿੰਡਾਂ ਲਈ ਸ਼ਹਿਰਾਂ ਦੇ ਬਰਾਬਰ ਵਿਸ਼ਵ ਪੱਧਰੀ ਨਾਗਰਿਕ ਸਹੂਲਤਾਂ ਯਕੀਨੀ ਬਣਾਉਣਾ ਹੈ।

ਸਮਾਗਮ ਦੌਰਾਨ ਤਾੜੀਆਂ ਦੀ ਗੂੰਜ ਵਿੱਚ ਲੋਕਾਂ ਨਾਲ ਗੱਲਬਾਤ ਕਰਦਿਆਂ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪਿੰਡਾਂ ਦਾ ਸੰਪੂਰਨ ਵਿਕਾਸ ਸਮੇਂ ਦੀ ਲੋੜ ਹੈ ਤਾਂ ਜੋ ਸੂਬੇ ਦੇ ਸਰਬਪੱਖੀ ਵਿਕਾਸ ਨੂੰ ਹੋਰ ਹੁਲਾਰਾ ਦਿੱਤਾ ਜਾ ਸਕੇ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਪਹਿਲਾਂ ਹੀ ਜਨਤਕ ਭਲਾਈ ਨੂੰ ਯਕੀਨੀ ਬਣਾਉਣ ਅਤੇ ਪਿੰਡਾਂ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਵਿਸ਼ਾਲ ਕਾਰਜ ਆਮ ਲੋਕਾਂ ਦੇ ਸਰਗਰਮ ਸਮਰਥਨ ਅਤੇ ਸਹਿਯੋਗ ਤੋਂ ਬਿਨਾਂ ਸੰਭਵ ਨਹੀਂ ਹੋ ਸਕਦਾ।

ਲੋਕਾਂ ਨਾਲ ਭਾਵਨਾਤਮਕ ਸਾਂਝ ਪਾਉਂਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਲੋਕਾਂ ਅਤੇ ਉਨ੍ਹਾਂ ਦੇ ਚੁਣੇ ਹੋਏ ਨੁਮਾਇੰਦਿਆਂ ਨੂੰ ਰਾਜ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਨਿਯਮਤ ਤੌਰ ‘ਤੇ ਨਿਗਰਾਨੀ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਕੰਮ ਦੀ ਗੁਣਵੱਤਾ ਵਿੱਚ ਸੁਧਾਰ ਹੋਵੇਗਾ। ਉਨ੍ਹਾਂ ਲੋਕਾਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਪਿੰਡਾਂ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਸੂਬਾ ਸਰਕਾਰ ਦੇ ਠੋਸ ਯਤਨਾਂ ਵਿੱਚ ਉਨ੍ਹਾਂ ਦਾ ਪੂਰਾ ਸਹਿਯੋਗ ਰਹੇ। ਉਨ੍ਹਾਂ ਕਿਹਾ ਕਿ ਸੂਬੇ ਦੀ ਵੱਡੀ ਆਬਾਦੀ ਪਿੰਡਾਂ ਵਿੱਚ ਰਹਿੰਦੀ ਹੈ, ਇਸ ਲਈ ਸੂਬਾ ਸਰਕਾਰ ਪਿੰਡਾਂ ਦੇ ਵਿਆਪਕ ਵਿਕਾਸ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।

ਮੰਤਰੀ ਸੌਂਦ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਲੋਕਾਂ ਦੀ ਸਹੂਲਤ ਲਈ ਉਨ੍ਹਾਂ ਨੂੰ ਸ਼ਹਿਰਾਂ ਦੇ ਬਰਾਬਰ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਅਜਿਹੀਆਂ ਸਰਗਰਮੀਆਂ ਦਾ ਇੱਕੋ-ਇੱਕ ਉਦੇਸ਼ ਸੂਬੇ ਅਤੇ ਖਾਸ ਕਰਕੇ ਪਿੰਡਾਂ ਦੇ ਚੱਲ ਰਹੇ ਵਿਕਾਸ ਨੂੰ ਹੋਰ ਹੁਲਾਰਾ ਦੇਣ ਲਈ ਇੱਕ ਰੋਡ ਮੈਪ ਤਿਆਰ ਕਰਨਾ ਹੈ।

ਪੇਂਡੂ ਖੇਤਰਾਂ ਦੇ ਵਿਆਪਕ ਵਿਕਾਸ ‘ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਇਸ ਕਾਰਜ ਨੂੰ ਪੂਰਾ ਕਰਨ ਲਈ ਪਹਿਲਾਂ ਹੀ ਕਈ ਪ੍ਰੋਜੈਕਟਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਉਨ੍ਹਾਂ ਨੇ ਵਿਕਾਸ ਦੀ ਗਤੀ ਨੂੰ ਹੋਰ ਤੇਜ਼ ਕਰਨ ਲਈ ਪੇਂਡੂ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਲਈ ਆਮ ਲੋਕਾਂ ਤੋਂ ਸਹਿਯੋਗ ਦੀ ਮੰਗ ਕੀਤੀ।

ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਸੂਬਾ ਸਰਕਾਰ ਕੋਲ ਪੰਜਾਬ ਦੇ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲਾਂ ਵਿੱਚ ਸੂਬੇ ਭਰ ਵਿੱਚ ਬੇਮਿਸਾਲ ਵਿਕਾਸ ਹੋਇਆ ਹੈ ਅਤੇ ਉਨ੍ਹਾਂ ਦੀ ਸਰਕਾਰ ਨੇ ਕਦੇ ਵੀ ਫੰਡਾਂ ਦੀ ਘਾਟ ਬਾਰੇ ਕੋਈ ਸ਼ਿਕਾਇਤ ਨਹੀਂ ਕੀਤੀ।

ਚੇਅਰਮੈਨ ਮਾਰਕੀਟ ਕਮੇਟੀ ਖੰਨਾ ਜਗਤਾਰ ਸਿੰਘ ਗਿੱਲ ਰਤਨਹੇੜੀ, ਜ਼ਿਲ੍ਹਾ ਪ੍ਰੀਸ਼ਦ ਅਤੇ ਜ਼ਿਲ੍ਹਾ ਪਲਾਨਿੰਗ ਬੋਰਡ ਦੇ ਮੈਂਬਰ ਮਾਸਟਰ ਅਵਤਾਰ ਸਿੰਘ ਦੈਹਿੜੂ, ਬਲਾਕ ਸੰਮਤੀ ਮੈਂਬਰ ਲਖਵੀਰ ਸਿੰਘ ਕਾਲਾ, ਪਿੰਡ ਰਤਨਹੇੜੀ ਦੇ ਸਰਪੰਚ ਅਮਰਜੀਤ ਸਿੰਘ, ਪਿੰਡ ਮਹੌਣ ਦੇ ਸਰਪੰਚ ਸੁਖਚੈਨ ਸਿੰਘ, ਪਿੰਡ ਸਾਹਿਬਪੁਰਾ ਦੇ ਸਰਪੰਚ ਹਰਪ੍ਰੀਤ ਸਿੰਘ ਅਤੇ ਵੱਡੀ ਗਿਣਤੀ ਵਿੱਚ ਪਿੰਡਾਂ ਦੇ ਵਸਨੀਕ ਹਾਜ਼ਰ ਸਨ।‌

Related Articles

Leave a Reply

Your email address will not be published. Required fields are marked *

Back to top button
error: Content is protected !!