66 ਕੂਕਾ ਸਿੱਖ ਸ਼ਹੀਦਾਂ ਦੀ ਯਾਦ ਵਿੱਚ ਰਾਜ ਪੱਧਰੀ ਸ਼ਰਧਾਂਜਲੀ ਸਮਾਗਮ ਲਈ ਸਾਰੇ ਪ੍ਰਬੰਧ ਮੁਕੰਮਲ
ਹਜ਼ਾਰਾਂ ਸ਼ਰਧਾਲੂਆਂ ਦੀ ਆਮਦ ਨੂੰ ਦੇਖਦਿਆਂ ਸੁਰੱਖਿਆ, ਟਰੈਫਿਕ ਅਤੇ ਸਹੂਲਤਾਂ ਦੇ ਵਿਸ਼ੇਸ਼ ਇੰਤਜ਼ਾਮ – ਐਸ.ਡੀ.ਐਮ ਗੁਰਮੀਤ ਕੁਮਾਰ ਬਾਂਸਲ

ਮਾਲੇਰਕੋਟਲਾ, 16 ਜਨਵਰੀ ( ਸੂਤਰ ) ਦੇਸ਼ ਦੀ ਆਜ਼ਾਦੀ ਦੀ ਲੜਾਈ ਵਿੱਚ ਅਦੁੱਤੀ ਕੁਰਬਾਨੀ ਦੇਣ ਵਾਲੇ 66 ਕੂਕਾ ਸਿੱਖ ਸ਼ਹੀਦਾਂ ਦੀ ਯਾਦ ਵਿੱਚ ਪੰਜਾਬ ਸਰਕਾਰ ਵੱਲੋਂ ਮਿਤੀ 17 ਜਨਵਰੀ 2026 ਨੂੰ ਸਥਾਨਕ ਨਾਮਧਾਰੀ ਸ਼ਹੀਦੀ ਸਮਾਰਕ ਵਿਖੇ ਰਾਜ ਪੱਧਰੀ ਸ਼ਰਧਾਂਜਲੀ ਸਮਾਗਮ ਪੂਰੇ ਸਨਮਾਨ ਅਤੇ ਸ਼ਰਧਾ ਨਾਲ ਆਯੋਜਿਤ ਕੀਤਾ ਜਾ ਰਿਹਾ ਹੈ।

ਇਸ ਮਹੱਤਵਪੂਰਨ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਐਸ.ਡੀ.ਐਮ ਮਾਲੇਰਕੋਟਲਾ ਗੁਰਮੀਤ ਕੁਮਾਰ ਬਾਂਸਲ ਵੱਲੋਂ ਸਥਾਨਕ ਸਮਾਰਕ ਦਾ ਦੌਰਾ ਕਰਕੇ ਸਮੂਹ ਪ੍ਰਬੰਧਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ।

ਐਸ.ਡੀ.ਐਮ ਨੇ ਦੱਸਿਆ ਕਿ 66 ਕੂਕਾ ਸ਼ਹੀਦਾਂ ਦੀ ਸ਼ਹਾਦਤ ਭਾਰਤੀ ਇਤਿਹਾਸ ਵਿੱਚ ਬਹਾਦਰੀ, ਬਲੀਦਾਨ ਅਤੇ ਦੇਸ਼ ਭਗਤੀ ਦੀ ਅਮਿੱਟ ਮਿਸਾਲ ਹੈ ਅਤੇ ਉਨ੍ਹਾਂ ਦੀ ਯਾਦ ਵਿੱਚ ਇਹ ਸਮਾਗਮ ਹਰ ਸਾਲ ਵੱਡੀ ਸ਼ਰਧਾ ਅਤੇ ਸਨਮਾਨ ਨਾਲ ਮਨਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਵੀ ਦੇਸ਼-ਵਿਦੇਸ਼ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤ ਦੇ ਪਹੁੰਚਣ ਦੀ ਸੰਭਾਵਨਾ ਹੈ, ਜਿਸ ਨੂੰ ਦੇਖਦਿਆਂ ਨਾਮਧਾਰੀ ਟਰੱਸਟ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੇ ਪ੍ਰਬੰਧ ਅੰਤਿਮ ਰੂਪ ਦੇ ਕੇ ਮੁਕੰਮਲ ਕਰ ਲਏ ਗਏ ਹਨ।

ਉਨ੍ਹਾਂ ਦੌਰੇ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੋਂ ਤਿਆਰੀਆਂ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ। ਉਨ੍ਹਾਂ ਦੱਸਿਆ ਕਿ ਵਿਸ਼ੇਸ਼ ਤੌਰ ‘ਤੇ ਬਿਜਲੀ, ਪੀਣਯੋਗ ਪਾਣੀ, ਸਫ਼ਾਈ, ਮੈਡੀਕਲ ਸਹੂਲਤਾਂ, ਟੈਂਟ ਅਤੇ ਬੈਠਣ ਦੇ ਪ੍ਰਬੰਧਾਂ ਕੀਤੇ ਗਏ ਹਨ ਤਾਂ ਜੋ ਸਰਧਾਲੂਆਂ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਪੇਸ਼ ਨਾ ਆਵੇ ।

ਐਸ.ਡੀ.ਐਮ ਨੇ ਦੱਸਿਆ ਕਿ ਪੁਲਿਸ ਪ੍ਰਸ਼ਾਸਨ ਨੂੰ ਸੁਰੱਖਿਆ ਅਤੇ ਟਰੈਫਿਕ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕੀਤਾ ਗਿਆ ਹੈ ਅਤੇ ਸ਼ਰਧਾਲੂਆਂ ਦੀ ਸਹੂਲਤ ਲਈ ਪਾਰਕਿੰਗ ਦੇ ਪੁਖ਼ਤਾ ਇੰਤਜ਼ਾਮ ਵੀ ਕੀਤੇ ਗਏ ਹਨ।

ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਸਮਾਗਮ ਦੌਰਾਨ ਪ੍ਰਸ਼ਾਸਨ ਅਤੇ ਪੁਲਿਸ ਨਾਲ ਪੂਰਾ ਸਹਿਯੋਗ ਕਰਨ, ਤਾਂ ਜੋ ਇਹ ਪਵਿੱਤਰ ਸਮਾਗਮ ਪੂਰੀ ਸ਼ਾਂਤੀ, ਸ਼ਰਧਾ ਅਤੇ ਸੁਚੱਜੇ ਢੰਗ ਨਾਲ ਸੰਪੰਨ ਕੀਤਾ ਜਾ ਸਕੇ।




