Uncategorized

ਗਣਤੰਤਰ ਦਿਵਸ ਮਨਾਉਣ ਲਈ ਅਗਾਊਂ ਪ੍ਰਬੰਧਾਂ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਸਮੇਂ ਸਿਰ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼

ਮਾਲੇਰਕੋਟਲਾ 6 ਜਨਵਰੀ ( ਬਿਊਰੋ, ਵਾਸ਼ਿਸ਼ਟ ) ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ ਵੱਲੋਂ ਗਣਤੰਤਰ ਦਿਵਸ ਦੇ ਮਹੱਤਵਪੂਰਨ ਦਿਹਾੜੇ ਨੂੰ ਮਨਾਉਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇੱਕ ਉੱਚ ਪੱਧਰੀ ਮੀਟਿੰਗ ਕੀਤੀ ਗਈ। ਵਧੀਕ ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਗਣਤੰਤਰ ਦਿਵਸ ਸਮਾਗਮ ਸਬੰਧੀ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ, ਤਾਂ ਜੋ ਇਸ ਮਹੱਤਵਪੂਰਨ ਦਿਵਸ ਨੂੰ ਦੇਸ਼ ਭਗਤੀ ਦੀ ਭਾਵਨਾ ਨਾਲ, ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਸਕੇ।

ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਹ ਇੱਕ ਅਹਿਮ ਸਮਾਗਮ ਹੈ, ਇਸ ਲਈ ਇਸ ਦੇ ਪ੍ਰਬੰਧਾਂ ਵਿੱਚ ਕੋਈ ਅਣਗਹਿਲੀ ਨਾ ਵਰਤੀ ਜਾਵੇ ਅਤੇ ਵਿਭਾਗਾਂ ਦੇ ਮੁਖੀ ਸਮੁੱਚੇ ਪ੍ਰਬੰਧਾਂ ਦੀ ਨਿਗਰਾਨੀ ਖੁਦ ਕਰਨ ਨੂੰ ਯਕੀਨੀ ਬਣਾਉਣ।

ਵਧੀਕ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਨੂੰ ਜ਼ਿੰਮੇਵਾਰੀਆਂ ਸੌਂਪਦਿਆਂ ਨਗਰ ਕੌਂਸਲ ਨੂੰ ਸਮਾਗਮ ਵਾਲੇ ਸਥਾਨ ਦੇ ਨਾਲ-ਨਾਲ ਸਟੇਡੀਅਮ ਦੇ ਬਾਹਰ ਦੀ ਸਫਾਈ, ਸਜਾਵਟ, ਰੌਸ਼ਨੀ, ਆਰਜ਼ੀ ਪਖਾਨੇ, ਨਿਰਵਿਘਨ ਬਿਜਲੀ ਸਪਲਾਈ ਅਤੇ ਪੀਣ ਵਾਲੇ ਸਾਫ਼-ਸੁਥਰੇ ਪਾਣੀ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਸਮਾਗਮ ਅਤੇ ਰਿਹਰਸਲ ਦੌਰਾਨ ਲੋਕਾਂ ਦੀ ਸਹੂਲਤ ਲਈ ਮੈਡੀਕਲ ਟੀਮਾਂ ਦੀ ਤਾਇਨਾਤੀ ਦੇ ਨਾਲ-ਨਾਲ ਦਵਾਈਆਂ ਅਤੇ ਐਂਬੂਲੈਂਸ ਦੇ ਪ੍ਰਬੰਧ ਕੀਤੇ ਜਾਣ। ਇਸ ਤੋਂ ਇਲਾਵਾ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਟ੍ਰੈਫਿਕ ਦੇ ਬਦਲਵੇਂ ਪ੍ਰਬੰਧਾਂ, ਵਾਹਨਾਂ ਦੀ ਪਾਰਕਿੰਗ, ਸੁਰੱਖਿਆ ਆਦਿ ਸਮੇਤ ਹੋਰ ਲੋੜੀਂਦੇ ਇੰਤਜ਼ਾਮ ਯਕੀਨੀ ਬਣਾਉਣ ਲਈ ਕਿਹਾ ਗਿਆ।

ਉਨ੍ਹਾਂ ਕਿਹਾ ਕਿ ਸਮਾਗਮ ਦੌਰਾਨ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਦੀ ਭਾਵਨਾ ਨਾਲ ਭਰਪੂਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ। ਇਸ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੀਆਂ ਪ੍ਰਾਪਤੀਆਂ ਨੂੰ ਦਰਸਾਉਂਦੀਆਂ ਝਾਕੀਆਂ ਵੀ ਕੱਢੀਆਂ ਜਾਣਗੀਆਂ।

ਵਧੀਕ ਡਿਪਟੀ ਕਮਿਸ਼ਨਰ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਗਣਤੰਤਰ ਦਿਵਸ ਸਮਾਗਮ ਦੌਰਾਨ ਵੱਧ ਤੋਂ ਵੱਧ ਸਕੂਲਾਂ ਅਤੇ ਕਾਲਜਾਂ ਦੀ ਭਾਗੀਦਾਰੀ ਯਕੀਨੀ ਬਣਾਈ ਜਾਵੇ, ਤਾਂ ਜੋ ਵਿਦਿਆਰਥੀਆਂ ਵਿੱਚ ਦੇਸ਼ ਭਗਤੀ ਦੀ ਚਿੰਗਾਰੀ ਪੈਦਾ ਕੀਤੀ ਜਾ ਸਕੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਿੰਪੀ ਗਰਗ ,ਐੱਸ.ਪੀ (ਐੱਚ) ਗੁਰਸ਼ਰਨਜੀਤ ਸਿੰਘ, ਐਸ.ਡੀ.ਐਮ. ਮਾਲੇਰਕੋਟਲਾ ਗੁਰਮੀਤ ਕੁਮਾਰ ਬਾਂਸਲ,ਐਕਸ਼ੀਅਨ ਇੰਜ. ਪਰਨੀਤ ਕੌਰ ਟਿਵਾਣਾ, ਐਕਸ਼ੀਅਨ ਵਾਟਰ ਸਪਲਾਈ ਐਂਡ ਸੈਨੀਟੇਸ਼ਨ ਇੰਜੀ. ਆਦਰਸ਼ ਨਿਰਮਲ ਸਿੰਘ, ਡੀ.ਐਫ.ਪੀ.ਓ ਡਾ. ਸੀਮਾਂ ਜੱਸਲ, ਕਾਰਜ ਸਾਧਕ ਅਫਸਰ ਚੰਦਰ ਪ੍ਰਕਾਸ਼ ਵਧਵਾ,ਬੀ.ਡੀ.ਪੀ.ਓ ਜਸਮਿੰਦਰ ਸਿੰਘ,

ਚੋਣ ਤਹਿਸੀਲਦਾਰ ਬ੍ਰਿਜ ਮੋਹਨ, ਵਣ ਰੇਂਜ ਅਫ਼ਸਰ ਮਹਿੰਦਰ ਪਾਲ ਸਿੰਘ, ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਪਵਨ ਕੁਮਾਰ, ਏ.ਡੀ.ਓ ਲਾਜਿੰਦਰ ਸਿੰਘ,ਸਤਿੰਦਰ ਕੌਰ,ਡਿਪਟੀ ਡੀ.ਈ.ਓ ਮਨਜੀਤ ਕੌਰ ,ਤਹਿਸੀਲ ਭਲਾਈ ਅਫ਼ਸਰ ਹਰਪ੍ਰੀਤ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ। #dcmalerkotla #dpromalerkotla #mlk #malerkotla

Related Articles

Leave a Reply

Your email address will not be published. Required fields are marked *

Back to top button
error: Content is protected !!