Uncategorized

ਗੈਂਸਸਟਰਾਂ ਵਿਰੁੱਧ ਫੈਸਲਾਕੁੰਨ ਜੰਗ ਹੈ ਆਪ੍ਰੇਸ਼ਨ ਪ੍ਰਹਾਰ : ਕਰਮਜੀਤ ਕੌਰ

ਕਿਹਾ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ‘ਚ ਪੰਜਾਬ ਪੁਲਿਸ ਦਾ ਵੱਡਾ ਐਕਸ਼ਨ

ਹੁਸ਼ਿਆਰਪੁਰ 21 ਜਨਵਰੀ ( ਸੂਤਰ ) ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ ਨੇ ਪੰਜਾਬ ਪੁਲਿਸ ਵੱਲੋਂ ਗੈਂਗਸਟਰਾਂ ਵਿਰੁੱਧ ਸ਼ੁਰੂ ਕੀਤੇ ਗਏ ਰਾਜ ਪੱਧਰੀ ਵੱਡੀ ਮੁਹਿੰਮ ‘ਆਪ੍ਰੇਸ਼ਨ ਪ੍ਰਹਾਰ’ ਦਾ ਸਵਾਗਤ ਕੀਤਾ ਅਤੇ ਇਸ ਨੂੰ ਪੰਜਾਬ ਵਿੱਚ ਕਾਨੂੰਨ ਵਿਵਸਥਾ ਬਹਾਲ ਕਰਨ ਵੱਲ ਇਕ ਇਤਿਹਾਸਕ ਕਦਮ ਦੱਸਿਆ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਨਿਡਰ ਅਤੇ ਸਪੱਸ਼ਟ ਅਗਵਾਈ ਹੇਠ ਪੰਜਾਬ ਪੁਲਿਸ ਨੇ ਸੰਗਠਿਤ ਅਪਰਾਧ ਅਤੇ ਗੈਂਗਸਟਰ ਨੈੱਟਵਰਕ ਵਿਰੁੱਧ ਸਿੱਧੀ ਅਤੇ ਫੈਸਲਾਕੁੰਨ ਜੰਗ ਦਾ ਐਲਾਨ ਕੀਤਾ ਹੈ।

ਕਰਮਜੀਤ ਕੌਰ ਨੇ ਕਿਹਾ ਕਿ ਪੁਲਿਸ ਡਾਇਰੈਕਟਰ ਜਨਰਲ (ਡੀ.ਜੀ.ਪੀ) ਦੀ ਅਗਵਾਈ ਹੇਠ ਪੂਰੇ ਪੰਜਾਬ ਵਿਚ ਲੱਗਭਗ 2,000 ਪੁਲਿਸ ਟੀਮਾਂ, ਜਿਨ੍ਹਾਂ ਵਿੱਚ ਲੱਗਭਗ 12,000 ਪੁਲਿਸ ਕਰਮਚਾਰੀ ਸ਼ਾਮਿਲ ਹਨ, ਅੱਜ ਤੋਂ ਪੰਜਾਬ ਭਰ ਵਿੱਚ ਸਰਗਰਮੀ ਨਾਲ ਛਾਪੇਮਾਰੀ ਕਰ ਰਹੀਆਂ ਹਨ।

ਇਸ ਮੁਹਿੰਮ ਦਾ ਉਦੇਸ਼ ਸਿਰਫ਼ ਅਪਰਾਧੀਆਂ ਨੂੰ ਗ੍ਰਿਫ਼ਤਾਰ ਕਰਨਾ ਹੀ ਨਹੀਂ ਹੈ, ਸਗੋਂ ਉਨ੍ਹਾਂ ਦੇ ਪੂਰੇ ਨੈੱਟਵਰਕ ਨੂੰ ਖਤਮ ਕਰਨਾ ਵੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਕਿਸੇ ਨੂੰ ਵੀ ਕਾਨੂੰਨ ਤੋਂ ਉੱਪਰ ਨਹੀਂ ਸਮਝਿਆ ਜਾਵੇਗਾ, ਭਾਵੇਂ ਗੈਂਗਸਟਰ ਦੇਸ਼ ਵਿੱਚ ਹੋਣ ਜਾਂ ਵਿਦੇਸ਼ਾਂ ਵਿੱਚ ਅਪਰਾਧ ਚਲਾ ਰਹੇ ਹੋਣ।

ਚੇਅਰਪਰਸਨ ਨੇ ਕਿਹਾ ਕਿ ਇਹ ਮੁਹਿੰਮ ਪੁਲਿਸ ਫੋਰਸ ਦਾ ਮਨੋਬਲ ਵੀ ਵਧਾਏਗੀ, ਕਿਉਂਕਿ ਚੰਗਾ ਅਤੇ ਸ਼ਲਾਘਾਯੋਗ ਕੰਮ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਨੂੰ ਢੁਕਵੇਂ ਇਨਾਮ ਦੇ ਕੇ ਉਤਸ਼ਾਹਿਤ ਕੀਤਾ ਜਾਵੇਗਾ।

ਇਸ ਦੇ ਨਾਲ ਹੀ ਆਮ ਲੋਕਾਂ ਦੀ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਇਕ ਟੋਲ-ਫ੍ਰੀ ਨੰਬਰ 93946-93946 ਜਾਰੀ ਕੀਤਾ ਗਿਆ ਹੈ, ਤਾਂ ਜੋ ਲੋਕ ਬਿਨਾਂ ਕਿਸੇ ਡਰ ਦੇ ਪੁਲਿਸ ਨੂੰ ਅਪਰਾਧ ਨਾਲ ਸਬੰਧਤ ਜਾਣਕਾਰੀ ਪ੍ਰਦਾਨ ਕਰ ਸਕਣ।

ਕਰਮਜੀਤ ਕੌਰ ਨੇ ਨੌਜਵਾਨਾਂ ਨੂੰ ਵਿਸ਼ੇਸ਼ ਅਪੀਲ ਕਰਦਿਆਂ ਕਿਹਾ ਕਿ ਜਿਹੜੇ ਨੌਜਵਾਨ ਭਟਕ ਗਏ ਹਨ, ਉਨ੍ਹਾਂ ਨੂੰ ਸਮੇਂ ਸਿਰ ਇਸ ਰਸਤੇ ਨੂੰ ਛੱਡ ਕੇ ਸਮਾਜ ਦੀ ਮੁੱਖ ਧਾਰਾ ਵਿੱਚ ਵਾਪਸ ਆਉਣਾ ਚਾਹੀਦਾ ਹੈ।

ਸਰਕਾਰ ਅਜਿਹੇ ਨੌਜਵਾਨਾਂ ਨੂੰ ਸੁਧਾਰ ਅਤੇ ਪੁਨਰਵਾਸ ਦੇ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟ ਕੀਤਾ ਕਿ ਆਪ੍ਰੇਸ਼ਨ ਪ੍ਰਹਾਰ ਪੰਜਾਬ ਨੂੰ ਅਪਰਾਧ ਮੁਕਤ, ਸੁਰੱਖਿਅਤ ਅਤੇ ਸ਼ਾਂਤੀਪੂਰਨ ਸੂਬਾ ਬਣਾਉਣ ਦੇ ਟੀਚੇ ਨੂੰ ਪ੍ਰਾਪਤ ਕਰੇਗਾ।

Related Articles

Leave a Reply

Your email address will not be published. Required fields are marked *

Back to top button
error: Content is protected !!