ਰੰਗਲਾ ਪੰਜਾਬ’ ਵਿਕਾਸ ਸਕੀਮ ਨੂੰ ਸਫ਼ਲ ਬਣਾਉਣ ਲਈ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਜ਼ਿਲ੍ਹੇ ਦੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਅਤੇ ਪਿੰਡਾਂ ਦੀ ਨੁਹਾਰ ਬਦਲਣ ਦੇ ਦਿੱਤੇ ਨਿਰਦੇਸ਼

ਬਰਨਾਲਾ, 21 ਜਨਵਰੀ ( ਸੂਤਰ ) ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਵੱਲੋਂ ‘ਰੰਗਲਾ ਪੰਜਾਬ’ ਵਿਕਾਸ ਸਕੀਮ ਨੂੰ ਜ਼ਮੀਨੀ ਪੱਧਰ ‘ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਜ਼ਿਲ੍ਹੇ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਕੀਤੀ ਗਈ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਪੱਸ਼ਟ ਕੀਤਾ ਕਿ ‘ਰੰਗਲਾ ਪੰਜਾਬ’ ਮੁਹਿੰਮ ਤਹਿਤ ਜ਼ਿਲ੍ਹਾ ਬਰਨਾਲਾ ਨੂੰ 126 ਵਿਕਾਸ ਕਾਰਜਾਂ ਲਈ 6.93 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਇਸ ਦਾ ਮਕਸਦ ਸਿਰਫ਼ ਪਿੰਡਾਂ ਦਾ ਸੁੰਦਰੀਕਰਨ ਹੀ ਨਹੀਂ, ਸਗੋਂ ਬੁਨਿਆਦੀ ਸਹੂਲਤਾਂ ਨੂੰ ਹਰ ਨਾਗਰਿਕ ਤੱਕ ਪਹੁੰਚਾਉਣਾ ਹੈ।

ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ, ਜਿਵੇਂ ਕਿ ਛੱਪੜਾਂ ਦਾ ਨਵੀਨੀਕਰਨ , ਖੇਡ ਮੈਦਾਨ, ਪਾਰਕਾਂ, ਗਲੀਆਂ ਨਾਲੀਆਂ ਦੇ ਕੰਮ, ਓਪਨ ਜਿਮ, ਇੰਡੋਰ ਜਿਮ, ਧਰਮਸ਼ਾਲਾਵਾਂ ਅਤੇ ਬੱਸ ਸਟੈਂਡ ਦੀ ਉਸਾਰੀ ਦੇ ਕੰਮ ਨੂੰ ਮਿੱਥੇ ਸਮੇਂ ਅੰਦਰ ਮੁਕੰਮਲ ਕੀਤਾ ਜਾਵੇ।

ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪੰਚਾਇਤਾਂ ਨਾਲ ਤਾਲਮੇਲ ਕਰਕੇ ‘ਰੰਗਲਾ ਪੰਜਾਬ’ ਮੁਹਿੰਮ ਨੂੰ ਇੱਕ ਲੋਕ ਲਹਿਰ ਬਣਾਉਣ ਤਾਂ ਜੋ ਪੰਜਾਬ ਨੂੰ ਮੁੜ ਰੰਗਲਾ ਅਤੇ ਖੁਸ਼ਹਾਲ ਬਣਾਇਆ ਜਾ ਸਕੇ।

ਇਸ ਮੌਕੇ ਹਲਕਾ ਇੰਚਾਰਜ ਹਰਿੰਦਰ ਸਿੰਘ ਧਾਲੀਵਾਲ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਬੈਂਬੀ, ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਸ੍ਰੀ ਸਵਿੰਦਰ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ।




