ਕੈਬਨਿਟ ਮੰਤਰੀ ਡਾ. ਰਵਜੋਤ ਨੇ ਪੰਡੋਰੀ ਸੁਮਲਾ ‘ਚ ‘ਮੁੱਖ ਮੰਤਰੀ ਸਿਹਤ ਯੋਜਨਾ’ ਵਿਸ਼ੇਸ਼ ਕੈਂਪ ‘ਚ ਕੀਤੀ ਸ਼ਿਰਕਤ

ਹੁਸ਼ਿਆਰਪੁਰ 6 ਫਰਵਰੀ ( ਸੂਤਰ ) ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਪਿੰਡ ਪੰਡੋਰੀ ਸੁਮਲਾ ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਸਿਹਤ ਕਾਰਡ ਬਣਾਉਣ ਲਈ ਲਗਾਏ ਗਏ ਵਿਸ਼ੇਸ਼ ਕੈਂਪ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਮੌਕੇ ‘ਤੇ ਪਹੁੰਚ ਕੇ ਕਾਰਡ ਬਣਾਉਣ ਦੀ ਪੂਰੀ ਪ੍ਰਕਿਰਿਆ ਦਾ ਬਾਰੀਕੀ ਨਾਲ ਜਾਇਜ਼ਾ ਲਿਆ ਅਤੇ ਲਾਭਪਾਤਰੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਯੋਜਨਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।

ਕੈਬਨਿਟ ਮੰਤਰੀ ਨੇ ਕੈਂਪ ਵਿੱਚ ਮੌਜੂਦ ਲੋਕਾਂ ਨੂੰ ਰਜਿਸਟ੍ਰੇਸ਼ਨ ਸਲਿੱਪਾਂ ਵੰਡੀਆਂ ਅਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਇਸ ਯੋਜਨਾ ਰਾਹੀਂ ਉਹ ਰਾਜ ਦੇ ਪਛਾਣੇ ਗਏ ਹਸਪਤਾਲਾਂ ਵਿੱਚ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸੂਬੇ ਦੇ ਹਰੇਕ ਨਾਗਰਿਕ ਨੂੰ ਬਿਹਤਰ, ਪਹੁੰਚਯੋਗ ਅਤੇ ਮੁਫ਼ਤ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਹੈ, ਤਾਂ ਜੋ ਕਿਸੇ ਵੀ ਵਿਅਕਤੀ ਨੂੰ ਇਲਾਜ ਦੀ ਘਾਟ ਕਾਰਨ ਮੁਸ਼ਕਿਲਾਂ ਦਾ ਸਾਹਮਣਾ ਨਾ ਕਰਨਾ ਪਵੇ।
ਡਾ. ਰਵਜੋਤ ਸਿੰਘ ਨੇ ਕਿਹਾ ਕਿ ‘ਮੁੱਖ ਮੰਤਰੀ ਸਿਹਤ ਯੋਜਨਾ’ ਗ਼ਰੀਬ, ਲੋੜਵੰਦ ਅਤੇ ਮੱਧ ਵਰਗੀ ਪਰਿਵਾਰਾਂ ਲਈ ਵਰਦਾਨ ਸਾਬਤ ਹੋ ਰਹੀ ਹੈ।

ਇਸ ਯੋਜਨਾ ਦੇ ਤਹਿਤ ਗੰਭੀਰ ਬਿਮਾਰੀਆਂ ਦਾ ਵੀ ਉੱਚ ਪੱਧਰੀ ਇਲਾਜ ਸੰਭਵ ਹੋ ਗਿਆ ਹੈ, ਜਿਸ ਨਾਲ ਆਮ ਲੋਕਾਂ ਨੂੰ ਵਿੱਤੀ ਬੋਝ ਤੋਂ ਰਾਹਤ ਮਿਲੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੈਂਪਾਂ ਦੇ ਆਯੋਜਨ ਵਿੱਚ ਕੋਈ ਵੀ ਲਾਪਰਵਾਹੀ ਨਾ ਵਰਤੀ ਜਾਵੇ ਅਤੇ ਵੱਧ ਤੋਂ ਵੱਧ ਯੋਗ ਪਰਿਵਾਰਾਂ ਨੂੰ ਇਸ ਯੋਜਨਾ ਨਾਲ ਜੋੜਿਆ ਜਾਵੇ।

ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਯੋਜਨਾ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਆਪਣੇ ਸਿਹਤ ਕਾਰਡ ਬਣਾਉਣ। ਇਸ ਮੌਕੇ ਸਥਾਨਕ ਪ੍ਰਸ਼ਾਸਨਿਕ ਅਧਿਕਾਰੀ, ਸਿਹਤ ਵਿਭਾਗ ਦੇ ਕਰਮਚਾਰੀ, ਪੰਚਾਇਤ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਮੌਜੂਦ ਸਨ।




