Uncategorized

ਭਲਕੇ “ਸਾਡੇ ਬਜ਼ੁਰਗ, ਸਾਡਾ ਮਾਣ” ਤਹਿਤ ਜ਼ਿਲ੍ਹਾ ਪੱਧਰੀ ਮੁਫ਼ਤ ਮੈਗਾ ਸਿਹਤ ਚੈਕਅੱਪ ਕੈਂਪ

ਮਾਲੇਰਕੋਟਲਾ, 12 ਫਰਵਰੀ ( ਸੂਤਰ ) ਪੰਜਾਬ ਸਰਕਾਰ ਦੀ ਲੋਕ-ਹਿਤੈਸ਼ੀ ਅਤੇ ਮਹੱਤਵਾਕਾਂਕਸ਼ੀ ਮੁਹਿੰਮ “ਸਾਡੇ ਬਜ਼ੁਰਗ, ਸਾਡਾ ਮਾਣ” ਤਹਿਤ ਮਿਤੀ 13 ਫਰਵਰੀ ਨੂੰ ਸਰਕਾਰੀ ਕਾਲਜ ਮਾਲੇਰਕੋਟਲਾ ਵਿਖੇ ਜ਼ਿਲ੍ਹਾ ਪੱਧਰੀ ਮੁਫ਼ਤ ਮੈਗਾ ਸਿਹਤ ਚੈਕਅੱਪ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਕੈਂਪ 13 ਤੋਂ 15 ਫਰਵਰੀ ਤੱਕ ਚੱਲਣ ਵਾਲੇ ਤਿੰਨ ਰੋਜ਼ਾ “ਸੂਫ਼ੀ ਫੈਸਟੀਵਲ” ਅਤੇ “ਪੰਜਾਬ ਸਖੀ ਸ਼ਕਤੀ ਮੇਲਾ” ਦੇ ਪਹਿਲੇ ਦਿਨ ਲਗਾਇਆ ਜਾਵੇਗਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫਸਰ ਇੰਚਾਰਜ, ਸਿਵਲ ਹਸਪਤਾਲ ਮਾਲੇਰਕੋਟਲਾ ਡਾ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਕੈਂਪ ਦੌਰਾਨ ਖਾਸ ਤੌਰ ‘ਤੇ ਬਜ਼ੁਰਗ ਨਾਗਰਿਕਾਂ ਲਈ ਵਿਸ਼ੇਸ਼ ਸਿਹਤ ਜਾਂਚ ਸੇਵਾਵਾਂ ਉਪਲਬਧ ਕਰਵਾਈਆਂ ਜਾਣਗੀਆਂ। ਇਸ ਵਿੱਚ ਬਲੱਡ ਪ੍ਰੈਸ਼ਰ, ਸ਼ੂਗਰ, ਦਿਲ ਦੀ ਜਾਂਚ, ਅੱਖਾਂ ਦੀ ਜਾਂਚ, ਹੱਡੀਆਂ ਅਤੇ ਹੋਰ ਆਮ ਬਿਮਾਰੀਆਂ ਦੀ ਸਕ੍ਰੀਨਿੰਗ ਸਮੇਤ ਤਜਰਬੇਕਾਰ ਡਾਕਟਰਾਂ ਵੱਲੋਂ ਮੁਫ਼ਤ ਸਲਾਹ-ਮਸ਼ਵਰਾ ਦਿੱਤਾ ਜਾਵੇਗਾ।

ਉਨ੍ਹਾਂ ਹੋਰ ਦੱਸਿਆ ਕਿ ਇਸ ਮੌਕੇ ਇੱਕ ਵਿਸ਼ੇਸ਼ ਖੂਨਦਾਨ ਕੈਂਪ ਵੀ ਲਗਾਇਆ ਜਾਵੇਗਾ, ਜਿਸ ਵਿੱਚ ਨੌਜਵਾਨਾਂ ਅਤੇ ਸੇਵਾ ਭਾਵਨਾ ਰੱਖਣ ਵਾਲੇ ਨਾਗਰਿਕਾਂ ਨੂੰ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ ਗਈ ਹੈ। ਖੂਨਦਾਨ ਕਰਕੇ ਅਸੀਂ ਨਾ ਸਿਰਫ਼ ਕਿਸੇ ਦੀ ਜ਼ਿੰਦਗੀ ਬਚਾ ਸਕਦੇ ਹਾਂ, ਸਗੋਂ ਸਮਾਜਿਕ ਜ਼ਿੰਮੇਵਾਰੀ ਨੂੰ ਵੀ ਨਿਭਾ ਸਕਦੇ ਹਾਂ।

ਡਾ. ਸੁਖਵਿੰਦਰ ਸਿੰਘ ਨੇ ਜ਼ਿਲ੍ਹੇ ਦੇ ਸਮੂਹ ਸੀਨੀਅਰ ਸਿਟੀਜ਼ਨਜ਼ ਨੂੰ ਵਿਸ਼ੇਸ਼ ਸੱਦਾ ਦਿੰਦਿਆਂ ਕਿਹਾ ਕਿ ਉਹ ਇਸ ਮੈਗਾ ਸਿਹਤ ਕੈਂਪ ਵਿੱਚ ਸ਼ਾਮਲ ਹੋ ਕੇ ਆਪਣੀ ਸਿਹਤ ਦੀ ਜਾਂਚ ਕਰਵਾਉਣ ਅਤੇ ਸਰਕਾਰ ਵੱਲੋਂ ਪ੍ਰਦਾਨ ਕੀਤੀਆਂ ਜਾ ਰਹੀਆਂ ਮੁਫ਼ਤ ਸੇਵਾਵਾਂ ਦਾ ਲਾਭ ਉਠਾਉਣ। ਉਨ੍ਹਾਂ ਕਿਹਾ ਕਿ ਬਜ਼ੁਰਗ ਸਾਡੇ ਸਮਾਜ ਦਾ ਅਨਮੋਲ ਧਰੋਹਰ ਹਨ ਅਤੇ ਉਨ੍ਹਾਂ ਦੀ ਸਿਹਤ ਅਤੇ ਸੁਰੱਖਿਆ ਸਾਡੀ ਸਾਂਝੀ ਜ਼ਿੰਮੇਵਾਰੀ ਹੈ।

ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਕੈਂਪ ਦੇ ਸੁਚਾਰੂ ਆਯੋਜਨ ਲਈ ਪੂਰੇ ਪ੍ਰਬੰਧ ਕੀਤੇ ਗਏ ਹਨ।ਸਮੂਹ ਜਨਤਾ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਇਸ ਲੋਕ-ਭਲਾਈ ਉਪਰਾਲੇ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਈ ਜਾਵੇ।

Related Articles

Leave a Reply

Your email address will not be published. Required fields are marked *

Back to top button
error: Content is protected !!