Uncategorized

ਆਰ.ਟੀ.ਓ. ਨੇ ਰਾਤ ਨੂੰ ਚਲਾਈ ਵਿਸ਼ੇਸ਼ ਜਾਂਚ ਮੁਹਿੰਮ

ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਪਾਰਕ ਵਾਹਨਾਂ ਵਿਰੁੱਧ ਕੀਤੀ ਸਖ਼ਤ ਕਾਰਵਾਈ

ਹੁਸ਼ਿਆਰਪੁਰ, 12 ਫਰਵਰੀ ( ਸੂਤਰ ) ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਆਸ਼ਿਕਾ ਜੈਨ ਦੇ ਹੁਕਮਾਂ ਤਹਿਤ ਆਰ.ਟੀ.ਓ. ਅਮਨਦੀਪ ਕੌਰ ਵੱਲੋਂ ਜ਼ਿਲ੍ਹੇ ਵਿਚ ਰਾਤ ਦੇ ਸਮੇਂ ਵਿਸ਼ੇਸ਼ ਜਾਚ ਮੁਹਿੰਮ ਚਲਾਈ ਗਈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਸੜਕਾਂ ‘ਤੇ ਚੱਲ ਰਹੇ ਵਪਾਰਕ ਵਾਹਨਾਂ ਦੀ ਜਾਂਚ ਕਰਕੇ ਟ੍ਰੈਫਿਕ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣਾ ਅਤੇ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨਾ ਹੈ।ਉਨ੍ਹਾਂ ਦੱਸਿਆ ਕਿ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਵੱਲੋਂ ਵੀ ਇਸ ਸਬੰਧੀ ਨਿਰਦੇਸ਼ ਦਿੱਤੇ ਗਏ ਸਨ।

ਆਰ.ਟੀ.ਓ ਨੇ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਸਾਂਝੀਆਂ ਟੀਮਾਂ ਨੇ ਵੱਖ-ਵੱਖ ਪ੍ਰਮੁੱਖ ਰੂਟਾਂ, ਚੌਕ- ਚੌਰਾਇਆਂ ਅਤੇ ਸੰਵੇਦਨਸ਼ੀਲ ਥਾਵਾਂ ‘ਤੇ ਨਾਕਾਬੰਦੀ ਕਰਕੇ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ। ਜਾਂਚ ਦੌਰਾਨ ਓਵਰਲੋਡਿੰਗ, ਬਿਨ੍ਹਾਂ ਕਾਗਜਾਂ ਤੋਂ, ਪ੍ਰਦੂਸ਼ਣ ਮਾਪਦੰਡਾਂ ਦੀ ਉਲੰਘਣਾ, ਫਿਟਨੈਸ ਸਰਟੀਫਿਕੇਟ ਨਾ ਹੋਣਾ ਅਤੇ ਹੋਰ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਕਈ ਵਪਾਰਕ ਵਾਹਨ ਜ਼ਬਤ ਕੀਤੇ ਗਏ।

ਕਾਰਵਾਈ ਦੌਰਾਨ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਬਹੁਤ ਸਾਰੇ ਵਾਹਨਾਂ ਦੇ ਚਲਾਨ ਕੱਟੇ ਗਏ, ਜਦਕਿ ਗੰਭੀਰ ਉਲੰਘਣਾ ਪਾਏ ਜਾਣ ‘ਤੇ ਕੁਝ ਓਵਰਲੋਡ ਵਾਹਨਾਂ ਨੂੰ ਮੌਕੇ ‘ਤੇ ਹੀ ਜ਼ਬਤ (ਇੰਪਾਊਂਡ) ਕਰ ਲਿਆ ਗਿਆ।

ਅਮਨਦੀਪ ਕੌਰ ਨੇ ਦੱਸਿਆ ਕਿ ਵਾਹਨ ਚਾਲਕਾਂ ਨੂੰ ਆਵਾਜਾਈ ਨਿਯਮਾਂ ਪ੍ਰਤੀ ਜਾਗਰੂਕ ਕਰਦੇ ਹੋਏ ਭਵਿੱਖ ਵਿਚ ਨਿਯਮਾਂ ਦੀ ਪਾਲਣਾ ਕਰਨ ਦੀ ਸਖ਼ਤ ਹਦਾਇਤ ਵੀ ਕੀਤੀ ਗਈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਤਰ੍ਹਾਂ ਦੀ ਵਿਸ਼ੇਸ਼ ਜਾਂਚ ਮੁਹਿੰਮ ਅੱਗੇ ਵੀ ਲਗਾਤਾਰ ਜਾਰੀ ਰਹੇਗੀ, ਤਾਂ ਜੋ ਸੜਕ ਦੁਰਘਟਨਾਵਾਂ ‘ਤੇ ਰੋਕ ਲਗਾਈ ਜਾ ਸਕੇ ਅਤੇ ਆਮ ਜਨਤਾ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ।

ਉਨ੍ਹਾਂ ਵਾਹਨ ਚਾਲਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਵਾਹਨਾਂ ਦੇ ਸਾਰੇ ਜ਼ਰੂਰੀ ਦਸਤਾਵੇਜ਼ ਪੂਰੇ ਰੱਖਣ, ਓਵਰਲੋਡਿੰਗ ਤੋਂ ਬਚਣ ਅਤੇ ਆਵਾਜਾਈ ਨਿਯਮਾਂ ਦੀ ਪੂਰੀ ਪਾਲਣਾ ਕਰਨ, ਜਿਸ ਨਾਲ ਸੁਰੱਖਿਅਤ ਅਤੇ ਸੁਚਾਰੂ ਆਵਾਜਾਈ ਪ੍ਰਣਾਲੀ ਬਣਾਈ ਰੱਖੀ ਜਾ ਸਕਦੀ ਹੈ।

Related Articles

Leave a Reply

Your email address will not be published. Required fields are marked *

Back to top button
error: Content is protected !!