Uncategorized

ਸਿਹਤ ਮੰਤਰੀ ਵੱਲੋਂ ਵਿਧਾਇਕਾਂ ਅਤੇ ਅਧਿਕਾਰੀਆਂ ਨਾਲ ਮਿਲ ਕੇ ਸਿਹਤ ਕਾਰਡ ਮੁਹਿੰਮ ਨੂੰ ਤੇਜ਼ ਕਰਨ ਦੇ ਨਿਰਦੇਸ਼

ਨੌਜਵਾਨਾਂ ਲਈ ਸਿਹਤ ਬੀਮਾ ਕਾਰਡ ਬਣਾਉਣ ਰਾਹੀਂ ਰੋਜ਼ਗਾਰ ਦੇ ਮੌਕੇ- ਡਾ. ਬਲਬੀਰ ਸਿੰਘ

ਪਟਿਆਲਾ, 13 ਫਰਵਰੀ ( ਸੂਤਰ ) ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡਾਂ ਦੀ ਰਜਿਟਰੇਸ਼ਨ ਨੂੰ ਸਫਲਤਾ ਪੂਰਵਕ ਨੇਪਰੇ ਚਾੜਨ ਲਈ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਵਿੱਚ ਸਮੂਹ ਵਿਧਾਇਕਾਂ, ਐਸ.ਡੀ.ਐਮ. ਐਸ.ਐਮ.ਓ. ਅਤੇ ਸੇਵਾ ਕੇਂਦਰ ਦੇ ਅਧਿਕਾਰੀਆਂ ਨਾਲ ਇਕ ਮਹੱਤਵਪੂਰਨ ਮੀਟਿੰਗ ਕੀਤੀ। ਇਸ ਮੀਟਿੰਗ ਦਾ ਮਕਸਦ ਇਹ ਸੀ ਕਿ ਜ਼ਿਲ੍ਹੇ ਵਿੱਚ ਯੋਜਨਾ ਠੀਕ ਤਰੀਕੇ ਨਾਲ ਲਾਗੂ ਹੋਵੇ ਅਤੇ ਇਸਦਾ ਫਾਇਦਾ ਜ਼ਿਆਦਾ ਤੋਂ ਜ਼ਿਆਦਾ ਲੋਕਾਂ ਤੱਕ ਪਹੁੰਚੇ।

ਮੀਟਿੰਗ ਦੌਰਾਨ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪੰਜਾਬ ਸਰਕਾਰ ਲੋਕਾਂ ਨੂੰ ਸਿਹਤ ਸੇਵਾਵਾਂ ਮੁਫ਼ਤ ਪ੍ਰਦਾਨ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਦੇ ਅਧੀਨ ਪ੍ਰਤੀ ਪਰਿਵਾਰ 10 ਲੱਖ ਰੁਪਏ ਤੱਕ ਦਾ ਇਲਾਜ ਪੂਰੀ ਤਰ੍ਹਾਂ ਮੁਫ਼ਤ ਕੀਤਾ ਜਾ ਰਿਹਾ ਹੈ ਅਤੇ ਸਾਰੇ ਖਰਚੇ ਸਰਕਾਰ ਵੱਲੋਂ ਭਰੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਯੋਜਨਾ ਦੇਸ਼ ਵਿੱਚ ਪਹਿਲੀ ਵਾਰ ਇਸ ਪੱਧਰ ’ਤੇ ਲਾਗੂ ਕੀਤੀ ਗਈ ਹੈ ਜੋ ਆਮ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਸਿਹਤ ਕ੍ਰਾਂਤੀ ਅਤੇ ਸਿੱਖਿਆ ਕ੍ਰਾਂਤੀ ਦੇ ਤਹਿਤ ਪਹਿਲਾਂ ਹੀ ਆਮ ਆਦਮੀ ਕਲੀਨਿਕ, ਮੁਫ਼ਤ ਦਵਾਈਆਂ ਅਤੇ ਯੋਗਾ ਸੈਂਟਰ ਵਰਗੀਆਂ ਲੋਕਹਿਤ ਯੋਜਨਾਵਾਂ ਸਫਲਤਾਪੂਰਵਕ ਚੱਲ ਰਹੀਆਂ ਹਨ। ਹੁਣ ਮੁੱਖ ਮੰਤਰੀ ਸਿਹਤ ਯੋਜਨਾ ਰਾਹੀਂ ਸੂਬੇ ਦੇ ਹਰ ਵਰਗ ਨੂੰ ਸਿਹਤ ਸੁਰੱਖਿਆ ਦੀ ਗਾਰੰਟੀ ਦਿੱਤੀ ਜਾ ਰਹੀ ਹੈ।

ਸਿਹਤ ਮੰਤਰੀ ਨੇ ਪੜ੍ਹੇ-ਲਿਖੇ ਨੌਜਵਾਨਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਲੈਪਟਾਪ ਅਤੇ ਡਿਜ਼ਿਟਲ ਸਾਧਨਾਂ ਦੀ ਵਰਤੋਂ ਕਰਕੇ ਆਨਲਾਈਨ ਸਿਹਤ ਬੀਮਾ ਕਾਰਡ ਬਣਾਉਣ ਵਿੱਚ ਭਾਗ ਲੈਣ ਅਤੇ ਰੋਜ਼ਗਾਰ ਦੇ ਸੁਨਹਿਰੀ ਮੌਕੇ ਦਾ ਲਾਭ ਉਠਾਉਣ। ਉਨ੍ਹਾਂ ਦੱਸਿਆ ਕਿ ਯੋਜਨਾ ਅਧੀਨ ਰਜਿਸਟ੍ਰੇਸ਼ਨ ਪ੍ਰਕਿਰਿਆ ਬਹੁਤ ਹੀ ਆਸਾਨ ਹੈ ਅਤੇ ਘਰ ਬੈਠੇ ਵੀ ਕੀਤੀ ਜਾ ਸਕਦੀ ਹੈ।

ਡਾ. ਬਲਬੀਰ ਸਿੰਘ ਨੇ ਖਾਸ ਕਰਕੇ ਮਹਿਲਾਵਾਂ ਨੂੰ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਉਹ ਵੀ ਘਰ ਬੈਠੇ ਆਨਲਾਈਨ ਕਾਰਡ ਬਣਾਕੇ ਆਰਥਿਕ ਤੌਰ ’ਤੇ ਖੁਦਨਿਰਭਰ ਬਣ ਸਕਦੀਆਂ ਹਨ।

ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਗਈ ਕਿ ਯੋਜਨਾ ਦੀ ਜਾਣਕਾਰੀ ਘਰ-ਘਰ ਤੱਕ ਪਹੁੰਚਾਈ ਜਾਵੇ ਅਤੇ ਕੋਈ ਵੀ ਯੋਗ ਪਰਿਵਾਰ ਇਸ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਹੈ ਕਿ ਸੂਬੇ ਦਾ ਹਰ ਨਾਗਰਿਕ ਬਿਹਤਰ ਸਿਹਤ ਸੇਵਾਵਾਂ ਦਾ ਲਾਭ ਲੈ ਸਕੇ ਅਤੇ ਕਿਸੇ ਨੂੰ ਵੀ ਇਲਾਜ ਲਈ ਆਰਥਿਕ ਤੰਗੀ ਦਾ ਸਾਹਮਣਾ ਨਾ ਕਰਨਾ ਪਵੇ।

ਅੰਤ ਵਿੱਚ ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਲੋਕ ਭਲਾਈ ਲਈ ਵਚਨਬੱਧ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਲੋਕਹਿਤ ਫ਼ੈਸਲੇ ਕੀਤੇ ਜਾਣਗੇ ਤਾਂ ਜੋ ਪੰਜਾਬ ਨੂੰ ਤੰਦਰੁਸਤ ਅਤੇ ਖੁਸ਼ਹਾਲ ਬਣਾਇਆ ਜਾ ਸਕੇ।

ਇਸ ਮੌਕੇ ਵਿਧਾਇਕ ਚੇਤਨ ਸਿੰਘ ਜੋੜਾਮਾਜਰਾ, ਅਜੀਤਪਾਲ ਸਿੰਘ ਕੋਹਲੀ, ਕੁਲਵੰਤ ਸਿੰਘ ਬਾਜ਼ੀਗਰ, ਗੁਰਲਾਲ ਘਨੌਰ, ਨੀਨਾ ਮਿੱਤਲ ਤੋਂ ਇਲਾਵਾ ਸਮੂਹ ਵਧੀਕ ਡਿਪਟੀ ਕਮਿਸ਼ਨਰ ਦਮਨਜੀਤ ਸਿੰਘ ਮਾਨ , ਸਮੂਹ ਐਸ ਡੀ ਐਮਜ਼, ਸਮੂਹ ਐਸ ਐਮ ਓਜ਼ ਅਤੇ ਸਿਹਤ ਵਿਭਾਗ ਦੇ ਅਧਿਕਾਰੀ ਮੌਜੂਦ ਸਨ।

Related Articles

Leave a Reply

Your email address will not be published. Required fields are marked *

Back to top button
error: Content is protected !!