Uncategorized

ਸਾਡੇ ਬਜ਼ੁਰਗ ਸਾਡਾ ਮਾਣ” ਤਹਿਤ 13 ਫਰਵਰੀ ਨੂੰ ਮੈਗਾ ਸਿਹਤ ਚੈਕਅੱਪ ਕੈਂਪ

"ਸੂਫ਼ੀ ਫੈਸਟੀਵਲ” ਅਤੇ “ਪੰਜਾਬ ਸਖੀ ਸ਼ਕਤੀ ਮੇਲਾ” ਦੌਰਾਨ ਲੱਗੇਗਾ ਵਿਸ਼ਾਲ ਖੂਨਦਾਨ ਕੈਂਪ

ਮਾਲੇਰਕੋਟਲਾ, 5 ਫਰਵਰੀ ( ਸੂਤਰ ) ਸਰਕਾਰੀ ਕਾਲਜ ਮਾਲੇਰਕੋਟਲਾ ਵਿਖੇ ਮਿਤੀ 13 ਫਰਵਰੀ ਤੋਂ 15 ਫਰਵਰੀ 2026 ਤੱਕ ਆਯੋਜਿਤ ਹੋਣ ਵਾਲੇ ਤਿੰਨ ਰੋਜ਼ਾ “ਸੂਫ਼ੀ ਫੈਸਟੀਵਲ” ਅਤੇ “ਪੰਜਾਬ ਸਖੀ ਸ਼ਕਤੀ ਮੇਲਾ” ਦੌਰਾਨ ਪੰਜਾਬ ਸਰਕਾਰ ਦੀ ਮਹੱਤਵਾਕਾਂਕਸ਼ੀ ਮੁਹਿੰਮ “ਸਾਡੇ ਬਜ਼ੁਰਗ, ਸਾਡਾ ਮਾਣ” ਤਹਿਤ 13 ਫਰਵਰੀ ਨੂੰ ਜ਼ਿਲ੍ਹਾ ਪੱਧਰੀ ਮੁਫ਼ਤ ਮੈਗਾ ਸਿਹਤ ਚੈਕਅੱਪ ਕੈਂਪ ਦਾ ਆਯੋਜਨ ਕੀਤਾ ਜਾਵੇਗਾ। ਇਸਦੇ ਨਾਲ ਹੀ ਮੇਲੇ ਦੌਰਾਨ ਵਿਸ਼ਾਲ ਖੂਨਦਾਨ ਕੈਂਪ ਵੀ ਲਗਾਇਆ ਜਾਵੇਗਾ।

ਇਸ ਸਬੰਧੀ ਜਾਣਕਾਰੀ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਸ਼੍ਰੀ ਵਿਰਾਜ ਐਸ. ਤਿੜਕੇ ਨੇ “ਸੂਫ਼ੀ ਫੈਸਟੀਵਲ” ਅਤੇ “ਪੰਜਾਬ ਸਖੀ ਸ਼ਕਤੀ ਮੇਲਾ” ਦੇ ਅਗੇਤੇ ਪ੍ਰਬੰਧਾਂ ਦੀ ਸਮੀਖਿਆ ਲਈ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬਜ਼ੁਰਗਾਂ ਦੀ ਭਲਾਈ, ਸੁਰੱਖਿਆ ਅਤੇ ਸਨਮਾਨ ਲਈ ਵਚਨਬੱਧ ਹੈ ਅਤੇ ਇਹ ਮੈਗਾ ਸਿਹਤ ਕੈਂਪ ਇਸ ਦਿਸ਼ਾ ਵਿੱਚ ਇਕ ਅਹਿਮ ਕਦਮ ਹੈ।

ਡਿਪਟੀ ਕਮਿਸ਼ਨਰ ਨੇ ਸਾਰੇ ਸਬੰਧਿਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਮੈਗਾ ਸਿਹਤ ਚੈਕਅੱਪ ਕੈਂਪ, ਖੂਨਦਾਨ ਕੈਂਪ ਅਤੇ ਮੇਲੇ ਦੇ ਸਫਲ ਆਯੋਜਨ ਲਈ ਆਪਸੀ ਤਾਲਮੇਲ ਅਤੇ ਸਮਰਪਣ ਭਾਵਨਾ ਨਾਲ ਕੰਮ ਕੀਤਾ ਜਾਵੇ, ਤਾਂ ਜੋ ਬਜ਼ੁਰਗਾਂ ਨੂੰ ਸਿਹਤਮੰਦ, ਸੁਰੱਖਿਅਤ ਅਤੇ ਸਨਮਾਨਤ ਜੀਵਨ ਪ੍ਰਦਾਨ ਕੀਤਾ ਜਾ ਸਕੇ।

ਉਨ੍ਹਾਂ ਦੱਸਿਆ ਕਿ ਇਹ ਸਮਾਗਮ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਹਿਯੋਗ ਨਾਲ ਅਤੇ ਪੇਂਡੂ ਵਿਕਾਸ ਤੇ ਪੰਚਾਇਤਾਂ, ਉਦਯੋਗ ਅਤੇ ਵਣਜ ਵਿਭਾਗ ਪੰਜਾਬ ਵੱਲੋਂ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਦੇ ਤਹਿਤ ਆਯੋਜਿਤ ਕੀਤਾ ਜਾ ਰਿਹਾ ਹੈ, ਜੋ ਵਿਰਾਸਤੀ ਲੋਕ ਕਲਾਵਾਂ ਅਤੇ ਪੰਜਾਬੀ ਸੱਭਿਆਚਾਰ ਦੇ ਸੰਭਾਲ ਲਈ ਵਰਦਾਨ ਸਾਬਿਤ ਹੋਵੇਗਾ।

ਉਨ੍ਹਾਂ ਹੋਰ ਕਿਹਾ ਕਿ ਜ਼ਿਲ੍ਹਾ ਪ੍ਰਸਾਸ਼ਨ ਦਾ ਮੁੱਖ ਉਦੇਸ਼ ਪੰਜਾਬੀ ਵਿਰਸੇ ਨਾਲ ਜੁੜੀਆਂ ਉਹਨਾਂ ਕਲਾਵਾਂ ਨੂੰ ਮੁੜ ਜੀਵੰਤ ਕਰਨਾ ਹੈ ਜੋ ਸਮੇਂ ਦੇ ਨਾਲ ਅੱਖੋਂ-ਪਰੋਖੀਆਂ ਹੋ ਰਹੀਆਂ ਹਨ। ਇਹ ਮੇਲਾ ਕੇਵਲ ਮਨੋਰੰਜਨ ਤੱਕ ਸੀਮਤ ਨਹੀਂ, ਸਗੋਂ ਕਲਾਕਾਰਾਂ ਦੀ ਮਿਹਨਤ, ਹੁਨਰ ਅਤੇ ਰਚਨਾਤਮਕਤਾ ਨੂੰ ਲੋਕਾਂ ਤੱਕ ਪਹੁੰਚਾਉਣ ਦਾ ਇੱਕ ਵੱਡਾ ਮੰਚ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਫੈਸਟੀਵਲ ਦੌਰਾਨ ਨਾਮਵਰ ਕਲਾਕਾਰਾਂ ਵੱਲੋਂ ਸੂਫ਼ੀਆਨਾ ਪੇਸ਼ਕਾਰੀਆਂ ਕੀਤੀਆਂ ਜਾਣਗੀਆਂ, ਜਦਕਿ ਜੰਮੂ-ਕਸ਼ਮੀਰ, ਉੱਤਰ ਪ੍ਰਦੇਸ਼, ਪੱਛਮੀ ਬੰਗਾਲ (ਕਲਕੱਤਾ), ਰਾਜਸਥਾਨ ਆਦਿ ਰਾਜਾਂ ਤੋਂ ਆਉਣ ਵਾਲੀਆਂ ਮਹਿਲਾ ਉੱਦਮੀਆਂ ਅਤੇ ਸ਼ਿਲਪਕਾਰਾਂ ਦੀਆਂ ਵਿਲੱਖਣ ਰਚਨਾਵਾਂ ਦਰਸ਼ਕਾਂ ਲਈ ਖਾਸ ਆਕਰਸ਼ਣ ਦਾ ਕੇਂਦਰ ਬਣਨਗੀਆਂ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੌਂ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਿੰਪੀ ਗਰਗ, ਐਸ.ਡੀ.ਐਮ ਮਾਲੇਰਕੋਟਲਾ/ਅਹਿਮਦਗੜ੍ਹ ਗੁਰਮੀਤ ਕੁਮਾਰ ਬਾਂਸਲ, ਐਸ.ਡੀ.ਐਮ ਅਮਰਗੜ੍ਹ ਸੁਰਿੰਦਰ ਕੌਰ, ਡੀ.ਐਸ.ਪੀ ਮਾਨਵਜੀਤ ਸਿੰਘ, ਕਾਰਜ ਸਾਧਕ ਅਫਸਰ ਮਾਲੇਰਕੋਟਲਾ ਚੰਦਰ ਪ੍ਰਕਾਸ਼ ਵਧਵਾ, ਸਹਾਇਕ ਸਿਵਲ ਸਰਜਨ ਡਾ. ਸਜੀਲਾ ਖਾਨ, ਸਹਾਇਕ ਇੰਜੀਨੀਅਰ (ਪੀ.ਡਬਲਿਊ.ਡੀ) ਇੰਜੀ. ਹਰਮੁਨੀਤ ਸਿੰਘ, ਐਕਸੀਅਨ ਪੀ.ਐਸ.ਪੀ.ਸੀ.ਐਲ ਇੰਜੀ. ਹਰਵਿੰਦਰ ਸਿੰਘ, ਏ.ਈ. ਇੰਜ. ਮਨਪ੍ਰੀਤ ਸਿੰਘ ਚਾਹਿਲ ਸਹਾਇਕ ਕਮਿਸ਼ਨਰ ਫੂਡ ਸੇਫਟੀ ਰਾਖੀ ਵਿਨਾਇਕ, ਸੀ.ਡੀ.ਪੀ.ਓ. ਪਵਨ ਕੁਮਾਰ,ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਮਨਜੀਤ ਕੌਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button
error: Content is protected !!