Uncategorized

ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਤਹਿਤ ਪਿੰਡਾਂ ਵਿੱਚ ਕੂੜਾ ਪ੍ਰਬੰਧਨ ਸਬੰਧੀ ਮੀਟਿੰਗ ਆਯੋਜਿ

ਪਿੰਡਾਂ ਵਿੱਚ ਸਫ਼ਾਈ ਢਾਂਚੇ ਨੂੰ ਮਜ਼ਬੂਤ ਬਣਾਉਣ ਲਈ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਦੇ ਨਿਰਦੇਸ਼

ਮਾਲੇਰਕੋਟਲਾ, 26 ਫਰਵਰੀ ( ਵਾਸ਼ਿਸ਼ਟ )

ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਵੱਲੋਂ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਤਹਿਤ ਪਿੰਡਾਂ ਵਿੱਚ ਕਰਵਾਏ ਜਾਣ ਵਾਲੇ ਕੰਮਾਂ ਦੀ ਕਾਰਗੁਜ਼ਾਰੀ ਸਬੰਧੀ ਪ੍ਰਗਤੀ ਦੀ ਸਮੀਖਿਆ ਲਈ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਪਿੰਡਾਂ ਵਿੱਚ ਘਰ-ਘਰ ਕੂੜਾ ਇਕੱਠਾ ਕਰਨ ਦੀ ਪ੍ਰਣਾਲੀ, ਕੂੜੇ ਦੀ ਛਾਂਟ, ਠੋਸ ਕਚਰੇ ਦੇ ਯੋਗ ਪ੍ਰਬੰਧਨ ਅਤੇ ਗੰਦੇ ਪਾਣੀ ਦੀ ਨਿਕਾਸੀ ਲਈ ਲਿਕਵਿਡ ਵੇਸਟ ਮੈਨੇਜਮੈਂਟ ਢਾਂਚੇ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ।

ਡਿਪਟੀ ਕਮਿਸ਼ਨਰ ਨੇ ਦਿਸ਼ਾ-ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਹਰ ਗ੍ਰਾਮ ਪੰਚਾਇਤ ਵਿੱਚ ਸੋਲਿਡ ਅਤੇ ਲਿਕਵਿਡ ਵੇਸਟ ਮੈਨੇਜਮੈਂਟ ਯੂਨਿਟਾਂ ਦੀ ਸਮਾਂਬੱਧ ਤੌਰ ‘ਤੇ ਸਥਾਪਨਾ ਅਤੇ ਚਾਲੂ ਹਾਲਤ ਯਕੀਨੀ ਬਣਾਈ ਜਾਵੇ। ਉਨ੍ਹਾਂ ਨੇ ਕਿਹਾ ਕਿ ਗੰਦੇ ਪਾਣੀ ਦੇ ਖੁੱਲ੍ਹੇ ਇਕੱਠ ਨੂੰ ਰੋਕਣ, ਸੋਕ ਪਿੱਟ ਅਤੇ ਡਰੇਨੇਜ ਪ੍ਰਣਾਲੀ ਦੇ ਵਿਕਾਸ ਅਤੇ ਠੋਸ ਕਚਰੇ ਦੇ ਵਿਗਿਆਨਕ ਨਿਪਟਾਰੇ ਲਈ ਠੋਸ ਕਾਰਵਾਈ ਕੀਤੀ ਜਾਵੇ।

ਡਿਪਟੀ ਕਮਿਸ਼ਨਰ ਕਿਹਾ ਕਿ ਸਵੱਛਤਾ ਅਤੇ ਸਿਹਤ ਇਕ-ਦੂਜੇ ਨਾਲ ਗਹਿਰੇ ਤੌਰ ‘ਤੇ ਜੁੜੇ ਹੋਏ ਹਨ, ਇਸ ਲਈ ਆਮ ਲੋਕਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਦੇ ਹੋਏ ਪਿੰਡਾਂ ਵਿੱਚ ਖੁੱਲ੍ਹੇ ਵਿੱਚ ਗੰਦੇ ਪਾਣੀ ਦੇ ਇਕੱਠ ਨੂੰ ਰੋਕਣ ਲਈ ਠੋਸ ਕਦਮ ਚੁੱਕਣ। ਉਨ੍ਹਾਂ ਬਲਾਕ ਵਿਕਾਸ ਅਤੇ ਪੰਚਾਇਤ ਅਫਸਰਾਂ ਨੂੰ ਦਿਸ਼ਾ-ਨਿਰਦੇਸ਼ ਦਿੱਤੇ ਕਿ ਉਹ ਗ੍ਰਾਮ ਪੰਚਾਇਤਾਂ ਨਾਲ ਨਿਰੰਤਰ ਸੰਪਰਕ ਵਿੱਚ ਰਹਿ ਕੇ ਚੱਲ ਰਹੇ ਵਿਕਾਸ ਕੰਮਾਂ ਦੀ ਨਿਗਰਾਨੀ ਕਰਨ ਅਤੇ ਲੰਬਿਤ ਪ੍ਰੋਜੈਕਟਾਂ ਨੂੰ ਤੁਰੰਤ ਮੁਕੰਮਲ ਕਰਵਾਉਣ।

ਉਨ੍ਹਾਂ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਗਈ ਕਿ ਜਾਗਰੂਕਤਾ ਮੁਹਿੰਮਾਂ ਰਾਹੀਂ ਪਿੰਡ ਵਾਸੀਆਂ ਨੂੰ ਸਾਫ-ਸਫਾਈ ਅਤੇ ਗੰਦੇ ਪਾਣੀ ਦੇ ਸਹੀ ਨਿਕਾਸ ਬਾਰੇ ਜਾਣੂ ਕਰਵਾਇਆ ਜਾਵੇ। ਇਸ ਤੋਂ ਇਲਾਵਾ, ਜਲ ਸਪਲਾਈ ਤੇ ਸੈਨਿਟੇਸ਼ਨ ਵਿਭਾਗ ਨੂੰ ਤਕਨੀਕੀ ਮਦਦ ਅਤੇ ਮਾਪਦੰਡਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਕਿਹਾ ਗਿਆ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਿੰਪੀ ਗਰਗ, ਬੀ.ਡੀ.ਪੀ.ਓ ਬਬਲਜੀਤ ਕੌਰ, ਬੀ.ਡੀ.ਪੀ.ਓ ਜਸਮਿੰਦਰ ਸਿੰਘ, ਸਿਵਲ ਸਰਜਨ ਡਾ. ਰਮਨਦੀਪ ਸਿੰਗਲਾ, ਜਿਲਾ ਪਰਿਵਾਰ ਭਲਾਈ ਅਫਸਰ ਡਾ.ਸੀਮਾ ਜੱਸਲ, ਐਕਸ਼ੀਅਨ ਜਲ ਸਪਲਾਈ ਅਤੇ ਸੈਨਿਟੇਸ਼ਨ ਵਿਭਾਗ ਇੰਜੀ ਹਿਰਦੇਵ ਪਾਲ ਸਿੰਘ, ਐਕਸ਼ੀਅਨ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਇੰਜੀ. ਆਦਰਸ਼ ਨਿਰਮਲ ਤੋਂ ਇਲਾਵਾ ਵੱਖ- ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।

Related Articles

Leave a Reply

Your email address will not be published. Required fields are marked *

Back to top button
error: Content is protected !!