ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਸਰਬ-ਸੰਮਤੀ ਨਾਲ ਚੁਣੀਆਂ ਪੰਚਾਇਤਾਂ ਨੂੰ 5-5 ਲੱਖ ਰੁਪਏ ਦੀ ਵਿਸ਼ੇਸ਼ ਗ੍ਰਾਂਟ ਵੰਡੀ
ਪੰਜਾਬ ਸਰਕਾਰ ਵੱਲੋਂ ਪੇਂਡੂ ਖੇਤਰ ਦੇ ਵਿਕਾਸ ਵਿੱਚ ਕੋਈ ਕਮੀਂ ਨਹੀਂ ਰਹਿਣ ਦਿੱਤੀ ਜਾਵੇਗੀ - ਧਾਲੀਵਾਲ

ਅਜਨਾਲਾ 17 ਫਰਵਰੀ ( ਸੂਤਰ ) ਵਿਧਾਨ ਸਭਾ ਹਲਕਾ ਅਜਨਾਲਾ ਦੇ ਵਿਧਾਇਕ ਸ. ਕੁਲਦੀਪ ਸਿੰਘ ਧਾਲੀਵਾਲ ਵੱਲੋਂ ਹਲਕੇ ਦੇ ਪੰਜ ਪਿੰਡਾਂ ਪੰਡੋਰੀ ਨੇੜੇ ਰਮਦਾਸ, ਬਾਜਵਾ, ਸਮਰਾਏ, ਬੇਦੀ ਛੰਨਾਂ ਤੇ ਨਾਸਰ ਦੀਆਂ ਸਰਬ-ਸੰਮਤੀ ਨਾਲ ਬਣੀਆਂ ਪੰਚਾਇਤਾਂ ਨੂੰ ਇਨਾਮ ਵਜੋਂ 5-5 ਲੱਖ ਰੁਪਏ ਚੈੱਕ ਵੰਡੇ। ਪੰਚਾਇਤਾਂ ਨੂੰ ਚੈੱਕ ਵੰਡਣ ਮੌਕੇ ਵਿਧਾਇਕ ਸ. ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਬਸੰਮਤੀ ਨਾਲ ਚੁਣੀਆਂ ਪੰਚਾਇਤਾਂ ਲਈ ਵਿਸ਼ੇਸ਼ ਗ੍ਰਾਂਟ ਦੇਣ ਦਾ ਜੋ ਵਾਅਦਾ ਕੀਤਾ ਸੀ ਉਸ ਨੂੰ ਮਾਨ ਸਰਕਾਰ ਵੱਲੋਂ ਪੂਰਾ ਕੀਤਾ ਜਾ ਰਿਹਾ ਹੈ।

ਉਨ੍ਹਾਂ ਪੰਚਾਇਤੀ ਨੁਮਾਇੰਦਿਆਂ ਨੂੰ ਕਿਹਾ ਕਿ ਉਹ ਇਸ ਰਾਸ਼ੀ ਨੂੰ ਪੂਰੀ ਇਮਾਨਦਾਰੀ ਤੇ ਪਾਰਦਰਸ਼ਤਾ ਨਾਲ ਆਪਣੇ ਪਿੰਡਾਂ ਦੇ ਵਿਕਾਸ ਉੱਪਰ ਖਰਚਣ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਲਈ ਹੋਰ ਵੀ ਗ੍ਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ ਅਤੇ ਸਰਕਾਰ ਵੱਲੋਂ ਪੇਂਡੂ ਖੇਤਰ ਦੇ ਵਿਕਾਸ ਵਿੱਚ ਕੋਈ ਕਮੀਂ ਨਹੀਂ ਰਹਿਣ ਦਿੱਤੀ ਜਾਵੇਗੀ।

ਇਸ ਮੌਕੇ ਵਿਧਾਇਕ ਸ. ਕੁਲਦੀਪ ਸਿੰਘ ਧਾਲੀਵਾਲ ਨੇ ਵੱਖ-ਵੱਖ ਪ੍ਰਭਾਵੀ ਜਨਤਕ ਇਕੱਠਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮਾਨ ਸਰਕਾਰ ਵੱਲੋਂ ਜਿੱਥੇ ਸੂਬੇ ਦਾ ਸਰਬਪੱਖੀ ਵਿਕਾਸ ਕੀਤਾ ਜਾ ਰਿਹਾ ਹੈ ਓਥੇ ਸੂਬੇ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਵੀ ਯੁੱਧ ਨਸ਼ਿਆਂ ਵਿਰੁੱਧ ਲੜਿਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਦੇ ਹੁਣ ਤੱਕ ਬਹੁਤ ਸਾਰਥਿਕ ਨਤੀਜੇ ਸਾਹਮਣੇ ਆਏ ਹਨ ਅਤੇ ਪੰਜਾਬ ਸਰਕਾਰ ਦੀ ਸਖਤੀ ਕਾਰਨ ਵੱਡੀ ਗਿਣਤੀ ਵਿੱਚ ਨਸ਼ੇ ਦੇ ਸੌਦਾਗਰ ਫੜ ਕੇ ਜੇਲ੍ਹਾਂ ਵਿੱਚ ਡੱਕੇ ਗਏ ਹਨ। ਉਨ੍ਹਾਂ ਕਿਹਾ ਕਿ ਅਵਾਮ ਦੇ ਸਾਥ ਨਾਲ ਪੰਜਾਬ ਸਰਕਾਰ ਯੁੱਧ ਨਸ਼ਿਆਂ ਵਿਰੁੱਧ ਜਿੱਤ ਕੇ ਸੂਬੇ ਨੂੰ ਮੁੜ ਰੰਗਲਾ ਪੰਜਾਬ ਬਣਾਵੇਗੀ।




