ਡਿਪਟੀ ਕਮਿਸ਼ਨਰ ਨੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਹਰ ਪਰਿਵਾਰ ਦੀ ਰਜਿਸਟ੍ਰੇਸ਼ਨ ਯਕੀਨੀ ਬਣਾਉਣ ਲਈ ਦਿੱਤੇ ਨਿਰਦੇਸ਼
ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਦੌਰਾਨ ਪ੍ਰਗਤੀ ਦਾ ਲਿਆ ਜਾਇਜ਼ਾ, ਜ਼ਿਲ੍ਹਾ ਵਾਸੀਆਂ ਨੂੰ ਯੋਜਨਾ ਨਾਲ ਜੁੜਨ ਦੀ ਅਪੀਲ

ਮਾਲੇਰਕੋਟਲਾ, 6 ਮਾਰਚ ( ਵਾਸ਼ਿਸ਼ਟ )

ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਜ਼ਿਲ੍ਹੇ ਵਿੱਚ ਰਜਿਸਟ੍ਰੇਸ਼ਨ ਦੀ ਪ੍ਰਗਤੀ ਦਾ ਜਾਇਆ ਲੈਂਦਿਆਂ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੱਤੇ ਕਿ ਜ਼ਿਲ੍ਹੇ ਦੇ ਹਰ ਯੋਗ ਪਰਿਵਾਰ ਨੰੋ ਇਸ ਯੋਜਨਾ ਨਾਲ ਜੋੜਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪ੍ਰਦਾਨ ਕੀਤੀ ਜਾ ਰਹੀ ਮੁਫ਼ਤ ਸਿਹਤ ਸਹੂਲਤ ਦਾ ਲਾਭ ਹਰ ਨਾਗਰਿਕ ਤੱਕ ਪਹੁੰਚਣ ਲਈ ਰਜਿਸਟ੍ਰੇਸ਼ਨ ਜ਼ਰੂਰੀ ਹੈ।

ਉਨ੍ਹਾਂ ਐਸ.ਡੀ.ਐਮ, ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਹੋਰ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਨੂੰ ਹੋਰ ਤੇਜ਼ ਕੀਤਾ ਜਾਵੇ ਅਤੇ ਲੋਕਾਂ ਨੂੰ ਇਸ ਯੋਜਨਾ ਬਾਰੇ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਰਜਿਸਟ੍ਰੇਸ਼ਨ ਕਰਵਾਉਣ ਲਈ ਪਰਿਵਾਰ ਦੇ 18 ਸਾਲ ਤੋਂ ਵੱਧ ਉਮਰ ਦੇ ਦੋ ਮੈਂਬਰਾਂ ਨੂੰ ਆਪਣਾ ਆਧਾਰ ਕਾਰਡ ਅਤੇ ਵੋਟਰ ਆਈ.ਡੀ. ਕਾਰਡ ਸਮੇਤ ਨਜ਼ਦੀਕੀ ਸੀ.ਐਸ.ਸੀ. ਕੇਂਦਰ ਜਾਂ ਸਰਕਾਰੀ ਸਿਹਤ ਸੰਸਥਾ ਵਿਖੇ ਪਹੁੰਚਣਾ ਲਾਜ਼ਮੀ ਹੈ।

ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਕਾਮਨ ਸਰਵਿਸ ਸੈਂਟਰਾਂ ਦੇ ਨਾਲ-ਨਾਲ ਵੱਖ-ਵੱਖ ਸਥਾਨਾਂ ’ਤੇ ਵਿਸ਼ੇਸ਼ ਕੈਂਪ ਲਗਾ ਕੇ ਵੀ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਜਾਰੀ ਹੈ। ਉਨ੍ਹਾਂ ਸਾਰੇ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਦੇ ਹੋਏ ਇਸ ਜਨ-ਹਿਤੈਸ਼ੀ ਯੋਜਨਾ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਕਿਹਾ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਯੋਜਨਾ ਦੇ ਤਹਿਤ ਲਾਭਪਾਤਰੀ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦੇ ਕੈਸ਼ਲੈਸ ਇਲਾਜ ਦੀ ਸਹੂਲਤ ਪ੍ਰਦਾਨ ਕੀਤੀ ਜਾਵੇਗੀ । ਇਸ ਲਈ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਆਪਣੇ ਨੇੜਲੇ ਕਾਮਨ ਸਰਵਿਸ ਸੈਂਟਰਾਂ ਜਾਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਜਾ ਕੇ ਆਪਣੀ ਰਜਿਸਟ੍ਰੇਸ਼ਨ ਕਰਵਾਉਣ ਅਤੇ ਇਸ ਮਹੱਤਵਪੂਰਨ ਯੋਜਨਾ ਦਾ ਲਾਭ ਪ੍ਰਾਪਤ ਕਰਨ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਸਿੰਘ ਬਰਾੜ, ਐਸ.ਡੀ.ਐਮ ਹਰਬੰਸ ਸਿੰਘ, ਸਿਵਲ ਸਰਜਨ ਡਾ. ਰਮਨਦੀਪ ਸਿੰਗਲਾ, ਕਾਰਜ ਸਾਧਕ ਅਫਸਰ ਚੰਦਰ ਪ੍ਰਕਾਸ਼ ਵਧਵਾ, ਬੀ.ਡੀ.ਪੀ.ਓ ਜਸਮਿੰਦਰ ਸਿੰਘ, ਜ਼ਿਲ੍ਹਾ ਤਕਨੀਕੀ ਕੋਆਰਡੀਨੇਟਰ ਜਸਪ੍ਰੀਤ ਕੌਰ, ਸਹਾਇਕ ਜ਼ਿਲਾ ਆਈ.ਟੀ ਮੈਨੇਜਰ ਨਰਿੰਦਰ ਸ਼ਰਮਾਂ ਤੋਂ ਇਲਾਵਾ ਵੱਖ –ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ ।




