ਪੰਜਾਬ ਸਰਕਾਰ ਵਲੋਂ ਸਿਹਤ, ਸਿੱਖਿਆ ਅਤੇ ਬਿਜਲੀ ਵਰਗੇ ਖੇਤਰਾਂ ‘ਚ ਕੀਤੀਆਂ ਗਈਆਂ ਵੱਡੀਆਂ ਪਹਿਲਕਦਮੀਆਂ- ਵਿਧਾਇਕ ਸ਼ੈਰੀ ਕਲਸੀ
ਕਿਹਾ-ਪੰਜਾਬ ਸਰਕਾਰ ਪਹਿਲੇ ਦਿਨ ਤੋਂ ਲੋਕ ਹਿੱਤਾਂ ਵਿੱਚ ਕਰ ਰਹੀ ਹੈ ਕਾਰਜ

ਬਟਾਲਾ, 7 ਮਾਰਚ ( ਸੂਤਰ )

ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੇ ਪਹਿਲੇ ਦਿਨ ਤੋਂ ਹੀ ਲੋਕ ਹਿੱਤ ਵਿੱਚ ਵੱਡੇ ਫੈਸਲੇ ਲਏ ਹਨ ਅਤੇ ਨਿਰੰਤਰ ਵਿਕਾਸ ਕਾਰਜ ਜਾਰੀ ਹਨ।

ਗੱਲਬਾਤ ਕਰਦਿਆਂ ਪੰਜਾਬ ਦੇ ਕਾਰਜਕਾਰੀ ਸੂਬਾ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ ਲਗਾਤਾਰ ਸੂਬੇ ਦੀ ਬਿਹਤਰੀ ਲਈ ਕੰਮ ਕਰ ਰਹੀ ਹੈ ਅਤੇ ਬਿਜਲੀ, ਸਿਹਤ, ਸਿੱਖਿਆ ਵਰਗੇ ਖੇਤਰਾਂ ‘ਚ ਹੋਈ ਤਰੱਕੀ ਸਾਡੀ ਸਰਕਾਰ ਵੱਲੋਂ ਕੀਤੇ ਕੰਮਾਂ ਦੇ ਸਬੂਤ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾ ਸਿਰਫ਼ ਦੇਸ਼ ਵਿੱਚ ਸਗੋਂ ਦੁਨੀਆ ਵਿੱਚ ਸਭ ਤੋਂ ਵੱਡੀ ਸਿਹਤ ਸੁਰੱਖਿਆ ਪਹਿਲਕਦਮੀ ਹੈ, ਜੋ ਰੋਜ਼ਾਨਾ ਵੱਡੀ ਗਿਣਤੀ ਵਿੱਚ ਲੋੜਵੰਦ ਪਰਿਵਾਰਾਂ ਨੂੰ ਮੁਫ਼ਤ ਇਲਾਜ ਪ੍ਰਦਾਨ ਕਰਦੀ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਸਿਹਤ ਕਾਰਡ ਬਣਾਉਣ ਲਈ ਵਿਸ਼ੇਸ਼ ਕੈਂਪ ਲਗਾਏ ਗਏ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਵੱਧ ਤੋਂ ਵੱਧ ਲੋਕ ਇਸ ਦਾ ਲਾਭ ਲੈ ਸਕਣ।

ਵਿਧਾਇਕ ਸ਼ੈਰੀ ਕਲਸੀ ਨ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਲਗਭਗ 65 ਲੱਖ ਪਰਿਵਾਰਾਂ ਨੂੰ ਕਵਰ ਕਰ ਰਹੀ ਹੈ। ਇਸ ਨਾਲ ਲਗਭਗ 3 ਕਰੋੜ ਲੋਕਾਂ ਨੂੰ 10 ਲੱਖ ਤੱਕ ਦਾ ਕੈਸ਼ਲੈਸ ਅਤੇ ਮੁਫ਼ਤ ਇਲਾਜ ਮਿਲੇਗਾ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਸੂਬੇ ਭਰ ਦੇ ਲਗਭਗ 900 ਸਰਕਾਰੀ ਅਤੇ ਨਿੱਜੀ ਹਸਪਤਾਲਾਂ ਨੂੰ ਸੂਚੀਬੱਧ ਕੀਤਾ ਗਿਆ ਹੈ ਅਤੇ 2,356 ਕਿਸਮਾਂ ਦੇ ਇਲਾਜ ਪੈਕੇਜ ਸ਼ਾਮਲ ਹਨ।

ਉਨ੍ਹਾਂ ਨੇ ਦੱਸਿਆ ਕਿ ਲਾਭਪਾਤਰੀਆਂ ਨੂੰ ਪਹਿਲਾਂ ਸਿਹਤ ਕਾਰਡ ਪ੍ਰਾਪਤ ਕਰਨ ਲਈ ਇੱਕ ਅਪਾਇੰਟਮੈਂਟ ਸਲਿੱਪ ਦਿੱਤੀ ਜਾਂਦੀ ਹੈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਰਜਿਸਟਰ ਕੀਤਾ ਜਾਂਦਾ ਹੈ। ਸਿਹਤ ਵਿਭਾਗ ਦੇ ਅਧਿਕਾਰੀਆਂ ਅਨੁਸਾਰ 18 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਲਈ ਆਧਾਰ ਕਾਰਡ ਅਤੇ ਵੋਟਰ ਆਈ.ਡੀ ਕਾਰਡ ਜ਼ਰੂਰੀ ਹੈ, ਜਦੋਂ ਕਿ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਜਨਮ ਸਰਟੀਫਿਕੇਟ ਅਤੇ ਆਧਾਰ ਕਾਰਡ ਜ਼ਰੂਰੀ ਹੈ।

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਿਹਤ ਕਾਰਡ ਪ੍ਰਾਪਤ ਕਰਨ ਲਈ ਆਪਣੇ ਨੇੜਲੇ ਸਿਹਤ ਕਾਰਡ ਕੈਂਪਾਂ ਵਿੱਚ ਜਾਣ ਤਾਂ ਜੋ ਲੋੜ ਪੈਣ ‘ਤੇ ਉਹ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਪ੍ਰਾਪਤ ਕਰ ਸਕਣ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦਾ ਟੀਚਾ ਹਰ ਪਰਿਵਾਰ ਨੂੰ ਬਿਹਤਰ ਸਿਹਤ ਸੁਰੱਖਿਆ ਪ੍ਰਦਾਨ ਕਰਨਾ ਅਤੇ ਵਿੱਤੀ ਬੋਝ ਤੋਂ ਰਾਹਤ ਦੇਣਾ ਹੈ।



