Uncategorized

ਜ਼ਿਲ੍ਹੇ ਵਿੱਚ ਐੱਲ.ਪੀ.ਜੀ, ਪੈਟਰੋਲ/ਡੀਜ਼ਲ ਦੀ ਕੋਈ ਕਮੀ ਨਹੀਂ – ਡਿਪਟੀ ਕਮਿਸ਼ਨਰ

ਜਮ੍ਹਾਖੋਰੀ ਜਾਂ ਬਲੈਕ ਮਾਰਕੀਟਿੰਗ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ

ਮਾਲੇਰਕੋਟਲਾ, 11 ਮਾਰਚ ( ਸੂਤਰ )


ਖਾੜੀ ਖੇਤਰ ਦੇ ਦੇਸ਼ਾਂ ਵਿੱਚ ਚੱਲ ਰਹੀ ਜੰਗ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਵੱਲੋਂ ਜ਼ਿਲ੍ਹੇ ਦੇ ਪੈਟਰੋਲੀਅਮ/ਐਲ:ਪੀ:ਜੀ ਅਧਿਕਾਰੀਆਂ ਅਤੇ ਪੈਟਰੋਲ ਪੰਪਾਂ ਅਤੇ ਗੈਸ ਏਜੰਸੀ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਦੇ ਹੋਏ ਦੱਸਿਆ ਕਿ ਜਿਲ੍ਹੇ ਵਿੱਚ ਐਲ.ਪੀ.ਜੀ, ਪੈਟਰੋਲ/ਡੀਜਲ ਦੀ ਕੋਈ ਕਮੀ ਨਹੀਂ ਹੈ ਅਤੇ ਲੋਕਾਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੈਟਰੋਲ, ਡੀਜ਼ਲ ਅਤੇ ਘਰੇਲੂ ਵਰਤੋਂ ਲਈ ਐਲ.ਪੀ.ਜੀ. ਦੀ ਨਿਰੰਤਰ ਸਪਲਾਈ ਯਕੀਨੀ ਬਣਾਉਣ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਸਰਕਾਰ ਵੱਲੋਂ ਮੌਜੂਦਾ ਹਾਲਾਤਾਂ ਨੂੰ ਧਿਆਨ ਵਿੱਚ ਰੱਖਦਿਆਂ ਸਪਲਾਈ ਚੇਨ ਨੂੰ ਮਜ਼ਬੂਤ ਰੱਖਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ, ਜਿਸ ਕਰਕੇ ਜ਼ਿਲ੍ਹੇ ਵਿੱਚ ਪੈਟਰੋਲ-ਡੀਜ਼ਲ ਅਤੇ ਘਰੇਲੂ ਵਰਤੋਂ ਲਈ ਐਲ.ਪੀ.ਜੀ. ਦੀ ਸਪਲਾਈ ਲੋੜੀਦੀ ਮਾਤਰਾ ਵਿਚ ਉਪਲੱਬਧ ਹੈ।

ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਅਫ਼ਵਾਹ ਜਾਂ ਗਲਤ ਜਾਣਕਾਰੀ ਤੋਂ ਪ੍ਰਭਾਵਿਤ ਨਾ ਹੋਣ ਅਤੇ ਬੇਲੋੜੀ ਖਰੀਦਦਾਰੀ ਜਾਂ ਸਟਾਕ ਇਕੱਠਾ ਕਰਨ ਤੋਂ ਗੁਰੇਜ਼ ਕਰਨ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਸਪਲਾਈ ਪ੍ਰਣਾਲੀ ਉੱਤੇ ਨਿਰੰਤਰ ਨਿਗਰਾਨੀ ਰੱਖੀ ਜਾ ਰਹੀ ਹੈ ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਾ ਆਵੇ।

ਡਿਪਟੀ ਕਮਿਸ਼ਨਰ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਐੱਲ.ਪੀ.ਜੀ., ਪੈਟਰੋਲ ਜਾਂ ਡੀਜ਼ਲ ਦੀ ਜਮ੍ਹਾਖੋਰੀ, ਕ੍ਰਿਤ੍ਰਿਮ ਕਮੀ ਪੈਦਾ ਕਰਨ ਜਾਂ ਬਲੈਕ ਮਾਰਕੀਟਿੰਗ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕਿਸੇ ਨੂੰ ਸਪਲਾਈ ਸਬੰਧੀ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਤੁਰੰਤ ਜ਼ਿਲ੍ਹਾ ਪ੍ਰਸ਼ਾਸਨ ਨਾਲ ਸੰਪਰਕ ਕਰ ਸਕਦੇ ਹਨ।

Related Articles

Leave a Reply

Your email address will not be published. Required fields are marked *

Back to top button
error: Content is protected !!