ਮਾਵਾਂ ਧੀਆਂ ਸਤਿਕਾਰ ਯੋਜਨਾ ਨਾਲ ਮਹਿਲਾਵਾਂ ਵਿੱਚ ਖੁਸ਼ੀ ਦੀ ਲਹਿਰ
ਬਨਭੌਰਾ ਵਿਖੇ 'ਜਾਗੋ ਪ੍ਰੋਗਰਾਮ’ ਦੌਰਾਨ ਮਹਿਲਾਵਾਂ ਨੇ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ

ਅਮਰਗੜ੍ਹ 13 ਮਾਰਚ ( ਵਾਸ਼ਿਸ਼ਟ )

ਬਨਭੌਰਾ ਵਿਖੇ ਮਹਿਲਾਵਾਂ ਵੱਲੋਂ ਪੰਜਾਬ ਸਰਕਾਰ ਦੀ ਲੋਕ ਭਲਾਈ ਨੀਤੀਆਂ ਦੇ ਸਮਰਥਨ ਵਿੱਚ ਵਿਸ਼ੇਸ਼ “ਜਾਗੋ ਪ੍ਰੋਗਰਾਮ” ਆਯੋਜਿਤ ਕੀਤਾ ਗਿਆ, ਜਿਸ ਦੌਰਾਨ ਇਲਾਕੇ ਦੀਆਂ ਮਹਿਲਾਵਾਂ ਨੇ ਵੱਡੀ ਗਿਣਤੀ ਵਿੱਚ ਇਕੱਠੇ ਹੋ ਕੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ “ਮਾਵਾਂ ਧੀਆਂ ਸਤਿਕਾਰ ਯੋਜਨਾ” ਲਈ ਆਪਣੀ ਖੁਸ਼ੀ ਅਤੇ ਧੰਨਵਾਦ ਪ੍ਰਗਟ ਕੀਤਾ। ਪ੍ਰੋਗਰਾਮ ਦੌਰਾਨ ਮਹਿਲਾਵਾਂ ਵਿੱਚ ਖੁਸ਼ੀ ਅਤੇ ਉਤਸ਼ਾਹ ਦਾ ਮਾਹੌਲ ਦੇਖਣ ਨੂੰ ਮਿਲਿਆ ਅਤੇ ਉਨ੍ਹਾਂ ਨੇ ਇਸ ਯੋਜਨਾ ਨੂੰ ਆਪਣੇ ਸਨਮਾਨ ਅਤੇ ਆਤਮਨਿਰਭਰਤਾ ਵੱਲ ਇੱਕ ਮਹੱਤਵਪੂਰਨ ਕਦਮ ਕਰਾਰ ਦਿੱਤਾ।


ਇਸ ਮੌਕੇ ਮਹਿਲਾਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੀ ਭਲਾਈ ਲਈ ਚੁੱਕਿਆ ਗਿਆ ਇਹ ਕਦਮ ਬਹੁਤ ਹੀ ਸ਼ਲਾਘਾਯੋਗ ਹੈ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਨਾਲ ਮਹਿਲਾਵਾਂ ਨੂੰ ਨਾ ਸਿਰਫ ਆਰਥਿਕ ਸਹਾਰਾ ਮਿਲੇਗਾ, ਸਗੋਂ ਸਮਾਜ ਵਿੱਚ ਉਨ੍ਹਾਂ ਦਾ ਮਾਣ-ਸਨਮਾਨ ਵੀ ਵਧੇਗਾ। ਮਹਿਲਾਵਾਂ ਨੇ ਕਿਹਾ ਕਿ ਇਹ ਯੋਜਨਾ ਮਹਿਲਾਵਾਂ ਨੂੰ ਹੋਰ ਆਤਮਵਿਸ਼ਵਾਸੀ ਬਣਾਉਣ ਵਿੱਚ ਮਦਦ ਕਰੇਗੀ ਅਤੇ ਉਨ੍ਹਾਂ ਨੂੰ ਆਪਣੇ ਘਰੇਲੂ ਅਤੇ ਨਿੱਜੀ ਖਰਚਿਆਂ ਵਿੱਚ ਵੀ ਸਹੂਲਤ ਮਿਲੇਗੀ।

ਇਸ ਪ੍ਰੋਗਰਾਮ ਵਿੱਚ ਵਿਧਾਇਕ ਅਮਰਗੜ੍ਹ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਦੀ ਧਰਮ ਪਤਨੀ ਪਰਮਿੰਦਰ ਕੌਰ ਮੰਡੇਰ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਅਤੇ ਮਹਿਲਾਵਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਮਹਿਲਾਵਾਂ ਦੇ ਸਨਮਾਨ ਅਤੇ ਉਨ੍ਹਾਂ ਦੇ ਅਧਿਕਾਰਾਂ ਦੀ ਰੱਖਿਆ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ “ਮਾਵਾਂ ਧੀਆਂ ਸਤਿਕਾਰ ਯੋਜਨਾ” ਪੰਜਾਬ ਸਰਕਾਰ ਦੀ ਉਸ ਸੋਚ ਦਾ ਨਤੀਜਾ ਹੈ ਜਿਸ ਅਨੁਸਾਰ ਮਹਿਲਾਵਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਬਣਾਉਣਾ ਬਹੁਤ ਜ਼ਰੂਰੀ ਹੈ।

ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਪੰਜਾਬ ਦੀਆਂ 18 ਸਾਲ ਤੋਂ ਵੱਧ ਉਮਰ ਦੀਆਂ ਸਾਰੀਆਂ ਮਹਿਲਾਵਾਂ ਨੂੰ ਹਰ ਮਹੀਨੇ 1000 ਰੁਪਏ ਅਤੇ ਅਨੁਸੂਚਿਤ ਜਾਤੀ ਨਾਲ ਸੰਬੰਧਿਤ ਮਹਿਲਾਵਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਪ੍ਰਦਾਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਸਹਾਇਤਾ ਰਕਮ ਮਹਿਲਾਵਾਂ ਦੀ ਆਰਥਿਕ ਸਥਿਤੀ ਮਜ਼ਬੂਤ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਖੁਦਮੁਖਤਿਆਰ ਬਣਾਉਣ ਵਿੱਚ ਵੀ ਸਹਾਇਕ ਸਾਬਤ ਹੋਵੇਗੀ।

ਇਸ ਮੌਕੇ ਮਹਿਲਾਵਾਂ ਨੇ ਇੱਕ ਸੁਰ ਵਿੱਚ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੀ ਭਲਾਈ ਲਈ ਲਏ ਜਾ ਰਹੇ ਫੈਸਲੇ ਸਰਾਹਣਾ ਯੋਗ ਹਨ। ਉਨ੍ਹਾਂ ਕਿਹਾ ਕਿ “ਮਾਵਾਂ ਧੀਆਂ ਸਤਿਕਾਰ ਯੋਜਨਾ” ਨਾਲ ਮਹਿਲਾਵਾਂ ਨੂੰ ਸਿਰਫ ਆਰਥਿਕ ਮਦਦ ਹੀ ਨਹੀਂ ਮਿਲੇਗੀ, ਸਗੋਂ ਇਹ ਉਨ੍ਹਾਂ ਦੇ ਸਨਮਾਨ ਅਤੇ ਅਸਤੀਤਵ ਨੂੰ ਵੀ ਮਜ਼ਬੂਤ ਕਰੇਗੀ।

ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਲੋਕ ਭਲਾਈ ਯੋਜਨਾਵਾਂ ਨਾਲ ਸਮਾਜ ਦੇ ਹਰ ਵਰਗ ਨੂੰ ਫਾਇਦਾ ਪਹੁੰਚੇਗਾ ਅਤੇ ਪੰਜਾਬ ਨੂੰ ਹੋਰ ਤਰੱਕੀ ਦੇ ਰਾਹ ‘ਤੇ ਲੈ ਕੇ ਜਾਣ ਵਿੱਚ ਮਦਦ ਮਿਲੇਗੀ।



