ਨਵੀਆਂ ਵਿਕਸਿਤ ਹੋ ਰਹੀਆਂ ਅਣ ਅਧਿਕਾਰਿਤ ਕਲੋਨੀਆਂ ਉੱਪਰ ਚੱਲਿਆ ਪੀਲਾ ਪੰਜਾ
ਅੰਮ੍ਰਿਤਸਰ ਵਿਕਾਸ ਅਥਾਰਟੀ, ਪੁੱਡਾ ਦੇ ਜਿਲ੍ਹਾ ਨਗਰ ਯੋਜਨਕਾਰ (ਰੈਗੁਲੇਟਰੀ) ਵਿੰਗ ਵੱਲੋਂ ਕੀਤੀ ਗਈ ਕਾਰਵਾਈ

ਅੰਮ੍ਰਿਤਸਰ, 19 ਮਾਰਚ ( ਸੂਤਰ )

ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਏਡੀਏ ਦੇ ਮੁੱਖ ਪ੍ਰਸ਼ਾਸਕ ਨਿਤੇਸ਼ ਕੁਮਾਰ ਜੈਨ, ਆਈ.ਏ.ਐਸ ਅਤੇ ਵਧੀਕ ਮੁੱਖ ਪ੍ਰਸ਼ਾਸਕ ਸ੍ਰੀਮਤੀ ਇਨਾਯਤ, ਪੀ.ਸੀ.ਐਸ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਜ਼ਿਲ੍ਹਾ ਟਾਊਨ ਪਲਾਨਰ (ਰੈਗੂਲੇਟਰੀ) ਵਿੰਗ ਵੱਲੋਂ ਤਰਨਤਾਰਨ ਰੋਡ ਉੱਪਰ ਪੈਂਦੇ ਪਿੰਡ ਚੱਬਾ ਵਿਖੇ ਬਣ ਰਹੀ ਅਣ-ਅਧਿਕਾਰਤ ਕਲੋਨੀ ਵਿਰੁੱਧ ਕਾਰਵਾਈ ਕਰਦੇ ਹੋਏ ਕਲੋਨੀ ਨੂੰ ਢਾਹ ਦਿੱਤਾ ਗਿਆ।

ਜਿਲ੍ਹਾ ਟਾਊਨ ਪਲਾਨਰ ਸ੍ਰੀ ਅਮਰਿੰਦਜੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਭਵਿੱਖ ਦੇ ਵਿਕਾਸ ਨੂੰ ਨਿਯੰਤਰਣ ਕਰਨ ਲਈ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪਿੰਡ ਚੱਬਾ ਵਿਖੇ ਵਿਕਸਿਤ ਕੀਤੀ ਜਾ ਰਹੀ ਨਵੀ ਅਣ-ਅਧਿਕਾਰਤ ਕਲੋਨੀ ਨੂੰ ਪਾਪਰਾ ਐਕਟ-1995 ਅਧੀਨ ਨੋਟਿਸ ਜਾਰੀ ਕਰਦਿਆਂ ਕੰਮ ਬੰਦ ਕਰਵਾਉਂਦੇ ਹੋਏ ਇਸ ਵਿਰੁੱਧ ਡੈਮੋਲੀਸ਼ਨ ਦੀ ਕਾਰਵਾਈ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਇਸ ਅਣ-ਅਧਿਕਾਰਤ ਕਲੋਨੀ ਦੇ ਮਾਲਕਾਂ ਨੇ ਸਰਕਾਰੀ ਨਿਯਮਾਂ ਦੀਆਂ ਧੱਜੀਆਂ ਉਡਾਈਆਂ ਅਤੇ ਨੋਟਿਸ ਜਾਰੀ ਹੋਣ ਦੇ ਬਾਵਜੂਦ ਉਕਤ ਅਣ-ਅਧਿਕਾਰਤ ਕਲੋਨੀ ਸਬੰਧੀ ਸਪੱਸ਼ਟੀਕਰਨ ਦੇਣ ਦੀ ਬਜਾਏ ਮੌਕੇ ਤੇ ਵਿਕਾਸ ਦੇ ਕੰਮਾਂ ਨੂੰ ਜਾਰੀ ਰੱਖਿਆ ਗਿਆ, ਜਿਸ ਦੇ ਤਹਿਤ ਉੱਚ ਅਧਿਕਾਰੀਆਂ ਦੇ ਹੁਕਮਾਂ ਤਹਿਤ ਉਕਤ ਕਾਰਵਾਈ ਅਮਲ ਵਿੱਚ ਲਿਆਂਦੀ ਗਈ।

ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਇਸ ਅਣ-ਅਧਿਕਾਰਤ ਕਲੋਨੀ ਖਿਲਾਫ ਪਹਿਲਾਂ ਵੀ ਮਿਤੀ 05/06/2025 ਰਾਹੀਂ ਡੈਮੋਲੀਸ਼ਨ ਦੀ ਕਾਰਵਾਈ ਕੀਤੀ ਗਈ ਸੀ ਪਰ ਕਲੋਨੀ ਦੇ ਮਾਲਕਾਂ ਵੱਲੋਂ ਸ਼ਾਮਲਾਟ ਰਕਬੇ ਉੱਪਰ ਕਬਜ਼ਾ ਕਰਦੇ ਹੋਏ ਦੁਬਾਰਾ ਵਿਕਾਸ ਦੇ ਕੰਮ ਸ਼ੁਰੂ ਕਰ ਲਏ ਸਨ, ਜਿਸ ਕਰਕੇ ਹੁਣ ਨਵੇਂ ਕੀਤੇ ਵਿਕਾਸ ਕਾਰਜਾਂ ਨੂੰ ਮੁੜ ਢਾਹਿਆ ਗਿਆ।

ਉਹਨਾਂ ਨੇ ਦੱਸਿਆ ਕਿ ਸ਼ਾਮਲਾਟ ਰਕਬੇ ਉੱਪਰ ਵਿਕਸਿਤ ਕੀਤੀ ਗਈ ਅਣ-ਅਧਿਕਾਰਤ ਕਲੋਨੀ ਸਬੰਧੀ ਪੜਤਾਲ ਕਰਨ ਸਬੰਧੀ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਨੂੰ ਵੀ ਲਿਖਿਆ ਗਿਆ ਹੈ। ਉਨ੍ਹਾਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਅਣ-ਅਧਿਕਾਰਤ ਕਲੋਨੀ ਕੱਟਣ ਵਾਲੇ ਵਿਅਕਤੀ ਵਿਰੁੱਧ ਪਾਪਰਾ ਐਕਟ-1995 ਦੀ ਸੋਧ 2024 ਅਨੁਸਾਰ 5 ਤੋਂ 10 ਸਾਲ ਦੀ ਕੈਦ ਅਤੇ 25 ਲੱਖ ਤੋਂ 5 ਕਰੋੜ ਦਾ ਜ਼ੁਰਮਾਨਾ ਕੀਤਾ ਜਾ ਸਕਦਾ ਹੈ ਜਿਸ ਕਰਕੇ ਉਕਤ ਕਲੋਨੀ ਅਧੀਨ ਆਉਂਦੀ ਜ਼ਮੀਨ ਦੇ ਮਾਲਕਾਂ ਅਤੇ ਕਲੋਨੀ ਵਿਕਸਿਤ ਕਰਨ ਵਾਲਿਆਂ ਖ਼ਿਲਾਫ਼ ਲੋੜੀਂਦੀ ਕਾਰਵਾਈ ਕਰਨ ਲਈ ਪੁਲਿਸ ਵਿਭਾਗ ਨੂੰ ਵੀ ਰੈਵੇਨਿਊ ਰਿਕਾਰਡ ਦੇ ਆਧਾਰ ਲਿਖਿਆ ਜਾ ਰਿਹਾ ਹੈ।

ਏਡੀਏ ਦੇ ਰੈਗੂਲੇਟਰੀ ਵਿੰਗ ਨੇ ਆਮ ਜਨਤਾ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਗੈਰ-ਕਨੂੰਨੀ ਕਲੋਨੀਆਂ ਜੋ ਕਿ ਪੁੱਡਾ ਵਿਭਾਗ ਤੋਂ ਮੰਜ਼ੂਰਸ਼ੁਦਾ ਨਹੀਂ ਹਨ, ਉਹਨਾਂ ਵਿੱਚ ਪੈਂਦੇ ਪਲਾਟਾਂ ਦੀ ਵਿਕਰੀ ਸਬੰਧੀ ਕਿਸੇ ਵੀ ਇਸ਼ਤਿਹਾਰ ਅਨੁਸਾਰ ਪਲਾਟ ਖਰੀਦਣ ਤੋਂ ਪਹਿਲਾਂ ਉਸ ਕਲੋਨੀ ਸਬੰਧੀ ਪੁੱਡਾ ਵੱਲੋਂ ਜਾਰੀ ਕੀਤੀ ਗਈ ਮੰਜੂਰੀ ਦੀ ਮੰਗ ਜ਼ਰੂਰ ਕਰਨ ਅਤੇ ਅੰਮ੍ਰਿਤਸਰ ਵਿਕਾਸ ਅਥਾਰਿਟੀ ਦੀ ਵੈਬਸਾਈਟ ਉਪਰ ਉਪਲਬਧ ਅਣਅਧਿਕਾਰਿਤ ਕਲੋਨੀਆਂ ਸਬੰਧੀ ਵੇਰਵਿਆਂ ਨੂੰ ਜ਼ਰੂਰ ਵਾਚ ਲਿਆ ਜਾਵੇ ਤਾਂ ਜੋ ਉਨ੍ਹਾਂ ਦੇ ਧਨ ਮਾਲ ਦਾ ਨੁਕਸਾਨ ਨਾ ਹੋ ਸਕੇ ਅਤੇ ਉਨ੍ਹਾਂ ਲਈ ਪਰੇਸ਼ਾਨੀ ਦਾ ਕਾਰਨ ਨਾ ਬਣੇ। ਇਸ ਤੋ ਇਲਾਵਾ ਉਹਨਾਂ ਵੱਲੋਂ ਇਹ ਵੀ ਅਪੀਲ ਕੀਤੀ ਗਈ ਕਿ ਜ਼ਿਲ੍ਹੇ ਅੰਦਰ ਕਿਸੇ ਵੀ ਜਗ੍ਹਾ ਉੱਪਰ ਕਿਸੇ ਵੀ ਪ੍ਰਕਾਰ ਦੀ ਉਸਾਰੀ ਕਰਨ ਤੋਂ ਪਹਿਲਾਂ ਪੁੱਡਾ ਵਿਭਾਗ ਪਾਸੋਂ ਲੋੜੀਂਦੀਆਂ ਪ੍ਰਵਾਨਗੀਆਂ ਪ੍ਰਾਪਤ ਕਰਨ ਉਪਰੰਤ ਹੀ ਉਸਾਰੀ ਕੀਤੀ ਜਾਵੇ।




