ਮਹਿਲਾਵਾਂ ਦੀ ਸੁਰੱਖਿਆ ਲਈ ਸਖੀ ਵਨ ਸਟਾਪ ਸੈਂਟਰ ਅਤੇ ਵੂਮੈਨ ਹੈਲਪਲਾਈਨ ਸੇਵਾਵਾਂ ਲਗਾਤਾਰ ਜਾਰੀ

ਮਲੇਰਕੋਟਲਾ, 19 ਮਾਰਚ ( ਵਾਸ਼ਿਸ਼ਟ )
ਜ਼ਿਲ੍ਹੇ ਵਿੱਚ ਮਹਿਲਾਵਾਂ ਦੀ ਸੁਰੱਖਿਆ, ਸਹਾਇਤਾ ਅਤੇ ਸਸ਼ਕਤੀਕਰਨ ਨੂੰ ਯਕੀਨੀ ਬਣਾਉਣ ਲਈ ਸਿਵਲ ਹਸਪਤਾਲ ਵਿਖੇ ਸਖੀ ਵਨ ਸਟਾਪ ਸੈਂਟਰ ਅਤੇ ਵੂਮੈਨ ਹੈਲਪਲਾਈਨ (181) ਦੀਆਂ ਸੇਵਾਵਾਂ 24 ਘੰਟੇ ਲਗਾਤਾਰ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਚਲਾਈਆਂ ਜਾ ਰਹੀਆਂ ਹਨ। ਇਸ ਸਬੰਧੀ ਜ਼ਿਲ੍ਹਾ ਪ੍ਰੋਗਰਾਮ ਅਫਸਰ ਪਰਦੀਪ ਸਿੰਘ ਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਸਹੂਲਤਾਂ ਮਹਿਲਾਵਾਂ ਨੂੰ ਤੁਰੰਤ ਬਹੁਪੱਖੀ ਸਹਾਇਤਾ ਪ੍ਰਦਾਨ ਕਰਨ ਲਈ ਸਮਰਪਿਤ ਹਨ।
ਉਨ੍ਹਾਂ ਦੱਸਿਆ ਕਿ ਸਖੀ ਵਨ ਸਟਾਪ ਸੈਂਟਰ ਹਿੰਸਾ ਪੀੜਤ ਮਹਿਲਾਵਾਂ ਲਈ ਇੱਕ ਮਹੱਤਵਪੂਰਨ ਸਹਾਰਾ ਕੇਂਦਰ ਵਜੋਂ ਕੰਮ ਕਰ ਰਿਹਾ ਹੈ, ਜਿੱਥੇ ਮੈਡੀਕਲ ਸਹਾਇਤਾ, ਕਾਨੂੰਨੀ ਸਲਾਹ, ਪੁਲਿਸ ਸਹਾਇਤਾ, ਮਨੋਵਿਗਿਆਨਕ ਕਾਉਂਸਲਿੰਗ ਅਤੇ ਅਸਥਾਈ ਆਸ਼ਰੇ ਵਰਗੀਆਂ ਸੇਵਾਵਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ। ਇਸ ਦਾ ਮੁੱਖ ਉਦੇਸ਼ ਸੰਕਟ ਦੀ ਘੜੀ ਵਿੱਚ ਮਹਿਲਾਵਾਂ ਨੂੰ ਤੁਰੰਤ ਰਾਹਤ ਦੇਣ ਅਤੇ ਉਨ੍ਹਾਂ ਨੂੰ ਨਿਆਂ ਪ੍ਰਾਪਤੀ ਵੱਲ ਮਦਦ ਕਰਨਾ ਹੈ।
ਇਸ ਤੋਂ ਇਲਾਵਾ ਵੂਮੈਨ ਹੈਲਪਲਾਈਨ (181) 24 ਘੰਟੇ ਚਾਲੂ ਰਹਿੰਦੀ ਹੈ, ਜਿਸ ਰਾਹੀਂ ਮਹਿਲਾਵਾਂ ਘਰੇਲੂ ਹਿੰਸਾ, ਮਾਨਸਿਕ ਜਾਂ ਸ਼ਰੀਰਕ ਉਤਪੀੜਨ, ਦੁਰਵਿਵਹਾਰ ਜਾਂ ਹੋਰ ਕਿਸੇ ਵੀ ਸਮੱਸਿਆ ਸਬੰਧੀ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੀਆਂ ਹਨ। ਹੈਲਪਲਾਈਨ ‘ਤੇ ਮਿਲਣ ਵਾਲੀਆਂ ਸ਼ਿਕਾਇਤਾਂ ‘ਤੇ ਤੁਰੰਤ ਕਾਰਵਾਈ ਕੀਤੀ ਜਾਂਦੀ ਹੈ ਅਤੇ ਜ਼ਰੂਰਤ ਪੈਣ ‘ਤੇ ਸਬੰਧਿਤ ਵਿਭਾਗਾਂ ਨਾਲ ਸਹਿਯੋਗ ਕਰਕੇ ਪੀੜਤਾਂ ਨੂੰ ਮਦਦ ਮੁਹੱਈਆ ਕਰਵਾਈ ਜਾਂਦੀ ਹੈ।
ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਮਹਿਲਾਵਾਂ ਨਾਲ ਹੋ ਰਹੀ ਕਿਸੇ ਵੀ ਤਰ੍ਹਾਂ ਦੀ ਅਨਿਆਇਕ ਘਟਨਾ ਦੀ ਜਾਣਕਾਰੀ ਦੇਣ ਲਈ ਤੁਰੰਤ ਸਖੀ ਵਨ ਸਟਾਪ ਸੈਂਟਰ ਜਾਂ ਹੈਲਪਲਾਈਨ ਨੰਬਰ 181 ‘ਤੇ ਸੰਪਰਕ ਕੀਤਾ ਜਾਵੇ। ਇਸ ਦੇ ਨਾਲ ਹੀ, ਵੱਖ-ਵੱਖ ਜਾਗਰੂਕਤਾ ਕੈਂਪਾਂ ਰਾਹੀਂ ਲੋਕਾਂ ਨੂੰ ਮਹਿਲਾ ਅਧਿਕਾਰਾਂ ਅਤੇ ਉਪਲਬਧ ਸਹੂਲਤਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਇਹ ਉਪਰਾਲਾ ਮਹਿਲਾਵਾਂ ਲਈ ਸੁਰੱਖਿਅਤ ਅਤੇ ਸਹਾਇਕ ਵਾਤਾਵਰਣ ਬਣਾਉਣ ਦੇ ਨਾਲ-ਨਾਲ ਸਮਾਜ ਵਿੱਚ ਨਿਆਂ ਅਤੇ ਸਮਾਨਤਾ ਨੂੰ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ।



