Uncategorized

ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਦੀ ਅਪੀਲ

ਵਾਤਾਵਰਣ ਅਤੇ ਜ਼ਮੀਨ ਦੀ ਸਿਹਤ ਬਚਾਉਣ ਲਈ ਕਿਸਾਨਾਂ ਦੇ ਸਹਿਯੋਗ ਦੀ ਮੰਗ

ਬਰਨਾਲਾ 20 ਮਾਰਚ ( ਸੂਤਰ )


ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਵੱਲੋਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ ਆਗਾਮੀ ਕਣਕ ਦੀ ਕਟਾਈ ਦੇ ਸੀਜ਼ਨ ਦੌਰਾਨ ਫ਼ਸਲੀ ਰਹਿੰਦ-ਖੂੰਹਦ ਅਤੇ ਨਾੜ ਨੂੰ ਅੱਗ ਨਾ ਲਗਾਉਣ ਦਾ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਵਾਤਾਵਰਣ ਨੂੰ ਪ੍ਰਦੂਸ਼ਣ ਮੁਕਤ ਰੱਖਣਾ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਉਪਜਾਊ ਜ਼ਮੀਨ ਬਚਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਣਕ ਦੇ ਨਾੜ ਨੂੰ ਅੱਗ ਲਗਾਉਣ ਨਾਲ ਜ਼ਮੀਨ ਦੇ ਜ਼ਰੂਰੀ ਪੋਸ਼ਕ ਤੱਤ (ਨਾਈਟ੍ਰੋਜਨ, ਫਾਸਫੋਰਸ, ਪੋਟਾਸ਼ ਆਦਿ) ਅਤੇ ਮਿੱਤਰ ਕੀੜੇ ਸੜ ਕੇ ਸਵਾਹ ਹੋ ਜਾਂਦੇ ਹਨ। ਇਸ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਘਟਦੀ ਹੈ ਅਤੇ ਅਗਲੀ ਫ਼ਸਲ ਲਈ ਖਾਦਾਂ ਦੀ ਵਰਤੋਂ ਵੱਧ ਕਰਨੀ ਪੈਂਦੀ ਹੈ। ਉਨ੍ਹਾਂ ਕਿਹਾ ਕਿ ਧੂੰਏਂ ਕਾਰਨ ਬਜ਼ੁਰਗਾਂ ਅਤੇ ਬੱਚਿਆਂ ਨੂੰ ਸਾਹ ਦੀਆਂ ਬਿਮਾਰੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਸੜਕਾਂ ‘ਤੇ ਹਾਦਸਿਆਂ ਦਾ ਖ਼ਤਰਾ ਵੀ ਵਧ ਜਾਂਦਾ ਹੈ।

ਸ੍ਰੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਾਲੀ ਸਾੜਨ ਵਿਰੁੱਧ ‘ਜ਼ੀਰੋ ਟੋਲਰੈਂਸ’ ਨੀਤੀ ਅਪਣਾਈ ਜਾ ਰਹੀ ਹੈ। ਪਿੰਡ ਪੱਧਰ ‘ਤੇ ਨੋਡਲ ਅਧਿਕਾਰੀ ਤਾਇਨਾਤ ਕੀਤੇ ਗਏ ਹਨ ਜੋ ਹਰ ਘਟਨਾ ‘ਤੇ ਨਜ਼ਰ ਰੱਖਣਗੇ।

ਮੁੱਖ ਖੇਤੀਬਾੜੀ ਅਫ਼ਸਰ ਬਰਨਾਲਾ ਡਾ. ਅਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਤਕਰੀਬਨ 1.15 ਲੱਖ ਹੈਕਟੇਰ ਰਕਬੇ ਵਿੱਚ ਕਣਕ ਦੀ ਕਾਸ਼ਤ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਨਾੜ ਤੋਂ ਤੂੜੀ ਬਣਾਉਣ ਨੂੰ ਪਹਿਲ ਦੇਣ ਅਤੇ ਬਚੀ ਹੋਈ ਰਹਿੰਦ-ਖੂੰਹਦ ਨੂੰ ਖੇਤੀਬਾੜੀ ਵਿਭਾਗ ਵੱਲੋਂ ਸੁਝਾਈਆਂ ਗਈਆਂ ਮਸ਼ੀਨਾਂ ਦੀ ਮਦਦ ਨਾਲ ਖੇਤ ਵਿੱਚ ਹੀ ਵਾਹੁਣ। ਅਜਿਹਾ ਕਰਨ ਨਾਲ ਜ਼ਮੀਨ ਦੀ ਜੈਵਿਕ ਸ਼ਕਤੀ ਵਧਦੀ ਹੈ।

ਓਹਨਾਂ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਪ੍ਰਸ਼ਾਸਨ ਦਾ ਸਾਥ ਦੇਣ ਤਾਂ ਜੋ ਬਰਨਾਲਾ ਨੂੰ ਪ੍ਰਦੂਸ਼ਣ ਮੁਕਤ ਜ਼ਿਲ੍ਹਾ ਬਣਾਇਆ ਜਾ ਸਕੇ ਅਤੇ ਖੇਤੀ ਨੂੰ ਲਾਹੇਵੰਦ ਧੰਦਾ ਬਣਾਉਣ ਵਿੱਚ ਮਦਦ ਮਿਲ ਸਕੇ।

Related Articles

Leave a Reply

Your email address will not be published. Required fields are marked *

Back to top button
error: Content is protected !!