ਸਕੂਲ ਆਫ਼ ਐਮੀਨੈਂਸ ਫਿਲੌਰ ਵਿਖੇ ਅਤਿ-ਆਧੁਨਿਕ ਸਪੇਸ ਲੈਬ ਦਾ ਉਦਘਾਟਨ

ਫਿਲੌਰ 22 ਮਾਰਚ ( ਸੂਤਰ )

ਵਿਦਿਆਰਥੀਆਂ ਨੂੰ ਪੁਲਾੜ ਅਤੇ ਵਿਗਿਆਨ ਨਾਲ ਸਬੰਧਤ ਨਵੀਨਤਮ ਤਕਨਾਲੋਜੀ ਅਤੇ ਗਿਆਨ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਵਾਈਸ ਚੇਅਰਮੈਨ ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਪ੍ਰਿੰਸੀਪਲ ਪ੍ਰੇਮ ਕੁਮਾਰ ਵੱਲੋਂ ਸਕੂਲ ਆਫ਼ ਐਮੀਨੈਂਸ ਫਿਲੌਰ ਵਿਖੇ ਅਤਿ-ਆਧੁਨਿਕ ਸਪੇਸ ਲੈਬ ਦਾ ਉਦਘਾਟਨ ਕੀਤਾ ਗਿਆ।

ਇਸ ਮੌਕੇ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਲੈਬ ਵਿਦਿਆਰਥੀਆਂ ਵਿੱਚ ਵਿਗਿਆਨ ਪ੍ਰਤੀ ਰੁਚੀ ਨੂੰ ਉਤਸ਼ਾਹਿਤ ਕਰੇਗੀ ਅਤੇ ਉਨ੍ਹਾਂ ਨੂੰ ਪੁਲਾੜ ਵਿਗਿਆਨ ਅਤੇ ਤਕਨਾਲੋਜੀ ਵਿੱਚ ਅੱਗੇ ਵਧਣ ਦੇ ਮੌਕੇ ਪ੍ਰਦਾਨ ਕਰੇਗੀ।

ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ‘ਸਿੱਖਿਆ ਕ੍ਰਾਂਤੀ’ ਤਹਿਤ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਸਿੱਖਿਆ ਸਹੂਲਤਾਂ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਦੁਹਰਾਉਂਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਸਹੂਲਤਾਂ ਪ੍ਰਦਾਨ ਕਰਨ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ।

ਡਾ. ਅਗਰਵਾਲ ਨੇ ਦੱਸਿਆ ਕਿ ਅਜਿਹੀ ਇਕ ਸਪੇਸ ਲੈਬ ਸਕੂਲ ਆਫ਼ ਐਮੀਨੈਂਸ ਆਦਮਪੁਰ ਵਿਖੇ ਵੀ ਬਣਾਈ ਗਈ ਹੈ, ਜਿਸ ਦਾ ਬੀਤੇ ਦਿਨੀਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਦੌਰਾ ਵੀ ਕੀਤਾ ਗਿਆ ਸੀ।

ਡਾ. ਅਗਰਵਾਲ ਨੇ ਇਸ ਮੌਕੇ ਵਿਦਿਆਰਥੀਆਂ ਨੂੰ ਦ੍ਰਿੜਤਾ ਨਾਲ ਅੱਗੇ ਵਧਣ ਲਈ ਉਤਸ਼ਾਹਿਤ ਵੀ ਕੀਤਾ।




