ਅਹਿਮਦਗੜ੍ਹ ਵਿੱਚ ਵਪਾਰੀਆਂ ਨਾਲ ਵਿਸ਼ੇਸ਼ ਬੈਠਕ,ਮੁੱਦਿਆਂ ਦੇ ਤੁਰੰਤ ਹੱਲ ਲਈ ਪ੍ਰਸ਼ਾਸਨ ਦੀ ਨਿਵੇਕਲੀ ਪਹਿਲਕਦਮੀ
ਟਰੇਡਰਜ਼ ਕਮਿਸ਼ਨ ਦੇ ਨੁਮਾਇੰਦਿਆਂ ਅਤੇ ਅਧਿਕਾਰੀਆਂ ਨੇ ਵਪਾਰੀਆਂ ਦੀਆਂ ਸਮੱਸਿਆਵਾਂ ਸੁਣੀਆਂ

ਅਹਿਮਦਗੜ੍ਹ 24 ਮਾਰਚ ( ਵਾਸ਼ਿਸ਼ਟ )

ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਸਮੱਸਿਆਵਾਂ ਦੇ ਤੁਰੰਤ ਨਿਪਟਾਰੇ ਲਈ ਜ਼ਿਲ੍ਹੇ ਦੀ ਸਬ ਡਵੀਜ਼ਨ ਅਹਿਮਦਗੜ੍ਹ ਦੇ ਭਗਤ ਸਿੰਘ ਚੌਕ, ਰੇਲਵੇ ਰੋਡ ਵਿਖੇ ਇੱਕ ਵਿਸ਼ੇਸ਼ ਨੁੱਕੜ ਮੀਟਿੰਗ ਦਾ ਆਯੋਜਨ ਕੀਤਾ ਗਿਆ। ਮੀਟਿੰਗ ਦੌਰਾਨ ਟਰੇਡਰਜ਼ ਕਮਿਸ਼ਨ ਮਾਲੇਰਕੋਟਲਾ ਦੇ ਚੇਅਰਮੈਨ ਆਜਮ ਦਾਰਾ, ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਟਰੇਡਰਜ਼ ਕਮਿਸ਼ਨ ਦੇ ਮੈਂਬਰ ਅਸ਼ਵਨੀ ਕੁਮਾਰ, ਈ.ਟੀ.ਓ. (ਜੀ.ਐਸ.ਟੀ) ਨਛੱਤਰ ਸਿੰਘ, ਐਸ.ਡੀ.ਓ/ਤਹਿਸੀਲਦਾਰ ਰਿਤੂ ਗੁਪਤਾ, ਐਸ.ਡੀ.ਓ. ਪੀ.ਡਬਲਿਊ.ਡੀ. ਇੰਜੀ. ਅਮਨਦੀਪ ਸਿੰਘ, ਲੇਬਰ ਇੰਸਪੈਕਟਰ ਗੁਰਮੀਤ ਸਿੰਘ, ਇੰਸਪੈਕਟਰ ਪੁਸ਼ਪਿੰਦਰ ਸਿੰਘ, ਸਕੱਤਰ ਮਾਰਕੀਟ ਕਮੇਟੀ ਅਹਿਮਦਗੜ੍ਹ ਵਰਿੰਦਰ ਸਿੰਘ, ਮਨਜੀਤ ਸਿੰਘ ਅਤੇ ਇਸ਼ਤਪਾਲ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

ਇਸ ਮੌਕੇ ਟਰੇਡਰਜ਼ ਕਮਿਸ਼ਨ ਦੇ ਨੁਮਾਇੰਦਿਆਂ ਅਤੇ ਅਧਿਕਾਰੀਆਂ ਵੱਲੋਂ ਵਪਾਰੀਆਂ ਨਾਲ ਸਿੱਧੀ ਗੱਲਬਾਤ ਕਰਦੇ ਹੋਏ ਉਨ੍ਹਾਂ ਦੀਆਂ ਸਮੱਸਿਆਵਾਂ ਗੰਭੀਰਤਾ ਨਾਲ ਸੁਣੀਆਂ ਗਈਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਪਾਰੀ ਵਰਗ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਕਿਸੇ ਵੀ ਵਪਾਰੀ ਦੀ ਸਮੱਸਿਆ ਦੀ ਅਣਦੇਖੀ ਨਹੀਂ ਕੀਤੀ ਜਾਵੇਗੀ। ਅਧਿਕਾਰੀਆਂ ਨੇ ਕਿਹਾ ਕਿ ਵਪਾਰਕ ਮਾਹੌਲ ਨੂੰ ਹੋਰ ਸੁਗਮ ਅਤੇ ਪਾਰਦਰਸ਼ੀ ਬਣਾਉਣ ਲਈ ਵਿਧਾਨ ਸਭਾ ਹਲਕਾ ਪੱਧਰ ‘ਤੇ ਟਰੇਡਰਜ਼ ਕਮਿਸ਼ਨ ਦਾ ਗਠਨ ਕੀਤਾ ਗਿਆ ਹੈ, ਤਾਂ ਜੋ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਮੌਕੇ ‘ਤੇ ਹੀ ਨਿਪਟਾਰਾ ਕੀਤਾ ਜਾ ਸਕੇ।

ਅਧਿਕਾਰੀਆਂ ਨੇ ਜ਼ੋਰ ਦੇ ਕੇ ਕਿਹਾ ਕਿ ਹਰ ਮਸਲੇ ਦਾ ਸਮੇਂ-ਬੱਧ ਹੱਲ ਪ੍ਰਸ਼ਾਸਨ ਦੀ ਪ੍ਰਾਥਮਿਕਤਾ ਹੈ ਅਤੇ ਸੰਬੰਧਿਤ ਵਿਭਾਗਾਂ ਦੇ ਸਹਿਯੋਗ ਨਾਲ ਤੁਰੰਤ ਕਾਰਵਾਈ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਨੇ ਵਪਾਰੀਆਂ ਨੂੰ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਉਨ੍ਹਾਂ ਦੀਆਂ ਸਮੱਸਿਆਵਾਂ ਪ੍ਰਤੀ ਪੂਰੀ ਤਰ੍ਹਾਂ ਸੰਵੇਦਨਸ਼ੀਲ ਹੈ ਅਤੇ ਹਰ ਇਕ ਮਸਲੇ ਦਾ ਹੱਲ ਪਹਿਲ ਦੇ ਆਧਾਰ ‘ਤੇ ਕੀਤਾ ਜਾਵੇਗਾ।

ਮੀਟਿੰਗ ਦੌਰਾਨ ਵਪਾਰੀਆਂ ਵੱਲੋਂ ਟਰੈਫਿਕ ਸਮੱਸਿਆ, ਨਜਾਇਜ਼ ਕਬਜ਼ਿਆਂ ਅਤੇ ਬਾਜ਼ਾਰ ਵਿੱਚੋਂ ਸ਼ਰਾਬ ਦੇ ਠੇਕੇ ਨੂੰ ਤਬਦੀਲ ਕਰਨ ਸਬੰਧੀ ਆਪਣੇ ਮੁੱਦੇ ਰੱਖੇ ਗਏ। ਅਧਿਕਾਰੀਆਂ ਵੱਲੋਂ ਇਨ੍ਹਾਂ ਮਸਲਿਆਂ ਨੂੰ ਧਿਆਨ ਨਾਲ ਸੁਣਦਿਆਂ ਸੰਬੰਧਿਤ ਵਿਭਾਗਾਂ ਨੂੰ ਤੁਰੰਤ ਕਾਰਵਾਈ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ।ਇਸ ਮੌਕੇ ਅਹਿਮਦਗੜ੍ਹ ਦੇ ਵੱਡੀ ਗਿਣਤੀ ਵਪਾਰੀ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਸ਼ਹਿਰ ਵਾਸੀ ਹਾਜ਼ਰ ਸਨ।




