25 ਹੋਣਹਾਰ ਵਿਦਿਆਰਥੀਆਂ ਨੂੰ ਭਾਰਤੀ ਪੁਲਾੜ ਖੋਜ ਸੰਸਥਾ (ਇਸਰੋ) ਦੇ ਪ੍ਰਮੁੱਖ ਕੇਂਦਰ ਸਪੇਸ ਐਪਲੀਕੇਸ਼ਨ ਸੈਂਟਰ ਅਹਿਮਦਾਬਾਦ ਜਾਣ ਦਾ ਮੌਕਾ

ਜਲੰਧਰ 20 ਮਾਰਚ ( ਸੂਤਰ )

ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ 25 ਹੋਣਹਾਰ ਵਿਦਿਆਰਥੀਆਂ ਨੂੰ ਭਾਰਤੀ ਪੁਲਾੜ ਖੋਜ ਸੰਸਥਾ (ਇਸਰੋ) ਦੇ ਪ੍ਰਮੁੱਖ ਕੇਂਦਰ ਸਪੇਸ ਐਪਲੀਕੇਸ਼ਨ ਸੈਂਟਰ ਅਹਿਮਦਾਬਾਦ ਜਾਣ ਦਾ ਮੌਕਾ ਮਿਲਿਆ ਹੈ।

7ਵੀਂ,9ਵੀਂ ਅਤੇ 11ਵੀਂ ਕਲਾਸ ਵਿੱਚ ਪੜ੍ਹਦੇ ਇਨ੍ਹਾਂ ਵਿਦਿਆਰਥੀਆਂ ਵਿੱਚ 15 ਲੜਕੀਆਂ ਅਤੇ 10 ਲੜਕੇ ਸ਼ਾਮਲ ਹਨ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਨ੍ਹਾਂ ਵਿਦਿਆਰਥੀਆਂ ਨਾਲ ਮੁਲਾਕਾਤ ਕਰਦਿਆਂ ਇਨ੍ਹਾਂ ਦੀ ਹੌਸਲਾ ਅਫਜ਼ਾਈ ਕੀਤੀ। ਉਨ੍ਹਾਂ ਵਿਦਿਆਰਥੀਆਂ ਨੂੰ ਇਸ ਸੁਨਹਿਰੀ ਮੌਕੇ ਦਾ ਪੂਰਾ ਲਾਭ ਉਠਾਉਣ ਲਈ ਪ੍ਰੇਰਿਤ ਕੀਤਾ।

ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ‘ਸਿੱਖਿਆ ਕ੍ਰਾਂਤੀ’ ਤਹਿਤ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਸਿੱਖਿਆ ਸਹੂਲਤਾਂ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਦਹੁਰਾਉਂਦਿਆਂ ਡਾ. ਅਗਰਵਾਲ ਨੇ ਕਿਹਾ ਕਿ ਅਜਿਹੇ ਉਪਰਾਲੇ ਵਿਦਿਆਰਥੀਆਂ ਦੇ ਰੌਸ਼ਨ ਭਵਿੱਖ ਦੇ ਨਿਰਮਾਣ ਵਿੱਚ ਮਦਦਗਾਰ ਸਾਬਤ ਹੋਣਗੇ।

ਵਿਦਿਆਰਥੀਆਂ ਨੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਉਹ ਇਸ ਯਾਤਰਾ ਦੌਰਾਨ ਵੱਧ ਤੋਂ ਵੱਧ ਸਿੱਖਣ ਦੀ ਕੋਸ਼ਿਸ਼ ਕਰਨਗੇ।




