ਪੰਜਾਬ ਸਟੇਟ ਟਰੇਡਰ ਕਮਿਸ਼ਨ ਮਾਲੇਰਕੋਟਲਾ ਦੀ ਇਕਾਈ ਦੀ ਜ਼ਿਲ੍ਹਾ ਪੱਧਰੀ ਸਿਕਾਇਤ ਨਿਵਾਰਨ ਕਮੇਟੀ ਦੀ ਮੀਟਿੰਗ
ਵਪਾਰੀਆਂ ਅਤੇ ਦੁਕਾਨਦਾਰਾਂ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਅੱਗੇ ਰੱਖੀਆਂ ਆਪਣੀਆਂ ਸਮੱਸਿਆਵਾਂ

ਮਾਲੇਰਕੋਟਲਾ, 06 ਅਪ੍ਰੈਲ ( ਵਾਸ਼ਿਸ਼ਟ )

ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਸਿੰਘ ਬਰਾੜ ਦੀ ਅਗਵਾਈ ਹੇਠ ਪੰਜਾਬ ਸਟੇਟ ਟਰੇਡਰ ਕਮਿਸ਼ਨ ਮਾਲੇਰਕੋਟਲਾ ਦੀ ਇਕਾਈ ਦੀ ਜ਼ਿਲ੍ਹਾ ਪੱਧਰੀ ਸਿਕਾਇਤ ਨਿਵਾਰਨ ਕਮੇਟੀ ਦੀ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਦਾ ਉਦੇਸ਼ ਜ਼ਿਲ੍ਹੇ ਦੇ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਸਮੱਸਿਆਵਾਂ ਨੂੰ ਸੁਣ ਕੇ ਉਨ੍ਹਾਂ ਦਾ ਤੁਰੰਤ ਅਤੇ ਯੋਗ ਨਿਪਟਾਰਾ ਕਰਨਾ ਸੀ।

ਇਸ ਮੌਕੇ ਚੇਅਰਪਰਸਨ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਮਾਲੇਰਕੋਟਲਾ ਆਜਮ ਦਾਰਾ, ਚੇਅਰਪਰਸਨ ਵਿਧਾਨ ਸਭਾ ਹਲਕਾ ਮਾਲੇਰਕੋਟਲਾ ਇਮਤਿਆਜ ਅਲੀ, ਚੇਅਰਪਰਸਨ ਵਿਧਾਨ ਸਭਾ ਹਲਕਾ ਅਮਰਗੜ੍ਹ ਅਸ਼ਵਨੀ ਕੁਮਾਰ, ਐਸ.ਡੀ.ਐਮ ਹਰਬੰਸ ਸਿੰਘ, ਜ਼ਿਲ੍ਹਾ ਮਾਲ ਅਫਸਰ ਮਨਦੀਪ ਕੌਰ, ਕਾਰਜ ਸਾਧਕ ਅਫਸਰ ਚੰਦਰ ਪ੍ਰਕਾਸ਼ ਵਧਵਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਟਰੇਡਰ ਯੂਨੀਅਨਾਂ ਦੇ ਨੁਮਾਇੰਦੇ ਮੌਜੂਦ ਸਨ।

ਮੀਟਿੰਗ ਦੌਰਾਨ ਵਪਾਰੀਆਂ ਅਤੇ ਦੁਕਾਨਦਾਰਾਂ ਨੇ ਆਪਣੀਆਂ ਵੱਖ-ਵੱਖ ਸਮੱਸਿਆਵਾਂ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਂਦੀਆਂ। ਟਰੇਡਰ ਯੂਨੀਅਨ ਵੱਲੋਂ ਮੁੱਖ ਤੌਰ ‘ਤੇ ਸ਼ਹਿਰ ਵਿੱਚ ਸਰਵਜਨਿਕ ਪਖਾਨਿਆਂ ਦੀ ਸਫਾਈ ਅਤੇ ਰੱਖ-ਰਖਾਵ ਨੂੰ ਬਿਹਤਰ ਬਣਾਉਣ, ਸ਼ਹਿਰ ਵਿੱਚ ਪਾਰਕਿੰਗ ਪ੍ਰਬੰਧ ਨੂੰ ਦਰੁਸਤ ਕਰਨ, ਈ-ਰਿਕਸ਼ਿਆਂ ਦੀ ਗਿਣਤੀ ਦੀ ਵੈਰੀਫਿਕੇਸ਼ਨ ਕਰਵਾਉਣ ਅਤੇ ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਬਣਾਉਣ ਲਈ ਯੈਲੋ ਲਾਈਨ ਵਿੱਚ ਪਾਰਕਿੰਗ ਦੀ ਪਾਲਣਾ ਕਰਵਾਉਣ ਸੰਬੰਧੀ ਮਸਲੇ ਉਠਾਏ ਗਏ।

ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਸਿੰਘ ਬਰਾੜ ਨੇ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਦੇ ਹੋਏ ਸੰਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਠਾਏ ਗਏ ਮਸਲਿਆਂ ਦਾ ਜਲਦ ਤੋਂ ਜਲਦ ਹੱਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਵਪਾਰੀਆਂ ਅਤੇ ਦੁਕਾਨਦਾਰਾਂ ਨੂੰ ਆ ਰਹੀਆਂ ਯੋਗ ਸਮੱਸਿਆਵਾਂ ਦੇ ਨਿਪਟਾਰੇ ਲਈ ਪ੍ਰਸ਼ਾਸਨ ਪੂਰੀ ਤਰ੍ਹਾਂ ਸੰਵੇਦਨਸ਼ੀਲ ਹੈ ਅਤੇ ਵਪਾਰਕ ਗਤੀਵਿਧੀਆਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ।

ਉਨ੍ਹਾਂ ਇਹ ਵੀ ਕਿਹਾ ਕਿ ਸ਼ਹਿਰ ਦੀ ਟ੍ਰੈਫਿਕ ਵਿਵਸਥਾ ਨੂੰ ਬਿਹਤਰ ਬਣਾਉਣ ਅਤੇ ਆਮ ਲੋਕਾਂ ਨੂੰ ਆ ਰਹੀਆਂ ਦਿੱਕਤਾਂ ਨੂੰ ਘਟਾਉਣ ਲਈ ਪਾਰਕਿੰਗ ਪ੍ਰਬੰਧ ਅਤੇ ਈ-ਰਿਕਸ਼ਾ ਚਲਾਣ ਸੰਬੰਧੀ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇਗੀ। ਇਸ ਤੋਂ ਇਲਾਵਾ ਸ਼ਹਿਰ ਦੀ ਸਫਾਈ ਅਤੇ ਸਰਵਜਨਿਕ ਸੁਵਿਧਾਵਾਂ ਨੂੰ ਬਿਹਤਰ ਬਣਾਉਣ ਲਈ ਨਗਰ ਕੌਂਸਲ ਨੂੰ ਵੀ ਜਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ।

ਮੀਟਿੰਗ ਦੌਰਾਨ ਵਪਾਰੀਆਂ ਨੇ ਪ੍ਰਸ਼ਾਸਨ ਵੱਲੋਂ ਦਿੱਤੇ ਗਏ ਭਰੋਸੇ ‘ਤੇ ਸੰਤੁਸ਼ਟੀ ਜਤਾਈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਇਸ ਤਰ੍ਹਾਂ ਦੀਆਂ ਮੀਟਿੰਗਾਂ ਨਿਯਮਿਤ ਤੌਰ ‘ਤੇ ਕਰਨ ਦੀ ਮੰਗ ਕੀਤੀ, ਤਾਂ ਜੋ ਵਪਾਰਕ ਭਾਈਚਾਰੇ ਨਾਲ ਸੰਬੰਧਤ ਮਸਲਿਆਂ ਦਾ ਸਮੇਂ-ਸਿਰ ਹੱਲ ਕੀਤਾ ਜਾ ਸਕੇ।




