ਡੀ.ਸੀ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਕਣਕ ਖਰੀਦ ਲਈ ਪੂਰੇ ਪ੍ਰਬੰਧ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼
ਪੰਜਾਬ ਸਰਕਾਰ ਹਰ ਦਾਣੇ ਦੀ ਖਰੀਦ ਲਈ ਵਚਨਬੱਧ: ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ

ਲੁਧਿਆਣਾ, 6 ਅਪ੍ਰੈਲ ( ਸੂਤਰ )

ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਅਧਿਕਾਰੀਆਂ ਨੂੰ ਜ਼ਿਲ੍ਹੇ ਭਰ ਦੀਆਂ ਸਾਰੀਆਂ ਅਨਾਜ ਮੰਡੀਆਂ ਵਿੱਚ ਪੁਖ਼ਤਾ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਨੂੰ ਬਿਨਾਂ ਕਿਸੇ ਅਸੁਵਿਧਾ ਦੇ ਕਣਕ ਦੀ ਸੁਚਾਰੂ ਅਤੇ ਸਮੇਂ ਸਿਰ ਖਰੀਦ ਨੂੰ ਯਕੀਨੀ ਬਣਾਇਆ ਜਾ ਸਕੇ।

ਬੱਚਤ ਭਵਨ ਵਿਖੇ ਹੋਈ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਉਹ ਕਿਸਾਨਾਂ ਦੁਆਰਾ ਲਿਆਂਦੇ ਗਏ ਕਣਕ ਦੇ ਹਰੇਕ ਦਾਣੇ ਦੀ ਖਰੀਦ ਕਰਨਗੇ। ਉਨ੍ਹਾਂ ਕਿਹਾ ਕਿ ਚੱਲ ਰਹੇ ਖਰੀਦ ਸੀਜ਼ਨ ਦੌਰਾਨ ਕਿਸਾਨਾਂ ਦੀ ਸਹੂਲਤ ਲਈ ਪਹਿਲਾਂ ਹੀ ਵਿਸਤ੍ਰਿਤ ਪ੍ਰਬੰਧ ਕੀਤੇ ਗਏ ਹਨ।

ਹਿਮਾਂਸ਼ੂ ਜੈਨ ਨੇ ਜ਼ੋਰ ਦੇ ਕੇ ਕਿਹਾ ਕਿ ਅਨਾਜ ਮੰਡੀਆਂ ਵਿੱਚ ਆਪਣੀ ਫ਼ਸਲ ਲੈ ਕੇ ਆਉਣ ਵਾਲੇ ਕਿਸਾਨਾਂ ਲਈ ਸਾਰੀਆਂ ਅਨਾਜ ਮੰਡੀਆਂ ਵਿੱਚ ਢੁਕਵੀਂ ਸਫਾਈ, ਪੀਣ ਵਾਲੇ ਪਾਣੀ ਅਤੇ ਬੈਠਣ ਦੀਆਂ ਸਹੂਲਤਾਂ ਯਕੀਨੀ ਬਣਾਈਆਂ ਜਾਣ। ਉਨ੍ਹਾਂ ਅਧਿਕਾਰੀਆਂ ਨੂੰ ਹਰੇਕ ਅਨਾਜ ਮੰਡੀ ਵਿੱਚ ਸਫਾਈ ਅਤੇ ਬੁਨਿਆਦੀ ਸਹੂਲਤਾਂ ਦੇ ਉੱਚ ਮਿਆਰਾਂ ਨੂੰ ਬਣਾਈ ਰੱਖਣ ਦੇ ਨਿਰਦੇਸ਼ ਦਿੱਤੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸੀਜ਼ਨ ਵਿੱਚ ਜ਼ਿਲ੍ਹੇ ਦੀਆਂ 109 ਅਨਾਜ ਮੰਡੀਆਂ ਵਿੱਚ 8,16,473 ਮੀਟ੍ਰਿਕ ਟਨ ਕਣਕ ਆਉਣ ਦੀ ਉਮੀਦ ਹੈ। ਉਨ੍ਹਾਂ ਸਾਰੀਆਂ ਖਰੀਦ ਏਜੰਸੀਆਂ ਮਾਰਕਫੈੱਡ, ਫੂਡ ਕਾਰਪੋਰੇਸ਼ਨ ਆਫ਼ ਇੰਡੀਆ (ਐਫ.ਸੀ.ਆਈ), ਪਨਗ੍ਰੇਨ, ਪਨਸਪ, ਵੇਅਰਹਾਊਸਿੰਗ ਕਾਰਪੋਰੇਸ਼ਨ, ਪੰਜਾਬ ਮੰਡੀ ਬੋਰਡ ਅਤੇ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਨੂੰ ਬਾਰਦਾਨੇ ਅਤੇ ਹੋਰ ਜ਼ਰੂਰੀ ਸਮਾਨ ਦੀ ਢੁਕਵੀਂ ਉਪਲਬਧਤਾ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

ਹਿਮਾਂਸ਼ੂ ਜੈਨ ਨੇ ਸਾਰੇ ਸਬ-ਡਿਵੀਜ਼ਨਲ ਮੈਜਿਸਟ੍ਰੇਟਾਂ (ਐਸ.ਡੀ.ਐਮਜ਼) ਨੂੰ ਆਪਣੇ-ਆਪਣੇ ਅਧਿਕਾਰ ਖੇਤਰਾਂ ਵਿੱਚ ਖਰੀਦ ਪ੍ਰਕਿਰਿਆ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰਨ ਅਤੇ ਜੇਕਰ ਕੋਈ ਕਮੀ ਨਜ਼ਰ ਆਉਂਦੀ ਹੈ ਤਾਂ ਤੁਰੰਤ ਸੁਧਾਰਾਤਮਕ ਉਪਾਅ ਕਰਨ ਲਈ ਵੀ ਕਿਹਾ ਗਿਆ।



