Uncategorized

ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣਾ ਸਾਡੀ ਸਭ ਤੋਂ ਵੱਡੀ ਤਰਜੀਹ ਹੈ – ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ

ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਨੇ ਸਿਵਲ ਹਸਪਤਾਲ ਸਮਰਾਲਾ ਵਿਖੇ ਨਸ਼ਾ ਛੁਡਾਊ ਕੇਂਦਰ ਦਾ ਦੌਰਾ ਕੀਤਾ

ਖੰਨਾ, 23 ਅਪ੍ਰੈਲ (ਸੂਤਰ )


ਪੁਲਿਸ ਜ਼ਿਲ੍ਹਾ ਖੰਨਾ ਵਿੱਚ ਨਸ਼ਿਆਂ ਖਿਲਾਫ ਚੱਲ ਰਹੀ ਮੁਹਿੰਮ ਨੂੰ ਹੋਰ ਤੇਜ਼ ਕਰਦੇ ਹੋਏ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ) ਖੰਨਾ ਡਾ. ਦਰਪਣ ਆਹਲੂਵਾਲੀਆ ਵੱਲੋਂ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਿਆ ਗਿਆ ਹੈ। “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਉਨ੍ਹਾਂ ਨੇ ਸਿਵਲ ਹਸਪਤਾਲ ਸਮਰਾਲਾ ਵਿਖੇ ਨਸ਼ਾ ਛੁਡਾਊ ਕੇਂਦਰ ਦਾ ਦੌਰਾ ਕੀਤਾ। ਇਸ ਦੌਰੇ ਦੌਰਾਨ ਉਨ੍ਹਾਂ ਨੇ ਮਰੀਜ਼ਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ।

ਇਸ ਮੌਕੇ ਐਸ.ਐਸ.ਪੀ ਨੇ ਐਸ.ਐਮ.ਓ ਸਮਰਾਲਾ ਅਤੇ ਸਿਹਤ ਵਿਭਾਗ ਦੇ ਹੋਰ ਅਧਿਕਾਰੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ। ਮੀਟਿੰਗ ਵਿੱਚ ਨਸ਼ਿਆਂ ਦੇ ਖਾਤਮੇ ਲਈ ਪ੍ਰਭਾਵਸ਼ਾਲੀ ਰਣਨੀਤੀਆਂ ਅਤੇ ਪੁਲਿਸ ਤੇ ਸਿਹਤ ਵਿਭਾਗ ਵਿਚਕਾਰ ਤਾਲਮੇਲ ਮਜ਼ਬੂਤ ਕਰਨ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਨਸ਼ਿਆਂ ਖਿਲਾਫ ਲੜਾਈ ਸਿਰਫ ਕਾਨੂੰਨੀ ਕਾਰਵਾਈ ਨਾਲ ਨਹੀਂ ਜਿੱਤੀ ਜਾ ਸਕਦੀ, ਸਗੋਂ ਇਲਾਜ ਅਤੇ ਜਾਗਰੂਕਤਾ ਵੀ ਬਹੁਤ ਜ਼ਰੂਰੀ ਹੈ।

ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਨੇ ਕਿਹਾ ਕਿ ਖੰਨਾ ਪੁਲਿਸ ਨਸ਼ਿਆਂ ਦੇ ਸਪਲਾਈ ਚੇਨ ਨੂੰ ਤੋੜਨ ਲਈ ਲਗਾਤਾਰ ਕਾਰਵਾਈ ਕਰ ਰਹੀ ਹੈ ਅਤੇ ਨਾਲ ਹੀ ਨਸ਼ਾ ਛੁਡਾਊ ਕੇਂਦਰਾਂ ਰਾਹੀਂ ਮਰੀਜ਼ਾਂ ਨੂੰ ਮੁੜ ਸਮਾਜ ਨਾਲ ਜੋੜਨ ਦੀ ਕੋਸ਼ਿਸ਼ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣਾ ਸਭ ਤੋਂ ਵੱਡੀ ਤਰਜੀਹ ਹੈ। ਉਨ੍ਹਾਂ ਸਿਹਤ ਵਿਭਾਗ ਨਾਲ ਮਿਲ ਕੇ ਇੱਕ ਸੰਯੁਕਤ ਯੋਜਨਾ ਤਹਿਤ ਕੰਮ ਕਰਨ ਦੀ ਗੱਲ ਕਹੀ, ਤਾਂ ਜੋ ਨਸ਼ਿਆਂ ਦੀ ਸਮੱਸਿਆ ਨੂੰ ਜੜੋਂ ਤੋਂ ਖਤਮ ਕੀਤਾ ਜਾ ਸਕੇ।

ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਵੀ ਭਰੋਸਾ ਦਿਵਾਇਆ ਕਿ ਉਹ ਇਸ ਮੁਹਿੰਮ ਵਿੱਚ ਪੂਰਾ ਸਹਿਯੋਗ ਦੇਣਗੇ ਅਤੇ ਨਸ਼ਾ ਛੁਡਾਊ ਸੇਵਾਵਾਂ ਨੂੰ ਹੋਰ ਬਿਹਤਰ ਬਣਾਇਆ ਜਾਵੇਗਾ। ਅਖੀਰ ਵਿੱਚ ਐਸ.ਐਸ.ਪੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਵਿਰੁੱਧ ਇਸ ਜੰਗ ਵਿੱਚ ਪੁਲਿਸ ਦਾ ਸਾਥ ਦੇਣ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਬਾਰੇ ਤੁਰੰਤ ਜਾਣਕਾਰੀ ਦੇਣ, ਤਾਂ ਜੋ ਸਮੇਂ ਸਿਰ ਕਾਰਵਾਈ ਕੀਤੀ ਜਾ ਸਕੇ।

ਇਸ ਦੌਰਾਨ ਮਾਨਸਿਕ ਰੋਗ ਮਾਹਿਰ ਡਾ. ਨਵਨੀਤ ਕੌਰ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਨਸ਼ਾ ਇੱਕ ਮਾਨਸਿਕ ਅਤੇ ਸਰੀਰਕ ਬਿਮਾਰੀ ਹੈ, ਜਿਸ ਦਾ ਇਲਾਜ ਸੰਭਵ ਹੈ ਜੇਕਰ ਮਰੀਜ਼ ਨੂੰ ਸਹੀ ਸਮੇਂ ਤੇ ਸਹੀ ਮਦਦ ਮਿਲੇ। ਉਨ੍ਹਾਂ ਦੱਸਿਆ ਕਿ ਨਸ਼ਾ ਛੱਡਣ ਵਾਲੇ ਵਿਅਕਤੀਆਂ ਨੂੰ ਸਿਰਫ ਦਵਾਈ ਹੀ ਨਹੀਂ, ਸਗੋਂ ਕਾਊਂਸਲਿੰਗ ਅਤੇ ਪਰਿਵਾਰਕ ਸਹਿਯੋਗ ਦੀ ਵੀ ਲੋੜ ਹੁੰਦੀ ਹੈ।

ਡਾ. ਨਵਨੀਤ ਕੌਰ ਨੇ ਜ਼ੋਰ ਦਿੱਤਾ ਕਿ ਸਮਾਜ ਨੂੰ ਨਸ਼ੇ ਦੇ ਆਦੀ ਲੋਕਾਂ ਨੂੰ ਤਿਰਸਕਾਰ ਨਹੀਂ ਕਰਨਾ ਚਾਹੀਦਾ, ਬਲਕਿ ਉਨ੍ਹਾਂ ਦੀ ਮਦਦ ਕਰਨੀ ਚਾਹੀਦੀ ਹੈ ਤਾਂ ਜੋ ਉਹ ਮੁੜ ਨਾਰਮਲ ਜ਼ਿੰਦਗੀ ਜੀ ਸਕਣ। ਡਾ. ਨਵਨੀਤ ਕੌਰ ਨੇ ਯੁੱਧ ਨਸ਼ਿਆਂ ਵਿਰੁੱਧ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਸਾਨੂੰ ਸਾਰਿਆਂ ਨੂੰ ਇਸ ਮੁਹਿੰਮ ‘ਚ ਸਹਿਯੋਗ ਦੇਣਾ ਚਾਹੀਦਾ ਹੈ।

Related Articles

Leave a Reply

Your email address will not be published. Required fields are marked *

Back to top button
error: Content is protected !!