ਡੀ.ਸੀ. ਵੱਲੋਂ ਵਪਾਰ ਮੰਡਲ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਦੀ ਪ੍ਰਗਤੀ ਦੀ ਸਮੀਖਿਆ
ਸ਼ਿਕਾਇਤਕਰਤਾ ਦੀ ਸੰਤੁਸ਼ਟੀ ਲਾਜ਼ਮੀ ਤੌਰ ‘ਤੇ ਯਕੀਨੀ ਬਣਾਈ ਜਾਵੇ – ਡਿਪਟੀ ਕਮਿਸ਼ਨਰ

ਮਾਲੇਰਕੋਟਲਾ, 27 ਅਪ੍ਰੈਲ ( ਵਾਸ਼ਿਸ਼ਟ )

ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਵੱਲੋਂ ਜ਼ਿਲ੍ਹੇ ਦੇ ਵਪਾਰ ਮੰਡਲ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਸਬੰਧੀ ਤਾਜ਼ਾ ਸਥਿਤੀ ਦੀ ਸਮੀਖਿਆ ਕਰਦੇ ਹੋਏ ਸਬੰਧਿਤ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਹਰ ਮਾਮਲੇ ਨੂੰ ਤਰਜੀਹ ਦੇ ਆਧਾਰ ‘ਤੇ ਗੰਭੀਰਤਾ ਨਾਲ ਲਿਆ ਜਾਵੇ ਅਤੇ ਉਸਦੀ ਅਪਡੇਟ ਸਥਿਤੀ ਨਿਯਮਿਤ ਤੌਰ ‘ਤੇ ਪੋਰਟਲ ‘ਤੇ ਦਰਜ ਕੀਤੀ ਜਾਵੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵਿਭਾਗਾਂ ਵੱਲੋਂ ਕੀਤੇ ਗਏ ਨਿਪਟਾਰਿਆਂ ਦੀ ਟਰੇਡਰਜ਼ ਕਮਿਸ਼ਨ ਵੱਲੋਂ ਵੀ ਜਾਂਚ ਕੀਤੀ ਗਈ ਹੈ, ਜਿਸ ਦੌਰਾਨ ਕੁਝ ਕੇਸਾਂ ਵਿੱਚ ਹੋਰ ਕਾਰਵਾਈ ਦੀ ਲੋੜ ਦੇਖਦਿਆਂ ਉਨ੍ਹਾਂ ਨੂੰ ਦੁਬਾਰਾ ਵਿਚਾਰ ਲਈ ਵਾਪਸ ਭੇਜਿਆ ਗਿਆ ਹੈ। ਉਨ੍ਹਾਂ ਨੇ ਜ਼ੋਰ ਦਿੱਤਾ ਕਿ ਕਿਸੇ ਵੀ ਸ਼ਿਕਾਇਤ ਨੂੰ ਨਿਪਟਿਆ ਹੋਇਆ ਦਰਸਾਉਣ ਤੋਂ ਪਹਿਲਾਂ ਸ਼ਿਕਾਇਤਕਰਤਾ ਦੀ ਸੰਤੁਸ਼ਟੀ ਲਾਜ਼ਮੀ ਤੌਰ ‘ਤੇ ਯਕੀਨੀ ਬਣਾਈ ਜਾਵੇ।

ਉਨ੍ਹਾਂ ਕਿਹਾ ਕਿ ਕੇਵਲ ਉਹੀ ਮਾਮਲੇ ਮੁਕੰਮਲ ਮੰਨੇ ਜਾਣ, ਜਿੱਥੇ ਸਬੰਧਤ ਵਿਅਕਤੀ ਪੂਰੀ ਤਰ੍ਹਾਂ ਸੰਤੁਸ਼ਟ ਹੋਵੇ, ਜਦਕਿ ਅਧੂਰੇ ਨਿਪਟਾਰੇ ਵਾਲੇ ਮਾਮਲਿਆਂ ਨੂੰ “ਪ੍ਰਗਤੀ ਅਧੀਨ” ਸ਼੍ਰੇਣੀ ਵਿੱਚ ਰੱਖਿਆ ਜਾਵੇ, ਤਾਂ ਜੋ ਸ਼ਿਕਾਇਤਾਂ ਸਬੰਧੀ ਜਾਣਕਾਰੀ ਸਪਸ਼ਟ ਅਤੇ ਭਰੋਸੇ ਯੋਗ ਬਣਾਈ ਦਾ ਸਕੇ।

ਉਨ੍ਹਾਂ ਕਿਹਾ ਕਿ ਮੁੱਖ ਧਿਆਨ ਲੋਕਾਂ ਦੀਆਂ ਸਮੱਸਿਆਵਾਂ ਦੇ ਸਮੇਂ ਸਿਰ ਹੱਲ ‘ਤੇ ਹੋਣਾ ਚਾਹੀਦਾ ਹੈ, ਜਿਸ ਨਾਲ ਵਪਾਰਕ ਮਾਹੌਲ ਨੂੰ ਹੋਰ ਸੁਗਮ ਬਣਾਇਆ ਜਾ ਸਕੇ। ਉਨ੍ਹਾਂ ਨੇ ਦਰਸਾਇਆ ਕਿ ਕਈ ਮਸਲੇ ਅਜਿਹੇ ਹੁੰਦੇ ਹਨ ਜਿਨ੍ਹਾਂ ਦਾ ਹੱਲ ਸਥਾਨਕ ਪੱਧਰ ‘ਤੇ ਹੀ ਆਸਾਨੀ ਨਾਲ ਕੀਤਾ ਜਾ ਸਕਦਾ ਹੈ, ਇਸ ਲਈ ਅਜਿਹੇ ਮਾਮਲਿਆਂ ਨੂੰ ਤੁਰੰਤ ਨਿਪਟਾਉਣਾ ਯਕੀਨੀ ਬਣਾਇਆ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਸ਼ਹਿਰ ਦੀ ਸਫ਼ਾਈ, ਸਟ੍ਰੀਟ ਲਾਈਟਾਂ ਦੀ ਸੰਭਾਲ ਅਤੇ ਸੁਰੱਖਿਆ ਪੈਟਰੋਲਿੰਗ ਵਰਗੀਆਂ ਸਹੂਲਤਾਂ ਵਿੱਚ ਸੁਧਾਰ ਲਈ ਵਿਸ਼ੇਸ਼ ਧਿਆਨ ਦੇਣ ਦੀ ਹਦਾਇਤ ਕੀਤੀ ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਸਿੰਘ ਬਰਾੜ, ਚੇਅਰਪਰਸਨ ਵਿਧਾਨ ਸਭਾ ਹਲਕਾ ਮਾਲੇਰਕੋਟਲਾ ਇਮਤਿਆਜ ਅਲੀ, ਚੇਅਰਪਰਸਨ ਵਿਧਾਨ ਸਭਾ ਹਲਕਾ ਅਮਰਗੜ੍ਹ ਅਸ਼ਵਨੀ ਕੁਮਾਰ, ਐਸ.ਡੀ.ਐਮ ਮਾਲੇਰਕੋਟਲਾ ਕਨੂ ਗਰਗ, ਐਸ.ਡੀ.ਐਮ ਅਹਿਮਦਗੜ੍ਹ/ਅਮਰਗੜ੍ਹ ਹਰਬੰਸ ਸਿੰਘ, ਡੀ.ਐਸ.ਪੀ. ਮਾਨਵਜੀਤ ਸਿੰਘ, ਡੀ.ਐਸ.ਪੀ (ਸਬ ਡਿਵਿਜ਼ਨ ਅਹਿਮਦਗੜ੍ਹ) ਸੁਖਦੇਵ ਸਿੰਘ ਬਰਾੜ, ਡੀ.ਡੀ.ਪੀ.ਓ ਰੂਪ ਸਿੰਘ, ਕਾਰਜ ਸਾਧਕ ਅਫਸਰ ਚੰਦਰ ਪ੍ਰਕਾਸ਼ ਵਧਵਾ, ਲੇਬਰ ਇੰਸਪੈਕਟਰ ਹਿਮਾਂਸ਼ੂ ਬਾਂਸਲ ਤੋਂ ਇਲਾਵਾ ਵੱਖ- ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।



