Uncategorized

ਡਿਪਟੀ ਕਮਿਸ਼ਨਰ ਵੱਲੋਂ ਵਪਾਰੀਆਂ ਦੀਆਂ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਲਈ ਸਖ਼ਤ ਨਿਰਦੇਸ਼

ਬਾਜ਼ਾਰਾਂ ਵਿੱਚ ਨਾਜਾਇਜ਼ ਕਬਜ਼ੇ, ਗੈਰ-ਕਾਨੂੰਨੀ ਰੇਹੜੀਆਂ ਅਤੇ ਜਨਤਕ ਸਮੱਸਿਆਵਾਂ ਦੇ ਹੱਲ ਨੂੰ ਦਿੱਤੀ ਜਾਵੇ ਪਹਿਲ

ਮਾਲੇਰਕੋਟਲਾ, 01 ਜੂਨ ( ਵਾਸ਼ਿਸ਼ਟ )


ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਪੰਜਾਬ ਸਰਕਾਰ ਦੇ ਸ਼ਿਕਾਇਤ ਪੋਰਟਲ ਰਾਹੀਂ ਵਪਾਰੀਆਂ ਵੱਲੋਂ ਦਰਜ ਕਰਵਾਈਆਂ ਗਈਆਂ ਸ਼ਿਕਾਇਤਾਂ ਦੇ ਸਮੇਂਬੱਧ ਅਤੇ ਪ੍ਰਭਾਵਸ਼ਾਲੀ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਸਾਰੇ ਸਬੰਧਤ ਵਿਭਾਗਾਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ। ਵੱਖ-ਵੱਖ ਵਿਭਾਗਾਂ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਕਿਹਾ ਕਿ ਵਪਾਰਕ ਭਾਈਚਾਰੇ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕਰਨਾ ਜ਼ਿਲ੍ਹਾ ਪ੍ਰਸ਼ਾਸਨ ਦੀ ਪ੍ਰਮੁੱਖ ਤਰਜੀਹ ਹੈ ਅਤੇ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਜਾਂ ਬੇਲੋੜੀ ਦੇਰੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵਪਾਰ-ਅਨੁਕੂਲ ਮਾਹੌਲ ਸਿਰਜਣ ਅਤੇ ਵਪਾਰੀਆਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਸਾਰੇ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਤਰਜੀਹੀ ਆਧਾਰ ’ਤੇ ਹੱਲ ਕਰਨ ਦੇ ਨਿਰਦੇਸ਼ ਦਿੱਤੇ।

ਮੀਟਿੰਗ ਦੌਰਾਨ ਉਨ੍ਹਾਂ ਪੁਲਿਸ ਵਿਭਾਗ ਨੂੰ ਬਾਜ਼ਾਰਾਂ ਅਤੇ ਵਪਾਰਕ ਖੇਤਰਾਂ ਵਿੱਚ ਪੀ.ਸੀ.ਆਰ. ਗਸ਼ਤ ਵਧਾਉਣ ਅਤੇ ਕਾਰਾਂ ਜਾਂ ਹੋਰ ਵਾਹਨਾਂ ਵਿੱਚ ਸ਼ਰਾਬ ਪੀਣ ਵਰਗੀਆਂ ਗੈਰ-ਕਾਨੂੰਨੀ ਗਤੀਵਿਧੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਕਿਹਾ। ਇਸ ਤੋਂ ਇਲਾਵਾ ਕਾਰਜ ਸਾਧਕ ਅਫ਼ਸਰ, ਨਗਰ ਕੌਂਸਲ ਨੂੰ ਅਣਅਧਿਕਾਰਤ ਤੌਰ ’ਤੇ ਲੱਗੀਆਂ ਰੇਹੜੀਆਂ ਨੂੰ ਹਟਾਉਣ, ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕਰਨ ਅਤੇ ਬਾਜ਼ਾਰਾਂ ਵਿੱਚੋਂ ਨਾਜਾਇਜ਼ ਕਬਜ਼ੇ ਦੂਰ ਕਰਵਾਉਣ ਦੀ ਹਦਾਇਤ ਕੀਤੀ।

ਉਨ੍ਹਾਂ ਜਲ ਸਪਲਾਈ, ਸੀਵਰੇਜ, ਨਗਰ ਕੌਂਸਲ ਅਤੇ ਹੋਰ ਸਬੰਧਤ ਵਿਭਾਗਾਂ ਨੂੰ ਸ਼ਹਿਰ ਵਿੱਚ ਸਾਫ਼-ਸਫ਼ਾਈ ਅਤੇ ਪੀਣ ਯੋਗ ਪਾਣੀ ਦੀ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਧਿਆਨ ਦੇਣ ਲਈ ਕਿਹਾ।

ਡਿਪਟੀ ਕਮਿਸ਼ਨਰ ਨੇ ਪੀ.ਐੱਸ.ਪੀ.ਸੀ.ਐੱਲ., ਪੁਲਿਸ ਵਿਭਾਗ, ਨਗਰ ਕੌਂਸਲ, ਨਗਰ ਸੁਧਾਰ ਟਰੱਸਟ, ਲੇਬਰ ਵਿਭਾਗ, ਜਲ ਸਪਲਾਈ ਅਤੇ ਸੀਵਰੇਜ ਬੋਰਡ ਸਮੇਤ ਹੋਰ ਵਿਭਾਗਾਂ ਨੂੰ ਲੰਬਿਤ ਸ਼ਿਕਾਇਤਾਂ ਦੇ ਜਲਦ ਨਿਪਟਾਰੇ ਲਈ ਪ੍ਰਭਾਵਸ਼ਾਲੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ।

ਵਿਰਾਜ ਐਸ. ਤਿੜਕੇ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਪਾਰਦਰਸ਼ੀ, ਜਵਾਬਦੇਹ ਅਤੇ ਸਮੇਂਬੱਧ ਸ਼ਿਕਾਇਤ ਨਿਵਾਰਣ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਵਪਾਰੀਆਂ ਅਤੇ ਸਰਕਾਰੀ ਵਿਭਾਗਾਂ ਵਿਚਕਾਰ ਬਿਹਤਰ ਤਾਲਮੇਲ ਸਥਾਪਿਤ ਕਰਕੇ ਜਨਤਕ ਸੇਵਾਵਾਂ ਦੀ ਗੁਣਵੱਤਾ ਵਿੱਚ ਹੋਰ ਸੁਧਾਰ ਲਿਆਂਦਾ ਜਾਵੇਗਾ ਅਤੇ ਸ਼ਿਕਾਇਤਾਂ ਦੀ ਨਿਯਮਤ ਸਮੀਖਿਆ ਕਰਕੇ ਜਵਾਬਦੇਹੀ ਯਕੀਨੀ ਬਣਾਈ ਜਾਵੇਗੀ।

ਇਸ ਮੌਕੇ ਇਸ ਮੌਕੇ ਚੇਅਰਪਰਸਨ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਮਾਲੇਰਕੋਟਲਾ ਆਜਮ ਦਾਰਾ, ਚੇਅਰਪਰਸਨ ਵਿਧਾਨ ਸਭਾ ਹਲਕਾ ਮਾਲੇਰਕੋਟਲਾ ਇਮਤਿਆਜ ਅਲੀ ਅਤੇ ਚੇਅਰਪਰਸਨ ਵਿਧਾਨ ਸਭਾ ਹਲਕਾ ਅਮਰਗੜ੍ਹ ਅਸ਼ਵਨੀ ਕੁਮਾਰ,ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਸਿੰਘ ਬਰਾੜ, ਐਸ.ਡੀ.ਐਮ ਮਾਲੇਰਕੋਟਲਾ ਕਨੂ ਗਰਗ, ਐਸ.ਡੀ.ਐਮ ਅਹਿਮਦਗੜ੍ਹ/ਅਮਰਗੜ੍ਹ ਹਰਬੰਸ ਸਿੰਘ, ਡੀ.ਐਸ.ਪੀ. ਅਮਰਗੜ੍ਹ ਸੰਜੀਵ ਕਪੂਰ, ਰਿਜਨਲ ਟਰਾਂਸਪੋਰਟ ਅਫਸਰ ਕਰਨਬੀਰ ਸਿੰਘ, ਕਾਰਜ ਸਾਧਕ ਅਫਸਰ ਮਾਲੇਰਕੋਟਲਾ ਚੰਦਰ ਪ੍ਰਕਾਸ਼ ਵਧਵਾ, ਲੇਬਰ ਇੰਸਪੈਕਟਰ ਹਿਮਾਂਸ਼ੂ ਬਾਂਸਲ, ਈ.ਟੀ.ਓ ਨਛੱਤਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।

Related Articles

Leave a Reply

Your email address will not be published. Required fields are marked *

Back to top button
error: Content is protected !!