‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ: ਵਿਧਾਇਕ ਜਿੰਪਾ
ਵਾਰਡ ਨੰਬਰ 18 ‘ਚ ਰਾਸ਼ਨ ਕਿੱਟਾਂ ਦੀ ਵੰਡ, ਜ਼ਿਲ੍ਹੇ ਦੇ 2.20 ਲੱਖ ਪਰਿਵਾਰ ਹੋਣਗੇ ਲਾਭਪਾਤਰੀ

ਹੁਸ਼ਿਆਰਪੁਰ, 4 ਜੂਨ ( ਸੂਤਰ )

ਲੋੜਵੰਦ ਪਰਿਵਾਰਾਂ ਦੀ ਰਸੋਈ ਦਾ ਖਰਚਾ ਘਟਾਉਣ ਅਤੇ ਉਨ੍ਹਾਂ ਨੂੰ ਜ਼ਰੂਰੀ ਖਾਧ ਸਮੱਗਰੀ ਉਪਲਬੱਧ ਕਰਵਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮੇਰੀ ਰਸੋਈ’ ਯੋਜਨਾ ਤਹਿਤ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ 18 ਵਿੱਚ ਲਾਭਪਾਤਰੀ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ। ਇਸ ਮੌਕੇ ਵੱਡੀ ਗਿਣਤੀ ਵਿੱਚ ਸਥਾਨਕ ਨਿਵਾਸੀ ਅਤੇ ਯੋਜਨਾ ਦੇ ਲਾਭਪਾਤਰੀ ਹਾਜ਼ਰ ਸਨ।

ਵਿਧਾਇਕ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਮ ਲੋਕਾਂ ਦੇ ਜੀਵਨ ਪੱਧਰ ਨੂੰ ਬਿਹਤਰ ਬਣਾਉਣ ਲਈ ਲਗਾਤਾਰ ਲੋਕ-ਭਲਾਈ ਯੋਜਨਾਵਾਂ ਲਾਗੂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਸਿਰਫ਼ ਯੋਜਨਾਵਾਂ ਸ਼ੁਰੂ ਕਰਨਾ ਨਹੀਂ, ਸਗੋਂ ਉਨ੍ਹਾਂ ਦਾ ਲਾਭ ਅਸਲ ਲੋੜਵੰਦਾਂ ਤੱਕ ਪਹੁੰਚਾਉਣਾ ਹੈ। ‘ਮੇਰੀ ਰਸੋਈ’ ਯੋਜਨਾ ਵੀ ਇਸੇ ਸੋਚ ਦਾ ਨਤੀਜਾ ਹੈ, ਜਿਸ ਨਾਲ ਲੱਖਾਂ ਪਰਿਵਾਰਾਂ ਨੂੰ ਸਿੱਧੀ ਰਾਹਤ ਮਿਲੇਗੀ।

ਉਨ੍ਹਾਂ ਦੱਸਿਆ ਕਿ ਇਸ ਯੋਜਨਾ ਅਧੀਨ ਵੰਡੀਆਂ ਜਾ ਰਹੀਆਂ ਰਾਸ਼ਨ ਕਿੱਟਾਂ ਵਿੱਚ 2 ਕਿਲੋ ਛੋਲਿਆਂ ਦੀ ਦਾਲ, 2 ਕਿਲੋ ਖੰਡ, 1 ਕਿਲੋ ਨਮਕ, 200 ਗ੍ਰਾਮ ਹਲਦੀ ਅਤੇ 1 ਲੀਟਰ ਸਰ੍ਹੋਂ ਦਾ ਤੇਲ ਸ਼ਾਮਲ ਹੈ। ਖ਼ਾਸ ਗੱਲ ਇਹ ਹੈ ਕਿ ਲਾਭਪਾਤਰੀ ਪਰਿਵਾਰਾਂ ਨੂੰ ਹਰ ਤਿੰਨ ਮਹੀਨੇ ਬਾਅਦ ਅਜਿਹੀ ਰਾਸ਼ਨ ਕਿੱਟ ਮੁਹੱਈਆ ਕਰਵਾਈ ਜਾਵੇਗੀ, ਜਿਸ ਨਾਲ ਘਰੇਲੂ ਖਰਚੇ ਦਾ ਬੋਝ ਘਟੇਗਾ ਅਤੇ ਪਰਿਵਾਰਾਂ ਨੂੰ ਨਿਯਮਿਤ ਸਹਾਇਤਾ ਮਿਲਦੀ ਰਹੇਗੀ।

ਵਿਧਾਇਕ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਪਹਿਲਾਂ ਹੀ 600 ਯੂਨਿਟ ਤੱਕ ਮੁਫ਼ਤ ਬਿਜਲੀ, ਬਿਹਤਰ ਸਿਹਤ ਸਹੂਲਤਾਂ ਅਤੇ ਗੁਣਵੱਤਾ ਭਰਪੂਰ ਸਿੱਖਿਆ ਵਰਗੀਆਂ ਸੇਵਾਵਾਂ ਲੋਕਾਂ ਤੱਕ ਪਹੁੰਚਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਲਗਭਗ 2.20 ਲੱਖ ਪਰਿਵਾਰ ‘ਮੇਰੀ ਰਸੋਈ’ ਯੋਜਨਾ ਤੋਂ ਲਾਭ ਪ੍ਰਾਪਤ ਕਰਨਗੇ, ਜਦਕਿ ਪੂਰੇ ਪੰਜਾਬ ਵਿੱਚ ਕਰੀਬ 40 ਲੱਖ ਪਰਿਵਾਰਾਂ ਨੂੰ ਇਸ ਦਾ ਫ਼ਾਇਦਾ ਮਿਲੇਗਾ। ਯੋਜਨਾ ਦੇ ਪ੍ਰਭਾਵਸ਼ਾਲੀ ਲਾਗੂ ਕਰਨ ਲਈ ਰਾਜ ਸਰਕਾਰ ਨੇ 900 ਕਰੋੜ ਰੁਪਏ ਦਾ ਬਜਟ ਨਿਰਧਾਰਤ ਕੀਤਾ ਹੈ।

ਇਸ ਮੌਕੇ ਲਾਭਪਾਤਰੀਆਂ ਨੇ ਸਰਕਾਰ ਦੀ ਇਸ ਪਹਿਲ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਯੋਜਨਾ ਨਾਲ ਰਸੋਈ ਦਾ ਖਰਚਾ ਘਟਾਉਣ ਵਿੱਚ ਮਦਦ ਮਿਲੇਗੀ। ਪ੍ਰੋਗਰਾਮ ਵਿੱਚ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਹੋਰ ਪਤਵੰਤੇ ਵਿਅਕਤੀ ਅਤੇ ਮੁਹੱਲਾ ਨਿਵਾਸੀ ਵੀ ਹਾਜ਼ਰ ਸਨ।




