ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਅਰਜ਼ੀਆਂ ਦੀ ਮੰਗ-ਡੀ.ਸੀ

ਫਰੀਦਕੋਟ, 12 ਜੂਨ ( ਸੂਤਰ )
ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਰਾਹੁਲ ਚਾਬਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਹਿਲਾ ਅਤੇ ਬਾਲ ਵਿਕਾਸ ਮੰਤਰਾਲਾ, ਭਾਰਤ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਯੋਗ ਬੱਚਿਆਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਇਹ ਪੁਰਸਕਾਰ ਦੇਸ਼ ਦੇ ਹੋਣਹਾਰ ਬੱਚਿਆਂ ਨੂੰ ਸਨਮਾਨਿਤ ਕਰਨ ਲਈ ਦਿੱਤਾ ਜਾਂਦਾ ਹੈ।

ਬਹਾਦਰੀ, ਸਮਾਜ ਸੇਵਾ, ਖੇਡਾਂ, ਵਿਗਿਆਨ ਅਤੇ ਤਕਨਾਲੋਜੀ, ਵਾਤਾਵਰਨ ਸੁਰੱਖਿਆ, ਕਲਾ ਅਤੇ ਸੱਭਿਆਚਾਰ ਸਮੇਤ ਵੱਖ-ਵੱਖ ਖੇਤਰਾਂ ਵਿੱਚ ਵਿਲੱਖਣ ਪ੍ਰਾਪਤੀਆਂ ਕਰਨ ਵਾਲੇ ਬੱਚੇ ਇਸ ਪੁਰਸਕਾਰ ਲਈ ਯੋਗ ਹਨ। ਇਹ ਪੁਰਸਕਾਰ ਉਨ੍ਹਾਂ ਬੱਚਿਆਂ ਨੂੰ ਵੀ ਦਿੱਤਾ ਜਾਂਦਾ ਹੈ ਜੋ ਆਪਣੇ ਕੰਮਾਂ ਰਾਹੀਂ ਹੋਰਨਾਂ ਲਈ ਪ੍ਰੇਰਣਾ ਸਰੋਤ ਬਣੇ ਹਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਭਾਰਤੀ ਨਾਗਰਿਕ ਅਤੇ ਭਾਰਤ ਵਿੱਚ ਰਹਿ ਰਹੇ 18 ਸਾਲ ਤੋਂ ਘੱਟ ਉਮਰ ਦੇ ਬੱਚੇ ਇਸ ਪੁਰਸਕਾਰ ਲਈ ਅਰਜ਼ੀ ਦੇ ਸਕਦੇ ਹਨ। ਅਰਜ਼ੀਆਂ ਸਿਰਫ਼ ਆਨਲਾਈਨ ਪੋਰਟਲ ਰਾਹੀਂ ਹੀ ਸਵੀਕਾਰ ਕੀਤੀਆਂ ਜਾਣਗੀਆਂ। ਅਰਜ਼ੀ ਭਰਨ ਲਈ ਭਾਰਤ ਸਰਕਾਰ ਦੇ ਪੋਰਟਲ awards.gov.in ‘ਤੇ ਜਾਇਆ ਜਾ ਸਕਦਾ ਹੈ।

ਆਨਲਾਈਨ ਅਰਜ਼ੀ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 31 ਜੁਲਾਈ, 2026 ਹੈ। ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਇਹ ਪੁਰਸਕਾਰ ਭਾਰਤ ਸਰਕਾਰ ਦੁਆਰਾ ਦਿੱਤਾ ਜਾਣ ਵਾਲਾ ਇੱਕੋ ਇੱਕ ਰਾਸ਼ਟਰੀ ਪੱਧਰ ਦਾ ਬਾਲ ਪੁਰਸਕਾਰ ਹੈ। ਇਸ ਲਈ ਉਪਰੋਕਤ ਦਿੱਤੇ ਵੇਰਵੇ ਅਨੁਸਾਰ ਵੱਖ ਵੱਖ ਖੇਤਰਾਂ ਵਿੱਚ ਪ੍ਰਪਤੀਆਂ ਕਰਨ ਵਾਲੇ ਬੱਚਿਆਂ ਨੂੰ ਰਾਸ਼ਟਰੀ ਪੱਧਰ ਤੇ ਸਨਮਾਨ ਦਵਾਉਣ ਲਈ ਇਸ ਪੋਰਟਲ ਤੇ ਅਰਜੀ ਫਾਰਮ ਭਰੇ ਜਾਣ।

ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਮਹਿਲਾ ਭਵਨ, ਜ਼ਿਲ੍ਹਾ ਪ੍ਰੀਸ਼ਦ ਕੰਪਲੈਕਸ, ਸਾਦਿਕ ਚੌਂਕ, ਫਰੀਦਕੋਟ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ।




