ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਬਾਰਾਦਰੀ ਗਾਰਡਨ’ਚ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਸੈਂਕੜੇ ਲੋਕਾਂ ਨੇ ਕੀਤਾ ਯੋਗ ਅਭਿਆਸ
ਯੋਗ ਸਰੀਰਿਕ ਤੰਦਰੁਸਤੀ ਦੇ ਨਾਲ-ਨਾਲ ਮਾਨਸਿਕ ਸਿਹਤ ਲਈ ਵੀ ਫਾਇਦੇਮੰਦ : ਡਾ. ਸਰਬਜੀਤ ਕੌਰ

ਨਵਾਂਸ਼ਹਿਰ, 22 ਜੂਨ ( ਸੂਤਰ )

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਯੁਰਵੇਦ ਵਿਭਾਗ ਦੇ ਸਹਿਯੋਗ ਨਾਲ ਬਾਰਾਦਰੀ ਗਾਰਡਨ ਦੇ ਕੈਂਪਸ ਵਿਖੇ ਜ਼ਿਲ੍ਹਾ ਪੱਧਰ ‘ਤੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ।

ਜ਼ਿਲ੍ਹਾ ਆਯੂਰਵੇਦਿਕ ਅਤੇ ਯੂਨਾਨੀ ਅਫ਼ਸਰ ਡਾ. ਸਰਬਜੀਤ ਕੌਰ ਦੀ ਅਗਵਾਈ ਹੇਠ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਵਿਭਾਗ ਦੇ ਮਾਹਿਰਾਂ ਵੱਲੋਂ ਸੈਂਕੜੇ ਭਾਗੀਦਾਰਾਂ ਨੂੰ ਵੱਖ-ਵੱਖ ਯੋਗ ਆਸਣਾਂ ਦੀ ਸਿਖ਼ਲਾਈ ਦਿੱਤੀ ਗਈ।

ਜ਼ਿਲ੍ਹਾ ਆਯੂਰਵੇਦਿਕ ਅਤੇ ਯੂਨਾਨੀ ਅਫ਼ਸਰ ਨੇ ਇਸ ਮੌਕੇ ਯੋਗ ਦੀ ਮਹੱਤਤਾ ‘ਤੇ ਚਾਨਣਾ ਪਾਉਂਦਿਆਂ ਕਿਹਾ ਕਿ ਯੋਗ ਸਿਰਫ਼ ਸਰੀਰਿਕ ਤੰਦਰੁਸਤੀ ਲਈ ਹੀ ਨਹੀਂ, ਸਗੋਂ ਮਾਨਸਿਕ ਸਿਹਤ ਲਈ ਵੀ ਬਹੁਤ ਫਾਇਦੇਮੰਦ ਹੈ। ਉਨ੍ਹਾਂ ਲੋਕਾਂ ਨੂੰ ਫਿੱਟ ਰਹਿਣ ਅਤੇ ਖੁਸ਼ਹਾਲ ਜੀਵਨ ਲਈ ਯੋਗ ਨੂੰ ਆਪਣੇ ਰੋਜ਼ਾਨਾ ਦੇ ਜੀਵਨ ਦਾ ਅਨਿੱਖੜਵਾਂ ਅੰਗ ਬਣਾਉਣ ਦਾ ਸੱਦਾ ਦਿੱਤਾ। ਯੋਗ ਦੇ ਮਾਹਿਰਾਂ ਦੀ ਇਕ ਟੀਮ ਵੱਲੋਂ ਭਾਗੀਦਾਰਾਂ ਨੂੰ ਯੋਗ ਆਸਣ ਕਰਵਾਏ ਗਏ।

ਡਾ. ਸਰਬਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਯੋਗ ਨਾਲ ਜੋੜਨ ਲਈ ਸੀਐਮ ਦੀ ਯੋਗਸ਼ਾਲਾ ਪ੍ਰੋਗਰਾਮ ਤਹਿਤ ਹਜ਼ਾਰਾਂ ਲੋਕਾਂ ਨੂੰ ਮੁਫ਼ਤ ਵਿੱਚ ਯੋਗ ਦੀ ਸਿਖ਼ਲਾਈ ਉਨ੍ਹਾਂ ਦੇ ਘਰਾਂ ਨੇੜੇ ਹੀ ਕਲਾਸ ਲਗਾ ਕੇ ਦਿੱਤੀ ਜਾ ਰਹੀ ਹੈ। ਇਸ ਨਿਵੇਕਲੀ ਪਹਿਲ ਸਦਕਾ ਵੱਡੀ ਗਿਣਤੀ ਵਿੱਚ ਲੋਕ ਯੋਗ ਨੂੰ ਅਪਣਾ ਕੇ ਸ਼ਰੀਰਕ ਅਤੇ ਮਾਨਸਿਕ ਤੰਦਰੁਸਤੀ ਵੱਲ ਵੱਧ ਰਹੇ ਹਨ।




