ਜ਼ਿਲ੍ਹਾ ਬਰਨਾਲਾ ਨੇ ਪ੍ਰਫਾਰਮੈਂਸ ਗ੍ਰੇਡਿੰਗ ਇੰਡੈਕਸ 2.0 ਵਿੱਚ ਦੇਸ਼ ਭਰ ‘ਚੋਂ ਤੀਜਾ ਤੇ ਸੂਬੇ ‘ਚੋਂ ਪਹਿਲਾ ਸਥਾਨ ਮੱਲਿਆ: ਡਿਪਟੀ ਕਮਿਸ਼ਨਰ
ਜ਼ਿਲ੍ਹਾ ਬਰਨਾਲਾ ਨੇ ਉੱਤਮ 2 ਗ੍ਰੇਡ ਕੀਤਾ ਹਾਸਲ, ਡਿਪਟੀ ਕਮਿਸ਼ਨਰ ਵਲੋਂ ਸਿੱਖਿਆ ਵਿਭਾਗ ਨੂੰ ਮੁਬਾਰਕਬਾਦ

ਬਰਨਾਲਾ, 2 ਜੂਨ ( ਸੂਤਰ )

ਸਕੂਲ ਸਿੱਖਿਆ ਵਿੱਚ ਮੀਲ ਪੱਥਰ ਸਥਾਪਤ ਕਰਦਿਆਂ ਜ਼ਿਲ੍ਹਾ ਬਰਨਾਲਾ ਜਿੱਥੇ ਪੰਜਾਬ ਵਿੱਚ ਮੋਹਰੀ ਜ਼ਿਲ੍ਹਾ ਬਣਿਆ ਹੈ, ਓਥੇ ਬਰਨਾਲਾ ਨੇ ਦੇਸ਼ ਭਰ ਦੇ ਜ਼ਿਲ੍ਹਿਆਂ ਵਿਚੋਂ ਤੀਜਾ ਸਥਾਨ ਮੱਲਿਆ ਹੈ।


ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲੇ ਦੇ ਸਕੂਲ ਸਿੱਖਿਆ ਅਤੇ ਸਾਖਰਤਾ ਵਿਭਾਗ ਵੱਲੋਂ ਸੂਬਿਆਂ/ਕੇਂਦਰ ਸ਼ਾਸਤ ਪ੍ਰਦੇਸ਼ਾਂ ਲਈ ਜਾਰੀ ਕੀਤੇ ਗਏ 2024-25 ਦੇ ਪ੍ਰਫਾਰਮੈਂਸ ਗ੍ਰੇਡਿੰਗ ਇੰਡੈਕਸ (ਪੀ.ਜੀ.ਆਈ) 2.0 ਵਿੱਚ ਪੰਜਾਬ ਜਿੱਥੇ ਦੇਸ਼ ਵਿਚੋਂ ਅੱਵਲ ਹੈ, ਓਥੇ ਜ਼ਿਲ੍ਹਿਆਂ ਦੀ ਰਿਪੋਰਟ ਵਿਚ ਜ਼ਿਲ੍ਹਾ ਬਰਨਾਲਾ ਨੇ ਦੇਸ਼ ਵਿਚੋਂ ਤੀਜਾ ਅਤੇ ਸੂਬੇ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ।

ਇਸ ਪ੍ਰਾਪਤੀ ਬਾਰੇ ਜਾਣਕਾਰੀ ਸਾਂਝੀ ਕਰਦੇ ਹੋਏ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਆਈ ਏ ਐੱਸ ਨੇ ਦੱਸਿਆ ਕਿ 2024-25 ਦੇ ਪ੍ਰਫਾਰਮੈਂਸ ਗ੍ਰੇਡਿੰਗ ਇੰਡੈਕਸ (ਪੀ.ਜੀ.ਆਈ) 2.0 ਦੀ ਪਿਛਲੇ ਸਮੇਂ ਜ਼ਿਲ੍ਹਿਆਂ ਦੀ ਜਾਰੀ ਹੋਈ ਰਿਪੋਰਟ ਅਨੁਸਾਰ ਜ਼ਿਲ੍ਹਾ ਬਰਨਾਲਾ ਨੇ 461 ਸਕੋਰ ਹਾਸਲ ਕਰਕੇ ਵੱਕਾਰੀ ਉੱਤਮ 2 ਗ੍ਰੇਡ ਹਾਸਲ ਕੀਤਾ ਹੈ। ਜ਼ਿਲ੍ਹਾ ਬਰਨਾਲਾ ਸੂਬੇ ਵਿਚੋਂ ਅੱਵਲ ਅਤੇ ਦੇਸ਼ ਵਿਚੋਂ ਤੀਜੇ ਸਥਾਨ ‘ਤੇ ਰਹਿਣ ਵਾਲਾ ਜ਼ਿਲ੍ਹਾ ਹੈ।

ਓਹਨਾਂ ਦੱਸਿਆ ਕਿ ਪੀਜੀਆਈ-ਡੀ ਤਹਿਤ ਜ਼ਿਲ੍ਹਿਆਂ ਨੂੰ ਛੇ ਮੁੱਖ ਖੇਤਰਾਂ ਵਿੱਚ ਦਰਜਾ ਦਿੱਤਾ ਜਾਂਦਾ ਹੈ ਜਿਹਨਾਂ ਵਿੱਚ ਨਤੀਜੇ, ਪ੍ਰਭਾਵਸ਼ਾਲੀ ਕਲਾਸਰੂਮ ਇੰਟਰੈਕਸ਼ਨ, ਬੁਨਿਆਦੀ ਢਾਂਚਾ ਸਹੂਲਤਾਂ ਅਤੇ ਵਿਦਿਆਰਥੀਆਂ ਦੇ ਅਧਿਕਾਰ, ਸਕੂਲ ਸੁਰੱਖਿਆ ਅਤੇ ਬਾਲ ਸੁਰੱਖਿਆ, ਡਿਜੀਟਲ ਸਿਖਲਾਈ ਅਤੇ ਪ੍ਰਸ਼ਾਸਨਿਕ ਪ੍ਰਕਿਰਿਆ ਸ਼ਾਮਲ ਹਨ ਜਿਨ੍ਹਾਂ ਦੇ ਕੁੱਲ 600 ਸਕੋਰ ਹਨ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਜ਼ਿਲ੍ਹਾ ਬਰਨਾਲਾ ਸਿੱਖਿਆ ਦੇ ਖੇਤਰ ਵਿਚ ਨਵੇਂ ਦਸਹਿੱਦੇ ਸਥਾਪਿਤ ਕਰਨ ਲਈ ਲਗਾਤਾਰ ਕੰਮ ਕਰ ਰਿਹਾ ਹੈ। ਇਸ ਪ੍ਰਾਪਤੀ ਲਈ ਓਹਨਾਂ ਸਿੱਖਿਆ ਵਿਭਾਗ ਬਰਨਾਲਾ ਦੀ ਮਿਹਨਤੀ ਟੀਮ ਅਤੇ ਸਮਰਪਿਤ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ। ਓਹਨਾਂ ਕਿਹਾ ਕਿ ਪੂਰੀ ਉਮੀਦ ਹੈ ਕਿ ਆਉਂਦੇ ਸਮੇਂ ਵੀ ਬਰਨਾਲਾ ਇਸੇ ਤਰ੍ਹਾਂ ਮੋਹਰੀ ਸਥਾਨ ਹਾਸਲ ਕਰਦਾ ਰਹੇਗਾ।




