ਪੀ.ਐੱਮ ਕਿਸਾਨ ਯੋਜਨਾ ਦੀ ਅਗਲੀ ਕਿਸ਼ਤ ਲਈ 20 ਜੂਨ ਤੱਕ ਈ-ਕੇਵਾਈਸੀ ਅਤੇ ਜ਼ਮੀਨ ਦੀ ਤਸਦੀਕ ਕਰਵਾਉਣਾ ਲਾਜ਼ਮੀ: ਮੁੱਖ ਖੇਤੀਬਾੜੀ ਅਫ਼ਸਰ

ਬਰਨਾਲਾ, 17 ਜੂਨ ( ਸੂਤਰ )
ਮੁੱਖ ਖੇਤੀਬਾੜੀ ਅਫ਼ਸਰ ਬਰਨਾਲਾ ਡਾ. ਸੁਖਪਾਲ ਸਿੰਘ ਗਿੱਲ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਜਿਨ੍ਹਾਂ ਕਿਸਾਨਾਂ ਵੱਲੋਂ ਪ੍ਰਧਾਨ ਮੰਤਰੀ ਕਿਸਾਨ ਸੰਮਾਨ ਨਿਧੀ (PM-Kisan) ਯੋਜਨਾ ਅਧੀਨ ਅਜੇ ਤੱਕ ਆਪਣੀ ਈ-ਕੇ.ਵਾਈ.ਸੀ (e-KYC) ਅਤੇ ਜ਼ਮੀਨ ਦੀ ਤਸਦੀਕ (Land Verification) ਨਹੀਂ ਕਰਵਾਈ ਗਈ, ਉਹ ਕਿਸਾਨ 20 ਜੂਨ ਤੱਕ ਇਹ ਪ੍ਰਕਿਰਿਆ ਤੁਰੰਤ ਮੁਕੰਮਲ ਕਰਵਾਉਣ।

ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਇਸ ਯੋਜਨਾ ਦੇ ਸਾਰੇ ਲਾਭਪਾਤਰੀਆਂ ਲਈ ਈ-ਕੇਵਾਈਸੀ ਅਤੇ ਜ਼ਮੀਨ ਦੀ ਤਸਦੀਕ ਲਾਜ਼ਮੀ ਕਰ ਦਿੱਤੀ ਗਈ ਹੈ, ਤਾਂ ਜੋ ਕਿਸਾਨਾਂ ਨੂੰ ਯੋਜਨਾ ਦੀ ਅਗਲੀ ਕਿਸ਼ਤ ਪ੍ਰਾਪਤ ਕਰਨ ਵਿੱਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਜਾਂ ਰੁਕਾਵਟ ਦਾ ਸਾਹਮਣਾ ਨਾ ਕਰਨਾ ਪਵੇ।

ਡਾ. ਸੁਖਪਾਲ ਸਿੰਘ ਗਿੱਲ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਸਾਨ ਆਪਣੇ ਨੇੜਲੇ ਕਾਮਨ ਸਰਵਿਸ ਸੈਂਟਰ (CSC), ਸੁਵਿਧਾ ਕੇਂਦਰ ਜਾਂ ਖੇਤੀਬਾੜੀ ਵਿਭਾਗ ਦੇ ਦਫ਼ਤਰ ਨਾਲ ਸੰਪਰਕ ਕਰਕੇ ਇਸ ਪ੍ਰਕਿਰਿਆ ਨੂੰ ਪੂਰਾ ਕਰਵਾ ਸਕਦੇ ਹਨ। ਇਸ ਤੋਂ ਇਲਾਵਾ, ਕਿਸਾਨ ਖੁਦ ਪੀ.ਐਮ.-ਕਿਸਾਨ (PM-Kisan) ਦੇ ਅਧਿਕਾਰਤ ਪੋਰਟਲ ’ਤੇ ਜਾ ਕੇ ਵੀ ਆਪਣੀ ਸਥਿਤੀ (Status) ਦੀ ਜਾਂਚ ਕਰ ਸਕਦੇ ਹਨ।

ਮੁੱਖ ਖੇਤੀਬਾੜੀ ਅਫ਼ਸਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਤੋਂ ਬਚਣ ਲਈ ਇਸ ਕਾਰਵਾਈ ਨੂੰ ਜਲਦ ਤੋਂ ਜਲਦ ਨੇਪਰੇ ਚਾੜ੍ਹਿਆ ਜਾਵੇ, ਤਾਂ ਜੋ ਯੋਜਨਾ ਦੇ ਤਹਿਤ ਮਿਲਣ ਵਾਲੀ ਅਗਲੀ ਕਿਸ਼ਤ ਸਮੇਂ ਸਿਰ ਸਿੱਧੀ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਟ੍ਰਾਂਸਫਰ ਹੋ ਸਕੇ।
×




