Uncategorized

ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਨੂੰ ਸਫਲ ਬਣਾਉਣ ਲਈ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਅਹਿਮ ਮੀਟਿੰਗ

ਗਣਨਾ ਫਾਰਮ ਨਾਲ ਨਵੀਨਤਮ ਫੋਟੋ ਅਤੇ ਲੋੜੀਂਦੇ ਦਸਤਾਵੇਜ਼ ਜਮ੍ਹਾਂ ਕਰਵਾਉਣ ਨੂੰ ਯਕੀਨੀ ਬਣਾਉਣ ਦੀ ਅਪੀਲ – ਵਿਰਾਜ ਐਸ. ਤਿੜਕੇ

ਮਾਲੇਰਕੋਟਲਾ, 12 ਜੂਨ ( ਸੂਤਰ )

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਵਿਰਾਜ ਐਸ. ਤਿੜਕੇ ਦੀ ਪ੍ਰਧਾਨਗੀ ਹੇਠ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.)-2026 ਨੂੰ ਸੁਚਾਰੂ, ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਇੱਕ ਅਹਿਮ ਸਮੀਖਿਆ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਦੌਰਾਨ ਚੋਣ ਪ੍ਰਕਿਰਿਆ ਨਾਲ ਜੁੜੇ ਅਧਿਕਾਰੀਆਂ ਨੂੰ ਵਿਸਥਾਰਪੂਰਵਕ ਦਿਸ਼ਾ-ਨਿਰਦੇਸ਼ ਦਿੱਤੇ ਗਏ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਦਾ ਮੁੱਖ ਉਦੇਸ਼ ਵੋਟਰ ਸੂਚੀਆਂ ਨੂੰ ਹੋਰ ਵਧੇਰੇ ਸ਼ੁੱਧ, ਪਾਰਦਰਸ਼ੀ ਅਤੇ ਭਰੋਸੇਯੋਗ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦੀ ਸਫਲਤਾ ਲਈ ਚੋਣ ਅਮਲੇ ਦੇ ਨਾਲ-ਨਾਲ ਰਾਜਨੀਤਿਕ ਪਾਰਟੀਆਂ, ਬੂਥ ਲੈਵਲ ਏਜੰਟਾਂ ਅਤੇ ਆਮ ਲੋਕਾਂ ਦੀ ਸਰਗਰਮ ਭਾਗੀਦਾਰੀ ਬਹੁਤ ਜ਼ਰੂਰੀ ਹੈ।

ਉਨ੍ਹਾਂ ਦੱਸਿਆ ਕਿ 25 ਜੂਨ ਤੋਂ 24 ਜੁਲਾਈ 2026 ਤੱਕ ਬੀ.ਐਲ.ਓਜ਼ ਘਰ-ਘਰ ਜਾ ਕੇ ਗਣਨਾ ਫਾਰਮ ਭਰਵਾਉਣਗੇ। ਸਮੂਹ ਵੋਟਰਾਂ ਨੂੰ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਗਣਨਾ ਫਾਰਮ ਦੇ ਨਾਲ ਆਪਣੀ ਨਵੀਨਤਮ ਰੰਗੀਨ ਫੋਟੋ ਜ਼ਰੂਰ ਮੁਹੱਈਆ ਕਰਵਾਉਣ ਅਤੇ ਲੋੜ ਪੈਣ ’ਤੇ ਚੋਣ ਕਮਿਸ਼ਨ ਵੱਲੋਂ ਪ੍ਰਵਾਨਿਤ ਦਸਤਾਵੇਜ਼ਾਂ ਵਿੱਚੋਂ ਕੋਈ ਇੱਕ ਦਸਤਾਵੇਜ਼ ਜਮ੍ਹਾਂ ਕਰਵਾਉਣ। ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਵੋਟਰ ਜਾਂ ਉਸਦੇ ਪਰਿਵਾਰ ਦਾ ਨਾਮ 2003 ਦੀ ਵੋਟਰ ਸੂਚੀ ਵਿੱਚ ਦਰਜ ਹੈ ਤਾਂ ਉਸ ਨੂੰ ਵਾਧੂ ਦਸਤਾਵੇਜ਼ ਦੇਣ ਦੀ ਲੋੜ ਨਹੀਂ ਹੋਵੇਗੀ, ਜਦਕਿ ਹੋਰ ਮਾਮਲਿਆਂ ਵਿੱਚ ਜਨਮ ਸਰਟੀਫਿਕੇਟ, ਪਾਸਪੋਰਟ, ਮੈਟ੍ਰਿਕ ਸਰਟੀਫਿਕੇਟ, ਸਥਾਈ ਨਿਵਾਸ ਸਰਟੀਫਿਕੇਟ, ਸਰਕਾਰੀ ਪਛਾਣ ਪੱਤਰ ਜਾਂ ਚੋਣ ਕਮਿਸ਼ਨ ਵੱਲੋਂ ਮਨਜ਼ੂਰਸ਼ੁਦਾ 12 ਦਸਤਾਵੇਜ਼ਾਂ ਵਿੱਚੋਂ ਕੋਈ ਇੱਕ ਦਸਤਾਵੇਜ਼ ਪੇਸ਼ ਕੀਤਾ ਜਾ ਸਕਦਾ ਹੈ।

ਵਿਰਾਜ ਐਸ.ਤਿੜਕੇ ਨੇ ਕਿਹਾ ਕਿ ਕੋਈ ਵੀ ਯੋਗ ਵੋਟਰ ਵੋਟਰ ਸੂਚੀ ਵਿੱਚ ਸ਼ਾਮਲ ਹੋਣ ਤੋਂ ਵਾਂਝਾ ਨਾ ਰਹੇ ਅਤੇ ਕੋਈ ਵੀ ਅਯੋਗ ਜਾਂ ਡੁਪਲੀਕੇਟ ਐਂਟਰੀ ਸੂਚੀ ਵਿੱਚ ਨਾ ਰਹੇ, ਇਸ ਲਈ ਸਾਰੇ ਅਧਿਕਾਰੀ ਪੂਰੀ ਜ਼ਿੰਮੇਵਾਰੀ ਅਤੇ ਤਨਦੇਹੀ ਨਾਲ ਕੰਮ ਕਰਨ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਐੱਸ.ਆਈ.ਆਰ.-2026 ਸਬੰਧੀ ਸਹੀ ਜਾਣਕਾਰੀ ਲੋਕਾਂ ਤੱਕ ਪਹੁੰਚਾਈ ਜਾਵੇ ਅਤੇ ਸੋਸ਼ਲ ਮੀਡੀਆ ’ਤੇ ਫੈਲ ਰਹੀਆਂ ਭ੍ਰਮਕ ਅਫ਼ਵਾਹਾਂ ਤੋਂ ਲੋਕਾਂ ਨੂੰ ਸੁਚੇਤ ਕੀਤਾ ਜਾਵੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਰਾਜਦੀਪ ਸਿੰਘ ਬਰਾੜ,ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ -105 ਮਾਲੇਰਕੋਟਲਾ ਕਮ ਐਸ.ਡੀ.ਐਮ.ਕਨੂ ਗਰਗ, ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ-106 ਅਮਰਗੜ੍ਹ ਕਮ ਐਸ.ਡੀ.ਐਮ.ਅਮਰਗੜ੍ਹ/ਅਹਿਮਦਗੜ੍ਹ ਹਰਬੰਸ ਸਿੰਘ, ਸਹਾਇਕ ਕਮਿਸ਼ਨਰ ਮਨਦੀਪ ਕੌਰ, ਡੀ.ਆਈ.ਓ ਸ਼ਾਈਨ ਕਮਲ, ਚੋਣ ਤਹਿਸੀਲਦਾਰ ਬ੍ਰਿਜ ਮੋਹਨ,ਮਨਪ੍ਰੀਤ ਸਿੰਘ , ਤੋਂ ਇਲਾਵਾ ਸਬੰਧਤ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ ।

ਉਨ੍ਹਾਂ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਯੋਗ ਨਾਗਰਿਕ ਦੀ ਵੋਟਰ ਸੂਚੀ ਵਿੱਚ ਸ਼ਮੂਲੀਅਤ ਅਤੇ ਪਾਰਦਰਸ਼ੀ ਚੋਣ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ।

Related Articles

Leave a Reply

Your email address will not be published. Required fields are marked *

Back to top button
error: Content is protected !!