Uncategorized

ਮਾਲੇਰਕੋਟਲਾ ਹਲਕੇ ਵਿੱਚ ਜਨਤਕ ਵੰਡ ਪ੍ਰਣਾਲੀ ਨੂੰ ਹੋਰ ਮਜ਼ਬੂਤੀ, 11 ਨਵੇਂ ਰਾਸ਼ਨ ਡਿਪੂ ਅਲਾਟ-ਡਾ. ਜਮੀਲ ਉਰ ਰਹਿਮਾਨ

ਕਿਹਾ,ਨਵੇਂ ਰਾਸ਼ਨ ਕਾਰਡ ਬਣਾਉਣ ਅਤੇ ਮੌਜੂਦਾ ਕਾਰਡਾਂ ਵਿੱਚ ਮੈਂਬਰ ਸ਼ਾਮਲ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਸਵੀਕਾਰ

ਮਾਲੇਰਕੋਟਲਾ, 22 ਜੁਲਾਈ ( ਵਾਸ਼ਿਸ਼ਟ )


ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਨਤਕ ਵੰਡ ਪ੍ਰਣਾਲੀ ਨੂੰ ਹੋਰ ਮਜ਼ਬੂਤ, ਪਾਰਦਰਸ਼ੀ ਅਤੇ ਲੋਕ-ਪੱਖੀ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਵਿਧਾਨ ਸਭਾ ਹਲਕਾ ਮਾਲੇਰਕੋਟਲਾ ਵਿੱਚ 11 ਨਵੇਂ ਰਾਸ਼ਨ ਡਿਪੂ ਅਲਾਟ ਕੀਤੇ ਗਏ ਹਨ। ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਰ ਰਹਿਮਾਨ ਨੇ ਅੱਜ ਨਵੇਂ ਚੁਣੇ ਗਏ ਡਿਪੂ ਧਾਰਕਾਂ ਨੂੰ ਅਲਾਟਮੈਂਟ ਲੈਟਰ ਤਕਸੀਮ ਕੀਤੇ।

ਇਸ ਮੌਕੇ ਵਿਧਾਇਕ ਡਾ. ਜਮੀਲ ਉਰ ਰਹਿਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਰ ਯੋਗ ਪਰਿਵਾਰ ਤੱਕ ਜ਼ਰੂਰੀ ਖੁਰਾਕੀ ਵਸਤਾਂ ਦੀ ਸੁਖਾਲੀ ਅਤੇ ਨਿਰਵਿਘਨ ਪਹੁੰਚ ਯਕੀਨੀ ਬਣਾਉਣ ਲਈ ਲਗਾਤਾਰ ਅਹਿਮ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਨਵੇਂ ਰਾਸ਼ਨ ਡਿਪੂ ਅਲਾਟ ਹੋਣ ਨਾਲ ਲੋਕਾਂ ਨੂੰ ਆਪਣੇ ਨੇੜੇ ਹੀ ਜ਼ਰੂਰੀ ਖੁਰਾਕੀ ਵਸਤਾਂ ਪ੍ਰਾਪਤ ਕਰਨ ਦੀ ਸਹੂਲਤ ਮਿਲੇਗੀ ਅਤੇ ਜਨਤਕ ਵੰਡ ਪ੍ਰਣਾਲੀ ਦੀ ਪਹੁੰਚ ਹੋਰ ਵਿਸ਼ਾਲ ਹੋਵੇਗੀ।

ਵਿਧਾਇਕ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਯੋਗ ਪਰਿਵਾਰਾਂ ਨੂੰ ਰਾਸ਼ਨ ਕਾਰਡ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਨਵੇਂ ਰਾਸ਼ਨ ਕਾਰਡ ਬਣਾਉਣ ਅਤੇ ਮੌਜੂਦਾ ਰਾਸ਼ਨ ਕਾਰਡਾਂ ਵਿੱਚ ਯੋਗ ਮੈਂਬਰ ਸ਼ਾਮਲ ਕਰਨ ਲਈ 11 ਅਗਸਤ 2026 ਤੱਕ ਅਰਜ਼ੀਆਂ ਸਵੀਕਾਰ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਯੋਗ ਪਰਿਵਾਰਾਂ ਨੂੰ ਅਪੀਲ ਕੀਤੀ ਕਿ ਉਹ ਨਿਰਧਾਰਿਤ ਸਮੇਂ ਅੰਦਰ ਆਪਣੀਆਂ ਅਰਜ਼ੀਆਂ ਜਮ੍ਹਾਂ ਕਰਵਾ ਕੇ ਸਰਕਾਰੀ ਯੋਜਨਾ ਦਾ ਲਾਭ ਪ੍ਰਾਪਤ ਕਰਨ।

ਡਾ. ਜਮੀਲ ਉਰ ਰਹਿਮਾਨ ਨੇ ਕਿਹਾ ਕਿ ਰਾਸ਼ਨ ਕਾਰਡ ਬਣਾਉਣ ਦੀ ਪ੍ਰਕਿਰਿਆ ਵਿੱਚ ਪੂਰਨ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਆਨਲਾਈਨ ਵੈਰੀਫਿਕੇਸ਼ਨ ਪ੍ਰਣਾਲੀ ਅਪਣਾਈ ਜਾ ਰਹੀ ਹੈ। ਇਸ ਨਾਲ ਫਰਜ਼ੀ ਰਾਸ਼ਨ ਕਾਰਡਾਂ ਨੂੰ ਰੋਕਣ ਦੇ ਨਾਲ-ਨਾਲ ਅਸਲ ਅਤੇ ਯੋਗ ਲਾਭਪਾਤਰੀਆਂ ਨੂੰ ਉਨ੍ਹਾਂ ਦਾ ਹੱਕ ਮਿਲਣਾ ਯਕੀਨੀ ਬਣਾਇਆ ਜਾਵੇਗਾ।

ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਸਮੇਂ ਰਾਸ਼ਨ ਕਾਰਡ ਬਣਾਉਣ ਦੀ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਦੀ ਘਾਟ ਰਹੀ ਅਤੇ ਕਈ ਵਾਰ ਸਿਰਫ਼ ਆਪਣੇ ਚਹੇਤਿਆਂ ਨੂੰ ਹੀ ਲਾਭ ਦਿੱਤਾ ਗਿਆ। ਇਸ ਦੇ ਉਲਟ, ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਮੌਜੂਦਾ ਪੰਜਾਬ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਹਰ ਯੋਗ ਵਿਅਕਤੀ ਨੂੰ ਸਰਕਾਰੀ ਯੋਜਨਾਵਾਂ ਦਾ ਲਾਭ ਪਾਰਦਰਸ਼ੀ ਢੰਗ ਨਾਲ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਵਿਧਾਇਕ ਮਾਲੇਰਕੋਟਲਾ ਨੇ ਇਸ ਲੋਕ-ਪੱਖੀ ਪਹਿਲਕਦਮੀ ਲਈ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਨਤਕ ਵੰਡ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ ਯੋਗ ਲਾਭਪਾਤਰੀਆਂ ਤੱਕ ਸਰਕਾਰੀ ਸਹੂਲਤਾਂ ਪਹੁੰਚਾਉਣ ਲਈ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੇ ਅਜਿਹੇ ਫੈਸਲੇ ਆਮ ਲੋਕਾਂ ਦੀ ਭਲਾਈ ਅਤੇ ਸਮਾਜ ਦੇ ਕਮਜ਼ੋਰ ਵਰਗਾਂ ਨੂੰ ਰਾਹਤ ਦੇਣ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ।

ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਜਾਫਰ ਅਲੀ, ਜ਼ਿਲ੍ਹਾ ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਕੰਟਰੋਲਰ ਮੁਨੀਸ ਪਜਨੀ ਅਤੇ ਇੰਸਪੈਕਟਰ ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਰਸਮਿੰਦਰ ਸਿੰਘ ਵੀ ਮੌਜੂਦ ਸਨ।

Related Articles

Leave a Reply

Your email address will not be published. Required fields are marked *

Back to top button
error: Content is protected !!