Uncategorized

ਬਜ਼ੁਰਗਾਂ ਦੀ ਸਹਾਇਤਾ, ਸੁਰੱਖਿਆ ਅਤੇ ਸਨਮਾਨ ਲਈ ਐਲਡਰਲਾਈਨ ਹੈਲਪਲਾਈਨ 14567 ਜਾਰੀ

ਬਜ਼ੁਰਗਾਂ ਨਾਲ ਦੁਰਵਿਹਾਰ, ਅਣਗਹਿਲੀ ਜਾਂ ਹੋਰ ਸਮੱਸਿਆਵਾਂ ਸਬੰਧੀ ਵੀ ਮਿਲੇਗੀ ਤੁਰੰਤ ਸਹਾਇਤਾ : ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ

ਅੰਮ੍ਰਿਤਸਰ, 14 ਜੁਲਾਈ ( ਸੂਤਰ )


ਪੰਜਾਬ ਸਰਕਾਰ ਵੱਲੋਂ ਭਾਰਤ ਸਰਕਾਰ ਦੇ ਸਹਿਯੋਗ ਨਾਲ ਬਜ਼ੁਰਗਾਂ ਦੀ ਸਹਾਇਤਾ, ਸੁਰੱਖਿਆ, ਸਨਮਾਨ ਅਤੇ ਭਲਾਈ ਨੂੰ ਯਕੀਨੀ ਬਣਾਉਣ ਲਈ ਐਲਡਰਲਾਈਨ ਹੈਲਪਲਾਈਨ 14567 ਸ਼ੁਰੂ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ੍ਰੀ ਅਸੀਸਇੰਦਰ ਸਿੰਘ ਨੇ ਦੱਸਿਆ ਕਿ ਇਹ ਹੈਲਪਲਾਈਨ ਪੂਰੀ ਤਰ੍ਹਾਂ ਟੋਲ ਫ੍ਰੀ ਹੈ ਅਤੇ ਹਫ਼ਤੇ ਦੇ ਸਾਰੇ ਦਿਨ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਬਜ਼ੁਰਗਾਂ ਦੀ ਸੇਵਾ ਲਈ ਕਾਰਜਸ਼ੀਲ ਰਹਿੰਦੀ ਹੈ।

ਉਨ੍ਹਾਂ ਦੱਸਿਆ ਕਿ ਕੋਈ ਵੀ ਵਿਅਕਤੀ ਆਪਣੇ ਮੋਬਾਈਲ ਜਾਂ ਲੈਂਡਲਾਈਨ ਫ਼ੋਨ ਤੋਂ 14567 ਨੰਬਰ ਡਾਇਲ ਕਰਕੇ ਇਸ ਹੈਲਪਲਾਈਨ ਦੀਆਂ ਸੇਵਾਵਾਂ ਦਾ ਲਾਭ ਲੈ ਸਕਦਾ ਹੈ। ਇਸ ਹੈਲਪਲਾਈਨ ਰਾਹੀਂ ਬਜ਼ੁਰਗਾਂ ਨੂੰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ, ਸਿਹਤ ਸੇਵਾਵਾਂ, ਬਿਰਧ ਆਸ਼ਰਮਾਂ, ਡੇਅ ਕੇਅਰ ਸੈਂਟਰਾਂ ਅਤੇ ਹੋਰ ਉਪਲਬਧ ਸੇਵਾਵਾਂ ਸਬੰਧੀ ਜਾਣਕਾਰੀ ਮੁਹੱਈਆ ਕਰਵਾਈ ਜਾਂਦੀ ਹੈ।

ਸ੍ਰੀ ਅਸੀਸਇੰਦਰ ਸਿੰਘ ਨੇ ਦੱਸਿਆ ਕਿ ਜੇਕਰ ਕਿਸੇ ਬਜ਼ੁਰਗ ਨਾਲ ਦੁਰਵਿਹਾਰ, ਅਣਗਹਿਲੀ, ਤਿਆਗ, ਧੋਖਾਧੜੀ ਜਾਂ ਕਿਸੇ ਵੀ ਕਿਸਮ ਦੀ ਸਮੱਸਿਆ ਪੇਸ਼ ਆਉਂਦੀ ਹੈ ਤਾਂ ਐਲਡਰਲਾਈਨ ਹੈਲਪਲਾਈਨ ਸਬੰਧਤ ਸਰਕਾਰੀ ਵਿਭਾਗਾਂ, ਏਜੰਸੀਆਂ ਅਤੇ ਸੰਸਥਾਵਾਂ ਨਾਲ ਤਾਲਮੇਲ ਕਰਕੇ ਲੋੜੀਂਦੀ ਸਹਾਇਤਾ ਅਤੇ ਮਾਰਗਦਰਸ਼ਨ ਪ੍ਰਦਾਨ ਕਰਨ ਦਾ ਯਤਨ ਕਰਦੀ ਹੈ।

ਉਨ੍ਹਾਂ ਜ਼ਿਲ੍ਹੇ ਦੇ ਸਮੂਹ ਬਜ਼ੁਰਗਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਅਪੀਲ ਕੀਤੀ ਕਿ ਲੋੜ ਪੈਣ ‘ਤੇ ਇਸ ਮੁਫ਼ਤ ਹੈਲਪਲਾਈਨ ਦਾ ਵੱਧ ਤੋਂ ਵੱਧ ਲਾਭ ਉਠਾਇਆ ਜਾਵੇ, ਤਾਂ ਜੋ ਬਜ਼ੁਰਗਾਂ ਨੂੰ ਸਮੇਂ ਸਿਰ ਲੋੜੀਂਦੀ ਸਹਾਇਤਾ ਅਤੇ ਸੁਰੱਖਿਆ ਯਕੀਨੀ ਬਣਾਈ ਜਾ ਸਕੇ।

Related Articles

Leave a Reply

Your email address will not be published. Required fields are marked *

Back to top button
error: Content is protected !!