Uncategorized

ਸਕੂਲੀ ਬੱਚਿਆਂ ਦੀ ਸੁਰੱਖਿਆ ਲਈ ਸਕੂਲੀ ਬੱਸਾਂ ਦੀ ਵਿਸ਼ੇਸ਼ ਚੈਕਿੰਗ ਮੁਹਿੰਮ ਜਾਰੀ

ਮਾਲੇਰਕੋਟਲਾ, 02 ਜੁਲਾਈ ( ਸੂਤਰ )


ਜ਼ਿਲ੍ਹਾ ਮਾਲੇਰਕੋਟਲਾ ਵਿਖੇ ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਸਿੰਘ ਬਰਾੜ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ ਸੰਧੂ ਵੱਲੋਂ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵੱਖ-ਵੱਖ ਸਕੂਲਾਂ ਵਿੱਚ ਸਕੂਲੀ ਬੱਸਾਂ ਦੀ ਵਿਸ਼ੇਸ਼ ਚੈਕਿੰਗ ਕੀਤੀ ਗਈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ ਸੰਧੂ ਅਤੇ ਏ.ਆਰ.ਟੀ.ਓ. ਸ਼ਹਿਨਾਜ਼ ਪ੍ਰਵੀਨ ਨੇ ਦੱਸਿਆ ਕਿ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਸਕੂਲੀ ਵਾਹਨਾਂ ਵਿੱਚ ਨਿਰਧਾਰਤ ਸੁਰੱਖਿਆ ਮਾਪਦੰਡਾਂ ਦੀ ਪਾਲਣਾ ਯਕੀਨੀ ਬਣਾਉਣਾ ਬਹੁਤ ਜ਼ਰੂਰੀ ਹੈ। ਚੈਕਿੰਗ ਦੌਰਾਨ ਬੱਸਾਂ ਦੇ ਲੋੜੀਂਦੇ ਦਸਤਾਵੇਜ਼ਾਂ, ਫ਼ਰਸਟ ਏਡ ਬਾਕਸ, ਅੱਗ ਬੁਝਾਊ ਯੰਤਰ, ਸੀ.ਸੀ.ਟੀ.ਵੀ. ਕੈਮਰੇ, ਐਮਰਜੈਂਸੀ ਦਰਵਾਜ਼ੇ, ਸਪੀਡ ਗਵਰਨਰ ਅਤੇ ਹੋਰ ਸੁਰੱਖਿਆ ਪ੍ਰਬੰਧਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ।

ਉਨ੍ਹਾਂ ਦੱਸਿਆ ਕਿ ਜਿਨ੍ਹਾਂ ਸਕੂਲੀ ਬੱਸਾਂ ਵਿੱਚ ਸੁਰੱਖਿਆ ਮਾਪਦੰਡਾਂ ਸਬੰਧੀ ਕਮੀਆਂ ਜਾਂ ਨਿਯਮਾਂ ਦੀ ਉਲੰਘਣਾ ਪਾਈ ਗਈ, ਉਨ੍ਹਾਂ ਸਕੂਲਾਂ ਨੂੰ ਨੋਟਿਸ ਜਾਰੀ ਕਰਕੇ 15 ਦਿਨਾਂ ਦੇ ਅੰਦਰ-ਅੰਦਰ ਕਮੀਆਂ ਦੂਰ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ, ਤਾਂ ਜੋ ਵਿਦਿਆਰਥੀਆਂ ਦੀ ਸੁਰੱਖਿਆ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਾ ਹੋਵੇ।

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਕੂਲੀ ਵਾਹਨਾਂ ਦੀਆਂ ਅਜਿਹੀਆਂ ਚੈਕਿੰਗ ਮੁਹਿੰਮਾਂ ਸਮੇਂ-ਸਮੇਂ ‘ਤੇ ਜਾਰੀ ਰਹਿਣਗੀਆਂ। ਉਨ੍ਹਾਂ ਸਕੂਲ ਪ੍ਰਬੰਧਕਾਂ ਨੂੰ ਅਪੀਲ ਕੀਤੀ ਕਿ ਉਹ ਸਾਰੇ ਸੁਰੱਖਿਆ ਮਾਪਦੰਡਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਅਤੇ ਵਿਦਿਆਰਥੀਆਂ ਦੀ ਸੁਰੱਖਿਅਤ ਆਵਾਜਾਈ ਲਈ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣ।

ਇਸ ਮੌਕੇ ਖੇਤਰੀ ਟਰਾਂਸਪੋਰਟ ਅਥਾਰਟੀ ਦੀ ਨੁਮਾਇੰਦਗੀ ਕਰਦਿਆਂ ਟ੍ਰੈਫਿਕ ਪੁਲਿਸ ਵਿਭਾਗ ਤੋਂ ਟ੍ਰੈਫਿਕ ਇੰਚਾਰਜ ਏ.ਐੱਸ.ਆਈ ਹਰਭਜਨ ਸਿੰਘ, ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਤੋਂ ਲੀਗਲ ਅਫ਼ਸਰ ਬਬੀਤਾ ਕੁਮਾਰੀ, ਆਊਟਰੀਚ ਵਰਕਰ ਕਰਮਵੀਰ ਕੌਰ, ਸੋਸ਼ਲ ਵਰਕਰ ਗੁਰਜੰਟ ਸਿੰਘ ਅਤੇ ਮੀਡੀਆ ਸਹਾਇਕ ਪਰਗਟ ਸਿੰਘ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button
error: Content is protected !!