ਮਿਸ਼ਨ ਕਲੀਨ ਪੰਜਾਬ’ ਤਹਿਤ ਵਿਸ਼ੇਸ਼ ਸਫ਼ਾਈ ਤੇ ਜਨ-ਜਾਗਰੂਕਤਾ ਅਭਿਆਨ ਜਾਰੀ
ਆਰੀਆ ਮਾਡਲ ਸਕੂਲ ਵਿੱਚ ਪੇਪਰ ਬੈਗ ਬਣਾਉਣ ਦੀ ਕਰਵਾਈ ਗਈ ਗਤੀਵਿਧੀ

ਬਠਿੰਡਾ, 11 ਜੁਲਾਈ ( ਸੂਤਰ )


ਮਿਸ਼ਨ ਕਲੀਨ ਪੰਜਾਬ ਮੁਹਿੰਮ ਤਹਿਤ ਨਗਰ ਨਿਗਮ ਬਠਿੰਡਾ ਵੱਲੋਂ ਸ਼ਹਿਰ ਵਿੱਚ ਵਿਸ਼ੇਸ਼ ਸਫ਼ਾਈ ਅਤੇ ਜਨ-ਜਾਗਰੂਕਤਾ ਅਭਿਆਨ ਤਹਿਤ ਨਿਗਮ ਦੀਆਂ ਟੀਮਾਂ ਵੱਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਲਗਾਤਾਰ ਸਫ਼ਾਈ ਅਤੇ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ।


ਨਗਰ ਨਿਗਮ ਬਠਿੰਡਾ ਕਮਿਸ਼ਨਰ ਮੈਡਮ ਲਵਜੀਤ ਕਲਸੀ ਨੇ ਦੱਸਿਆ ਕਿ ਵਾਤਾਵਰਣ ਸੰਭਾਲ ਅਤੇ ਪਲਾਸਟਿਕ ਮੁਕਤ ਸਮਾਜ ਦਾ ਸੰਦੇਸ਼ ਦੇਣ ਦੇ ਉਦੇਸ਼ ਨਾਲ ਆਰੀਆ ਮਾਡਲ ਸਕੂਲ ਵਿੱਚ ਵਿਦਿਆਰਥੀਆਂ ਲਈ ਪੇਪਰ ਬੈਗ ਬਣਾਉਣ ਦੀ ਗਤੀਵਿਧੀ ਕਰਵਾਈ ਗਈ। ਇਸ ਦੌਰਾਨ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਕਾਗਜ਼ ਦੇ ਸੁੰਦਰ ਅਤੇ ਉਪਯੋਗੀ ਬੈਗ ਤਿਆਰ ਕੀਤੇ ਅਤੇ ਸਿੰਗਲ-ਯੂਜ਼ ਪਲਾਸਟਿਕ ਤੋਂ ਦੂਰ ਰਹਿਣ ਦਾ ਸੰਦੇਸ਼ ਦਿੱਤਾ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਵਿਪਨ ਗਰਗ ਨੇ ਵਿਦਿਆਰਥੀਆਂ ਨੂੰ ਵਾਤਾਵਰਣ ਦੀ ਸੁਰੱਖਿਆ ਲਈ ਪੇਪਰ ਬੈਗਾਂ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ।


ਨਾਲ ਹੀ ਨਗਰ ਨਿਗਮ ਦੇ ਅਧਿਕਾਰੀਆਂ ਵੱਲੋਂ ਮਹਿਣਾ ਚੌਂਕ, ਆਰੀਆ ਸਮਾਜ ਚੌਂਕ ਅਤੇ ਅਮਰੀਕ ਸਿੰਘ ਰੋਡ ਦੀਆਂ ਮਾਰਕੀਟਾਂ ਵਿੱਚ ਦੁਕਾਨਦਾਰਾਂ ਅਤੇ ਆਮ ਲੋਕਾਂ ਨਾਲ ਸੰਪਰਕ ਕਰਕੇ ਉਨ੍ਹਾਂ ਨੂੰ ਸਫ਼ਾਈ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਗਿਆ।

ਨਗਰ ਨਿਗਮ ਕਮਿਸ਼ਨਰ ਮੈਡਮ ਲਵਜੀਤ ਕਲਸੀ ਨੇ ਸਮੂਹ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸਫ਼ਾਈ ਨੂੰ ਆਪਣੀ ਰੋਜ਼ਾਨਾ ਦੀ ਆਦਤ ਬਣਾਉਣ ਅਤੇ ਘਰਾਂ, ਦੁਕਾਨਾਂ ਤੇ ਕਾਰੋਬਾਰੀ ਅਦਾਰਿਆਂ ਦੇ ਆਲੇ-ਦੁਆਲੇ ਸਾਫ਼-ਸਫ਼ਾਈ ਜ਼ਰੂਰ ਬਣਾਈ ਰੱਖਣ।



