Uncategorized

ਮੀਂਹ ਦੇ ਮੌਸਮ ਵਿੱਚ ਸ਼ਹਿਰ ਵਾਸੀਆਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਮੁਸ਼ਕਿਲ: ਵਧੀਕ ਡਿਪਟੀ ਕਮਿਸ਼ਨਰ

ਏ.ਡੀ.ਸੀ. ਪੂਨਮ ਸਿੰਘ ਵੱਲੋਂ ਵਿਕਾਸ ਕਾਰਜਾਂ ਦੀ ਸਮੀਖਿਆ ਦੌਰਾਨ ਕਾਰਜਸਾਧਕ ਅਫ਼ਸਰਾਂ ਨੂੰ ਪਾਣੀ ਦੀ ਨਿਕਾਸੀ ਤੇ ਸਫ਼ਾਈ ਦੇ ਪੁਖ਼ਤਾ ਪ੍ਰਬੰਧਾਂ ਦੇ ਆਦੇਸ਼

ਮਾਨਸਾ 12 ਜੁਲਾਈ ( ਸੂਤਰ )


ਸ਼ਹਿਰ ਵਾਸੀਆਂ ਨੂੰ ਮੀਂਹ ਦੇ ਸੀਜ਼ਨ ਦੌਰਾਨ ਪਾਣੀ ਦੀ ਨਿਕਾਸੀ ਅਤੇ ਸਾਫ਼-ਸਫ਼ਾਈ ਪੱਖੋਂ ਕੋਈ ਮੁਸ਼ਕਿਲ ਨਾ ਆਉਣ ਦੇਣ ਦੇ ਮਕਸਦ ਨਾਲ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਸਰਗਰਮ ਹੋ ਗਿਆ ਹੈ। ਇਸੇ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜ) ਪੂਨਮ ਸਿੰਘ ਵੱਲੋਂ ਜ਼ਿਲ੍ਹੇ ਦੇ ਸਮੂਹ ਕਾਰਜਸਾਧਕ ਅਫ਼ਸਰਾਂ ਨਾਲ ਇੱਕ ਅਹਿਮ ਮੀਟਿੰਗ ਕਰਕੇ ਮਿਊਂਸਪਲ ਡਿਵੈਲਪਮੈਂਟ ਫੰਡ, ਸ਼ਾਸ਼ਕੀ ਫੰਡਾਂ ਅਤੇ ਮਿਊਂਸਪਲ ਫੰਡਾਂ ਅਧੀਨ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਬਾਰੀਕੀ ਨਾਲ ਜਾਇਜ਼ਾ ਲਿਆ ਗਿਆ।

ਮੀਟਿੰਗ ਦੌਰਾਨ ਉਨ੍ਹਾਂ ਨੇ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਵਿਕਾਸ ਕਾਰਜਾਂ ਨੂੰ ਮਿੱਥੇ ਸਮੇਂ ਅੰਦਰ ਨੇਪਰੇ ਚਾੜ੍ਹਿਆ ਜਾਵੇ ਅਤੇ ਕੰਮਾਂ ਦੀ ਗੁਣਵੱਤਾ ਤੇ ਪਾਰਦਰਸ਼ਤਾ ਨਾਲ ਕਿਸੇ ਵੀ ਕੀਮਤ ‘ਤੇ ਸਮਝੌਤਾ ਨਾ ਕੀਤਾ ਜਾਵੇ।

ਵਧੀਕ ਡਿਪਟੀ ਕਮਿਸ਼ਨਰ ਪੂਨਮ ਸਿੰਘ ਨੇ ਵਿਸ਼ੇਸ਼ ਤੌਰ ‘ਤੇ ਨਿਰਦੇਸ਼ ਦਿੱਤੇ ਕਿ ਬਾਰਿਸ਼ ਦੇ ਮੌਸਮ ਨੂੰ ਮੁੱਖ ਰੱਖਦਿਆਂ ਸੀਵਰੇਜ ਸਿਸਟਮ ਦੀ ਨਿਯਮਤ ਸਫ਼ਾਈ ਅਤੇ ਪਾਣੀ ਦੀ ਨਿਕਾਸੀ ਦੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾਣ ਤਾਂ ਜੋ ਆਮ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਦੇ ਨਾਲ ਹੀ ਸ਼ਹਿਰਾਂ ਦੀ ਸੁੰਦਰਤਾ ਅਤੇ ਲੋਕਾਂ ਦੀ ਸਿਹਤ ਨੂੰ ਮੁੱਖ ਰੱਖਦੇ ਹੋਏ ਰੋਜ਼ਾਨਾ ਸਾਫ਼-ਸਫ਼ਾਈ ਵੱਲ ਵੀ ਖ਼ਾਸ ਧਿਆਨ ਦੇਣ ਲਈ ਕਿਹਾ ਗਿਆ।

ਲੋਕਾਂ ਦੀ ਇੱਕ ਹੋਰ ਵੱਡੀ ਸਮੱਸਿਆ ਦਾ ਸਥਾਈ ਹੱਲ ਕਰਨ ਲਈ ਉਨ੍ਹਾਂ ਨੇ ਸ਼ਹਿਰੀ ਸਥਾਨਕ ਸੰਸਥਾਵਾਂ ਵਿੱਚ ਡੌਗ ਸ਼ੈਲਟਰ ਅਤੇ ਐਨੀਮਲ ਬਰਥ ਕੰਟਰੋਲ (ਨਸਬੰਦੀ) ਸਬੰਧੀ ਟੈਂਡਰ ਪ੍ਰਕਿਰਿਆ ਨੂੰ ਜਲਦ ਤੋਂ ਜਲਦ ਮੁਕੰਮਲ ਕਰਨ ਦੇ ਆਦੇਸ਼ ਦਿੱਤੇ, ਤਾਂ ਜੋ ਆਵਾਰਾ ਕੁੱਤਿਆਂ ਦੀ ਸਮੱਸਿਆ ਤੋਂ ਸ਼ਹਿਰ ਵਾਸੀਆਂ ਨੂੰ ਜਲਦੀ ਨਿਜਾਤ ਮਿਲ ਸਕੇ।

ਏਡੀਸੀ ਪੂਨਮ ਸਿੰਘ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਫੰਡਾਂ ਦੀ ਵਰਤੋਂ, ਸਿੱਧੇ ਤੌਰ ‘ਤੇ ਲੋਕ ਹਿੱਤਾਂ ਲਈ ਯਕੀਨੀ ਬਣਾਈ ਜਾਵੇ ਅਤੇ ਜਿਨ੍ਹਾਂ ਪ੍ਰੋਜੈਕਟਾਂ ਵਿੱਚ ਕਿਸੇ ਵੀ ਵਜ੍ਹਾ ਕਰਕੇ ਦੇਰੀ ਜਾਂ ਰੁਕਾਵਟ ਆ ਰਹੀ ਹੈ, ਉਸ ਨੂੰ ਤੁਰੰਤ ਦੂਰ ਕਰਕੇ ਕੰਮ ਦੀ ਰਫ਼ਤਾਰ ਵਧਾਈ ਜਾਵੇ।

ਮੀਟਿੰਗ ਦੇ ਅਖ਼ੀਰ ਵਿੱਚ, ਮੌਜੂਦ ਅਧਿਕਾਰੀਆਂ ਨੇ ਚੱਲ ਰਹੇ ਕੰਮਾਂ ਦੀ ਪ੍ਰਗਤੀ ਰਿਪੋਰਟ ਪੇਸ਼ ਕੀਤੀ ਅਤੇ ਵਿਸ਼ਵਾਸ ਦਿਵਾਇਆ ਕਿ ਪ੍ਰਸ਼ਾਸਨ ਵੱਲੋਂ ਦਿੱਤੀਆਂ ਗਈਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਕੇ ਆਮ ਲੋਕਾਂ ਨੂੰ ਹਰ ਸਹੂਲਤ ਪਹਿਲ ਦੇ ਅਧਾਰ ‘ਤੇ ਮੁਹੱਈਆ ਕਰਵਾਈ ਜਾਵੇਗੀ।

Related Articles

Leave a Reply

Your email address will not be published. Required fields are marked *

Back to top button
error: Content is protected !!