Uncategorized

ਡਿਪਟੀ ਕਮਿਸ਼ਨਰ ਵੱਲੋਂ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਤਹਿਤ ਸ਼ਾਨਦਾਰ ਕਾਰਗੁਜ਼ਾਰੀ ਕਰਨ ਵਾਲੇ ਬੀ.ਐਲ.ਓਜ਼ ਦਾ ਸਨਮਾਨ

100 ਫ਼ੀਸਦੀ ਡਿਜੀਟਾਈਜ਼ੇਸ਼ਨ ਦਾ ਟੀਚਾ ਸਭ ਤੋਂ ਪਹਿਲਾਂ ਪੂਰਾ ਕਰਨ ਵਾਲੇ ਬੀ.ਐਲ.ਓਜ਼ ਨੂੰ ਪ੍ਰਸ਼ੰਸਾ ਪੱਤਰ ਭੇਂਟ

ਮਾਲੇਰਕੋਟਲਾ, 13 ਜੁਲਾਈ ( ਵਾਸ਼ਿਸ਼ਟ )


ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚੱਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.)-2026 ਮੁਹਿੰਮ ਤਹਿਤ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਦੇ ਕਾਰਜ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਉਣ ਵਿੱਚ ਸ਼ਾਨਦਾਰ ਯੋਗਦਾਨ ਪਾਉਣ ਵਾਲੇ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼) ਨੂੰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਿਰਾਜ ਐਸ. ਤਿੜਕੇ ਵੱਲੋਂ ਪ੍ਰਸ਼ੰਸਾ ਪੱਤਰ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਐਸ.ਆਈ.ਆਰ.-2026 ਤਹਿਤ ਬੀ.ਐਲ.ਓਜ਼ ਵੱਲੋਂ ਘਰ-ਘਰ ਜਾ ਕੇ ਯੋਗ ਵੋਟਰਾਂ ਨੂੰ ਐਨਿਊਮਰੇਸ਼ਨ ਫਾਰਮ ਵੰਡੇ ਜਾ ਰਹੇ ਹਨ, ਭਰੇ ਹੋਏ ਫਾਰਮ ਇਕੱਤਰ ਕੀਤੇ ਜਾ ਰਹੇ ਹਨ ਅਤੇ ਉਨ੍ਹਾਂ ਦੀ ਬੀ.ਐਲ.ਓ. ਐਪ ਰਾਹੀਂ ਡਿਜੀਟਾਈਜ਼ੇਸ਼ਨ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਵੋਟਰ ਸੂਚੀਆਂ ਨੂੰ ਸ਼ੁੱਧ, ਪਾਰਦਰਸ਼ੀ ਅਤੇ ਅੱਪਡੇਟ ਬਣਾਉਣ ਵਿੱਚ ਬੀ.ਐਲ.ਓਜ਼ ਦੀ ਭੂਮਿਕਾ ਬੇਹੱਦ ਅਹਿਮ ਹੈ ਅਤੇ ਉਨ੍ਹਾਂ ਦੀ ਮਿਹਨਤ ਸਦਕਾ ਮੁਹਿੰਮ ਨੂੰ ਲਗਾਤਾਰ ਸਫਲਤਾ ਮਿਲ ਰਹੀ ਹੈ।

ਉਨ੍ਹਾਂ ਦੱਸਿਆ ਕਿ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਨਿਰਧਾਰਤ ਟੀਚਿਆਂ ਦੀ ਪਾਲਣਾ ਕਰਦਿਆਂ 100 ਫ਼ੀਸਦੀ ਡਿਜੀਟਾਈਜ਼ੇਸ਼ਨ ਦਾ ਟੀਚਾ ਸਭ ਤੋਂ ਪਹਿਲਾਂ ਪੂਰਾ ਕਰਨ ਵਾਲੇ ਵਿਧਾਨ ਸਭਾ ਹਲਕਾ 105-ਮਾਲੇਰਕੋਟਲਾ ਦੇ ਬੂਥ ਨੰਬਰ 90 ਦੇ ਬੀ.ਐਲ.ਓ. ਮੁਹੰਮਦ ਸ਼ਕੀਲ ਅਤੇ ਵਿਧਾਨ ਸਭਾ ਹਲਕਾ 106-ਅਮਰਗੜ੍ਹ ਦੇ ਬੂਥ ਨੰਬਰ 78 ਦੇ ਬੀ.ਐਲ.ਓ. ਹਰਜਿੰਦਰ ਸਿੰਘ ਨੂੰ ਮੁੱਖ ਚੋਣ ਕਮਿਸ਼ਨਰ ਪੰਜਾਬ ਵਲੋਂ ਭੇਜਿਆ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਦੋਵੇਂ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਮਿਸਾਲ ਹੋਰ ਬੀ.ਐਲ.ਓਜ਼ ਲਈ ਵੀ ਪ੍ਰੇਰਣਾਦਾਇਕ ਹੈ।

ਤਿੜਕੇ ਨੇ ਸਮੂਹ ਬੀ.ਐਲ.ਓਜ਼ ਨੂੰ ਅਪੀਲ ਕੀਤੀ ਕਿ ਉਹ ਐਸ.ਆਈ.ਆਰ.-2026 ਦੇ ਅਗਲੇ ਪੜਾਵਾਂ ਦੌਰਾਨ ਵੀ ਪੂਰੀ ਤਨਦੇਹੀ,ਇਮਾਨਦਾਰੀ ਅਤੇ ਸਮਰਪਣ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ, ਤਾਂ ਜੋ ਵੋਟਰ ਸੂਚੀਆਂ ਦੀ ਸੁਧਾਈ ਦਾ ਕਾਰਜ ਨਿਰਧਾਰਤ ਸਮਾਂ-ਸੀਮਾ ਅੰਦਰ ਸਫਲਤਾਪੂਰਵਕ ਮੁਕੰਮਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਹਰੇਕ ਯੋਗ ਵੋਟਰ ਦਾ ਨਾਮ ਵੋਟਰ ਸੂਚੀ ਵਿੱਚ ਸਹੀ ਢੰਗ ਨਾਲ ਦਰਜ ਕਰਨਾ ਲੋਕਤੰਤਰ ਨੂੰ ਹੋਰ ਮਜ਼ਬੂਤ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਹੈ। ਇਸ ਮੌਕੇ ਚੋਣ ਤਹਿਸੀਲਦਾਰ ਬ੍ਰਿਜ ਮੋਹਨ, ਮਨਪ੍ਰੀਤ ਸਿੰਘ ਅਤੇ ਹੋਰ ਸਬੰਧਤ ਅਧਿਕਾਰੀ ਵੀ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button
error: Content is protected !!