Uncategorized

ਪ੍ਰੋਜੈਕਟ ਜੀਵਨਜੋਤ-02 ਤਹਿਤ ਭੀਖ ਮੰਗਦੇ ਅਤੇ ਰੈਗ ਪਿਕਿੰਗ ਕਰਦੇ ਬੱਚਿਆਂ ਦੀ ਰੈਸਕਿਊ ਲਈ ਚੈਕਿੰਗ ਮੁਹਿੰਮ

ਫਰੀਦਕੋਟ, 13 ਅਗਸਤ ( ਸੂਤਰ )


ਜ਼ਿਲ੍ਹਾ ਪ੍ਰੋਗਰਾਮ ਅਫਸਰ ਸ੍ਰੀ ਰਤਨਦੀਪ ਸੰਧੂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ, ਫਰੀਦਕੋਟ ਵੱਲੋਂ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਸ੍ਰੀ ਅਮਨਦੀਪ ਸਿੰਘ ਸੋਢੀ ਦੀ ਅਗਵਾਈ ਹੇਠ ਪ੍ਰੋਜੈਕਟ ਜੀਵਨਜੋਤ-02 ਤਹਿਤ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਚੈਕਿੰਗ ਮੁਹਿੰਮ ਚਲਾਈ ਗਈ।

ਇਸ ਮੁਹਿੰਮ ਦੌਰਾਨ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਦੀ ਟੀਮ ਵੱਲੋਂ ਪੁਲਿਸ ਵਿਭਾਗ ਦੇ ਸਹਿਯੋਗ ਨਾਲ ਕੋਟਕਪੂਰਾ ਸ਼ਹਿਰ ਦੇ ਵੱਖ-ਵੱਖ ਸਥਾਨਾਂ, ਜਿਵੇਂ ਬੱਸ ਸਟੈਂਡ, ਮੇਨ ਬਾਜ਼ਾਰ, ਬੱਤੀਆਂ ਵਾਲਾ ਚੌਕ ਅਤੇ ਰੇਲਵੇ ਸਟੇਸ਼ਨ ਆਦਿ ਵਿਖੇ ਚੈਕਿੰਗ ਕੀਤੀ ਗਈ। ਇਸ ਚੈਕਿੰਗ ਦਾ ਮੁੱਖ ਉਦੇਸ਼ ਭੀਖ ਮੰਗਦੇ ਜਾਂ ਰੈਗ ਪਿਕਿੰਗ ਕਰਦੇ ਬੱਚਿਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਰੈਸਕਿਊ ਕਰਨਾ ਅਤੇ ਉਨ੍ਹਾਂ ਦੇ ਅਧਿਕਾਰਾਂ ਤੇ ਸੁਰੱਖਿਆ ਨੂੰ ਯਕੀਨੀ ਬਣਾਉਣਾ ਹੈ।

ਇਸ ਮੌਕੇ ਪ੍ਰੋਟੈਕਸ਼ਨ ਅਫ਼ਸਰ ਸ੍ਰੀ ਸੁਖਮੰਦਰ ਸਿੰਘ ਅਤੇ ਸ੍ਰੀ ਸੁਖਮਜੀਤ ਸਿੰਘ ਨੇ ਆਮ ਲੋਕਾਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਬੱਚਿਆਂ ਤੋਂ ਭੀਖ ਮੰਗਵਾਉਣਾ ਅਤੇ ਉਨ੍ਹਾਂ ਨੂੰ ਭੀਖ ਮੰਗਣ ਜਾਂ ਰੈਗ ਪਿਕਿੰਗ ਵਰਗੇ ਕੰਮਾਂ ਵਿੱਚ ਲਗਾਉਣਾ ਕਾਨੂੰਨੀ ਤੌਰ ਤੇ ਅਪਰਾਧ ਹੈ। ਉਨ੍ਹਾਂ ਦੱਸਿਆ ਕਿ ਬਾਲ ਭਿੱਖਿਆ ਕਰਵਾਉਣ ਵਾਲੇ ਵਿਅਕਤੀ ਵਿਰੁੱਧ ਜੁਵੇਨਾਇਲ ਜਸਟਿਸ ਐਕਟ ਦੀ ਧਾਰਾ 76 ਤਹਿਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਬੱਚਿਆਂ ਨੂੰ ਭੀਖ ਦੇਣ ਦੀ ਬਜਾਏ ਉਨ੍ਹਾਂ ਨੂੰ ਸਿੱਖਿਆ ਪ੍ਰਾਪਤ ਕਰਨ ਲਈ ਸਕੂਲ ਭੇਜਣ ਵਾਸਤੇ ਪ੍ਰੇਰਿਤ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਹਰ ਬੱਚੇ ਦਾ ਹੱਕ ਹੈ ਕਿ ਉਹ ਸੁਰੱਖਿਅਤ ਮਾਹੌਲ ਵਿੱਚ ਆਪਣਾ ਬਚਪਨ ਬਤੀਤ ਕਰੇ ਅਤੇ ਸਿੱਖਿਆ ਹਾਸਲ ਕਰੇ। ਬੱਚਿਆਂ ਨੂੰ ਸਕੂਲ ਨਾਲ ਜੋੜ ਕੇ ਹੀ ਉਨ੍ਹਾਂ ਦੇ ਭਵਿੱਖ ਨੂੰ ਬਿਹਤਰ ਬਣਾਇਆ ਜਾ ਸਕਦਾ ਹੈ ਤਾਂ ਜੋ ਉਹ ਪੜ੍ਹ-ਲਿਖ ਕੇ ਆਪਣੇ ਪੈਰਾਂ ਤੇ ਖੜ੍ਹੇ ਹੋ ਸਕਣ।

ਉਨ੍ਹਾਂ ਦੱਸਿਆ ਕਿ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਅਜਿਹੀਆਂ ਚੈਕਿੰਗ ਮੁਹਿੰਮਾਂ ਭਵਿੱਖ ਵਿੱਚ ਵੀ ਲਗਾਤਾਰ ਜਾਰੀ ਰਹਿਣਗੀਆਂ ਅਤੇ ਬਾਲ ਅਧਿਕਾਰਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਵਿਰੁੱਧ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਪੁਲਿਸ ਵਿਭਾਗ ਦੇ ਨੁਮਾਇੰਦਿਆਂ ਤੋਂ ਇਲਾਵਾ ਚਾਈਲਡ ਹੈਲਪਲਾਈਨ 1098 ਦੀ ਸੁਪਰਵਾਈਜ਼ਰ ਸ੍ਰੀਮਤੀ ਰਮਨਦੀਪ ਕੌਰ ਵੀ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button
error: Content is protected !!