ਜ਼ਿਲ੍ਹਾ ਚੋਣ ਅਫਸਰ ਹਿਮਾਂਸ਼ੂ ਜੈਨ ਨੇ ਕੀਤੀ ਸਿਆਸੀ ਪਾਰਟੀਆਂ ਨਾਲ ਮੀਟਿੰਗ, ਕਿਹਾ ਵੋਟਰ ਸੂਚੀ ਦੀ ਮੁਢਲੀ ਪ੍ਰਕਾਸ਼ਨਾ 13 ਅਗਸਤ ਨੂੰ
ਵੋਟਰ 13 ਅਗਸਤ ਤੋਂ 12 ਸਤੰਬਰ ਤੱਕ ਦਾਅਵੇ ਅਤੇ ਇਤਰਾਜ਼ ਪੇਸ਼ ਕਰ ਸਕਣਗੇ

ਲੁਧਿਆਣਾ, 11 ਅਗਸਤ ( ਸੂਤਰ )

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਹਿਮਾਂਸ਼ੂ ਜੈਨ ਨੇ ਆਪਣੇ ਦਫਤਰ ਵਿਖੇ ਮਾਨਤਾ ਪ੍ਰਾਪਤ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ)-2026 ਸਬੰਧ ਮੀਟਿੰਗ ਕੀਤੀ।

ਜ਼ਿਲ੍ਹਾ ਚੋਣ ਅਫਸਰ ਲੁਧਿਆਣਾ ਨੇ ਮੀਟਿੰਗ ਦੌਰਾਨ ਮਾਨਤਾ ਪ੍ਰਾਪਤ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਦੱਸਿਆ ਕਿ ਵੋਟਰ ਸੂਚੀ ਦੀ ਵਿਸ਼ੇਸ਼ ਗਹਿਰੀ ਸੁਧਾਈ ਦਾ ਪਹਿਲਾ ਪੜਾਅ ਮੁਕੰਮਲ ਹੋ ਗਿਆ ਹੈ ਅਤੇ ਹੁਣ ਵੋਟਰ ਸੂਚੀ ਦੀ ਮੁਢਲੀ ਪ੍ਰਕਾਸ਼ਨਾ 13 ਅਗਸਤ ਨੂੰ ਹੋਵੇਗੀ। ਵੋਟਰਾਂ ਲਈ ਦਾਅਵੇ ਅਤੇ ਇਤਰਾਜ਼ ਦਾਇਰ ਕਰਨ ਦਾ ਸਮਾਂ 13 ਅਗਸਤ ਤੋਂ 12 ਸਤੰਬਰ ਤੱਕ ਨਿਰਧਾਰਿਤ ਕੀਤਾ ਗਿਆ ਹੈ, ਜਦਕਿ ਪ੍ਰਾਪਤ ਹੋਏ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ ਅਤੇ ਨੋਟਿਸ ਜਾਰੀ ਕਰਨ ਦੀ ਤਰੀਖ 13 ਅਗਸਤ ਤੋਂ 8 ਅਕਤੂਬਰ ਤੱਕ ਨਿਰਧਾਰਤ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਇਹ ਸਾਰੀ ਪ੍ਰਕਿਰਿਆ ਮੁਕੰਮਲ ਹੋਣ ਤੋਂ ਬਾਅਦ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 12 ਅਕਤੂਬਰ ਨੂੰ ਕਰਵਾਈ ਜਾਵੇਗੀ।

ਹਿਮਾਂਸ਼ੂ ਜੈਨ ਨੇ ਦੱਸਿਆ ਕਿ ਰਾਜਨੀਤਿਕ ਪਾਰਟੀਆਂ ਨੂੰ ਵੀ ਫੋਟੋ ਵਾਲੀ ਵੋਟਰ ਸੂਚੀ ਅਤੇ ਬਿਨਾਂ ਫੋਟੋ ਵਾਲੀ ਵੋਟਰ ਸੂਚੀ ਦੀ ਸਾਫਟ ਕਾਪੀ ਮੁਹੱਈਆ ਕਰਵਾਈ ਜਾਵੇਗੀ ਤਾਂ ਜੋ ਉਹ ਸਬੰਧਤ ਏਰੀਏ ਵਿੱਚ ਕਾਰਜਸ਼ੀਲ ਬੂਥ ਲੈਵਲ ਏਜੰਟ ਦੀ ਮਦਦ ਨਾਲ ਵੋਟਰਾਂ ਦੇ ਇੰਦਰਾਜ ਸਬੰਧੀ ਤਰੁਟੀਆਂ, ਜੇਕਰ ਕੋਈ ਹੋਣ ਤਾਂ, ਦੂਰ ਕਰਵਾ ਸਕਣ ।

ਐਨ.ਆਈ.ਸੀ ਦੀ ਅਧਿਕਾਰਤ ਵੈਬਸਾਈਟ ‘ਤੇ ਵੀ ਇਹ ਡਰਾਫਟ ਰੋਲ ਅਪਲੋਡ ਕੀਤਾ ਜਾਵੇਗਾ, ਜਿੱਥੋਂ ਕੋਈ ਵੀ ਨਾਗਰਿਕ ਆਪਣੇ ਨਾਲ ਸਬੰਧਿਤ ਵੇਰਵੇ ਚੈੱਕ ਕਰ ਸਕਦਾ ਹੈ। ਮੀਟਿੰਗ ਦੌਰਾਨ ਜ਼ਿਲ੍ਹਾ ਚੋਣ ਅਫਸਰ ਨੇ ਗਣਨਾ ਫਾਰਮਾਂ ਦੀ ਡਿਜੀਟਾਈਜੇਸ਼ਨ ਪ੍ਰਕਿਰਿਆ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਲਈ ਰਾਜਨੀਤਿਕ ਪਾਰਟੀਆਂ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਵੀ ਕੀਤਾ।

ਇਸ ਮੀਟਿੰਗ ਵਿੱਚ ਤਹਿਸੀਲਦਾਰ ਚੋਣਾਂ ਲੁਧਿਆਣਾ ਸ੍ਰੀ ਰਾਜਨ ਢੱਲ, ਆਮ ਆਦਮੀ ਪਾਰਟੀ, ਇੰਡੀਅਨ ਨੈਸ਼ਨਲ ਕਾਂਗਰਸ, ਸ਼੍ਰੋਮਣੀ ਅਕਾਲੀ ਦਲ, ਬੀ.ਜੇ.ਪੀ, ਸੀ.ਪੀ.ਆਈ. (ਐੱਮ.) ਅਤੇ ਹੋਰ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਮੌਜੂਦ ਸਨ।




