Uncategorized

ਐਸ.ਆਈ.ਆਰ. ਤਹਿਤ 16 ਅਗਸਤ ਨੂੰ ਜ਼ਿਲ੍ਹੇ ਭਰ ਵਿੱਚ ਵਿਸ਼ੇਸ਼ ਕੈਂਪ : ਜ਼ਿਲ੍ਹਾ ਚੋਣ ਅਫ਼ਸਰ

12 ਸਤੰਬਰ ਤੱਕ ਦਾਅਵੇ ਤੇ ਇਤਰਾਜ ਦਾਖ਼ਲ ਕੀਤੇ ਜਾ ਸਕਣਗੇ, 12 ਅਕਤੂਬਰ ਨੂੰ ਹੋਵੇਗੀ ਅੰਤਿਮ ਵੋਟਰ ਸੂਚੀ ਦੀ ਪ੍ਰਕਾਸ਼ਨਾ

ਮਾਲੇਰਕੋਟਲਾ, 14 ਅਗਸਤ ( ਵਾਸ਼ਿਸ਼ਟ )


ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਡੂੰਘੀ ਸੁਧਾਈ (ਐਸ.ਆਈ.ਆਰ.) ਤਹਿਤ ਮੁੱਢਲੀ ਵੋਟਰ ਸੂਚੀ ਦੀ ਪ੍ਰਕਾਸ਼ਨਾ 13 ਅਗਸਤ ਨੂੰ ਕੀਤੀ ਜਾ ਚੁੱਕੀ ਹੈ। ਹੁਣ ਵੋਟਰਾਂ ਦੀ ਸਹੂਲਤ ਅਤੇ ਸੂਚੀਆਂ ਦੀ ਪੜਤਾਲ ਲਈ 16 ਅਗਸਤ ਨੂੰ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ।

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਿਰਾਜ ਐਸ. ਤਿੜਕੇ ਨੇ ਦੱਸਿਆ ਕਿ ਇਨ੍ਹਾਂ ਵਿਸ਼ੇਸ਼ ਕੈਂਪਾਂ ਦੌਰਾਨ ਸਬੰਧਤ ਬੂਥ ਲੈਵਲ ਅਫ਼ਸਰ (ਬੀ.ਐਲ.ਓ.) ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਆਪਣੇ-ਆਪਣੇ ਪੋਲਿੰਗ ਬੂਥਾਂ ’ਤੇ ਮੌਜੂਦ ਰਹਿਣਗੇ। ਵੋਟਰ ਇਨ੍ਹਾਂ ਕੈਂਪਾਂ ਦਾ ਲਾਭ ਲੈਂਦਿਆਂ ਮੁੱਢਲੀ ਵੋਟਰ ਸੂਚੀ ਵਿੱਚ ਆਪਣੇ ਨਾਮ, ਪਤੇ ਅਤੇ ਹੋਰ ਵੇਰਵਿਆਂ ਦੀ ਜਾਂਚ ਕਰ ਸਕਣਗੇ ਅਤੇ ਲੋੜ ਅਨੁਸਾਰ ਦਾਅਵੇ ਜਾਂ ਇਤਰਾਜ ਦਰਜ ਕਰਵਾ ਸਕਣਗੇ।

ਉਨ੍ਹਾਂ ਦੱਸਿਆ ਕਿ ਫਾਰਮ ਨੰਬਰ 6, 7 ਅਤੇ 8 ਰਾਹੀਂ ਨਵੇਂ ਵੋਟਰ ਵਜੋਂ ਨਾਮ ਦਰਜ ਕਰਵਾਉਣ, ਨਾਮ ਸਬੰਧੀ ਦਾਅਵਾ ਜਾਂ ਇਤਰਾਜ ਪੇਸ਼ ਕਰਨ ਅਤੇ ਵੋਟਰ ਸੂਚੀ ਵਿੱਚ ਲੋੜੀਂਦੀ ਸੋਧ ਕਰਵਾਉਣ ਦੀ ਪ੍ਰਕਿਰਿਆ ਨਿਰਧਾਰਤ ਨਿਯਮਾਂ ਅਨੁਸਾਰ ਕੀਤੀ ਜਾ ਸਕਦੀ ਹੈ।

ਜ਼ਿਲ੍ਹਾ ਚੋਣ ਅਫ਼ਸਰ ਨੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ 16 ਅਗਸਤ ਦੇ ਵਿਸ਼ੇਸ਼ ਕੈਂਪ ਵਿੱਚ ਆਪਣੇ ਸਬੰਧਤ ਪੋਲਿੰਗ ਬੂਥ ’ਤੇ ਪਹੁੰਚ ਕੇ ਮੁੱਢਲੀ ਵੋਟਰ ਸੂਚੀ ਵਿੱਚ ਆਪਣੇ ਵੇਰਵਿਆਂ ਦੀ ਲਾਜ਼ਮੀ ਤੌਰ ’ਤੇ ਤਸਦੀਕ ਕਰਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੋਟਰ ਨੂੰ ਸੂਚੀ ਵਿੱਚ ਦਰਜ ਵੇਰਵਿਆਂ ਸਬੰਧੀ ਕੋਈ ਦਾਅਵਾ ਜਾਂ ਇਤਰਾਜ ਹੈ ਤਾਂ ਉਹ 12 ਸਤੰਬਰ 2026 ਤੱਕ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਕੋਲ ਦਰਜ ਕਰਵਾ ਸਕਦਾ ਹੈ।

ਉਨ੍ਹਾਂ ਦੱਸਿਆ ਕਿ ਪ੍ਰਾਪਤ ਦਾਅਵਿਆਂ ਅਤੇ ਇਤਰਾਜਾਂ ਦੀ ਜਾਂਚ ਤੇ ਨਿਪਟਾਰਾ 8 ਅਕਤੂਬਰ 2026 ਤੱਕ ਕੀਤਾ ਜਾਵੇਗਾ ਅਤੇ ਇਸ ਉਪਰੰਤ 12 ਅਕਤੂਬਰ 2026 ਨੂੰ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਐਸ.ਆਈ.ਆਰ. ਦੀ ਸਮੁੱਚੀ ਪ੍ਰਕਿਰਿਆ ਨੂੰ ਪਾਰਦਰਸ਼ੀ, ਨਿਰਪੱਖ ਅਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਚੋਣ ਅਮਲੇ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਸਮੂਹ ਯੋਗ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਵੋਟ ਦੀ ਸਹੀ ਰਜਿਸਟ੍ਰੇਸ਼ਨ ਅਤੇ ਵੇਰਵਿਆਂ ਦੀ ਸ਼ੁੱਧਤਾ ਯਕੀਨੀ ਬਣਾਉਂਦਿਆਂ ਇਸ ਲੋਕਤੰਤਰਿਕ ਪ੍ਰਕਿਰਿਆ ਵਿੱਚ ਸਰਗਰਮ ਭੂਮਿਕਾ ਨਿਭਾਉਣ।

ਜ਼ਿਕਰਯੋਗ ਹੈ ਕਿ ਐਸ.ਆਈ.ਆਰ. ਤਹਿਤ ਤਿਆਰ ਕੀਤੀ ਗਈ ਮੁੱਢਲੀ ਵੋਟਰ ਸੂਚੀ ਬੂਥ ਲੈਵਲ ਅਫ਼ਸਰਾਂ ਵੱਲੋਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨਿਯੁਕਤ ਬੂਥ ਲੈਵਲ ਏਜੰਟਾਂ (ਬੀ.ਐਲ.ਏ.) ਨੂੰ ਵੀ ਜਾਣਕਾਰੀ ਅਤੇ ਪੜਤਾਲ ਲਈ ਮੁਹੱਈਆ ਕਰਵਾਈ ਜਾ ਚੁੱਕੀ ਹੈ।

Related Articles

Leave a Reply

Your email address will not be published. Required fields are marked *

Back to top button
error: Content is protected !!