Uncategorized

ਵਪਾਰਕ ਬਾਜ਼ਾਰਾਂ ਦੀ ਕਾਇਆ-ਕਲਪ ਲਈ ਮਾਲੇਰਕੋਟਲਾ ਨੂੰ ਮਿਲਣਗੇ 2 ਕਰੋੜ ਰੁਪਏ

‘ਰੰਗਲਾ ਪੰਜਾਬ ਵਿਕਾਸ ਸਕੀਮ’ ਤਹਿਤ ਬਾਜ਼ਾਰਾਂ ਵਿੱਚ ਬੁਨਿਆਦੀ ਸਹੂਲਤਾਂ ਦੇ ਵਿਕਾਸ ਨੂੰ ਮਿਲੇਗਾ ਹੁਲਾਰਾ

ਮਾਲੇਰਕੋਟਲਾ, 21 ਅਗਸਤ ( ਸੂਤਰ )


ਮਾਲੇਰਕੋਟਲਾ ਦੇ ਵਪਾਰਕ ਬਾਜ਼ਾਰਾਂ ਵਿੱਚ ਬੁਨਿਆਦੀ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਅਤੇ ਵਪਾਰਕ ਮਾਹੌਲ ਨੂੰ ਸੁਚੱਜਾ ਕਰਨ ਲਈ ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ ਨੂੰ 2 ਕਰੋੜ ਰੁਪਏ ਦਾ ਵਿਸ਼ੇਸ਼ ਫੰਡ ਮੁਹੱਈਆ ਕਰਵਾਇਆ ਜਾਵੇਗਾ। ਇਹ ਰਾਸ਼ੀ ਸੂਬੇ ਲਈ ਮਨਜ਼ੂਰ ਕੀਤੇ ਗਏ 40 ਕਰੋੜ ਰੁਪਏ ਦੇ ਵਿਸ਼ੇਸ਼ ਫੰਡ ਵਿੱਚੋਂ ‘ਰੰਗਲਾ ਪੰਜਾਬ ਵਿਕਾਸ ਸਕੀਮ’ ਤਹਿਤ ਜਾਰੀ ਕੀਤੀ ਜਾਵੇਗੀ।

ਇਸ ਫੈਸਲੇ ਦਾ ਸਵਾਗਤ ਕਰਦਿਆਂ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੇ ਜ਼ਿਲ੍ਹਾ ਚੇਅਰਮੈਨ ਆਜਮ ਦਾਰਾ ਅਤੇ ਹਲਕਾ ਮਾਲੇਰਕੋਟਲਾ ਦੇ ਟ੍ਰੇਡਰਜ਼ ਕਮਿਸ਼ਨ ਦੇ ਚੇਅਰਮੈਨ ਇਮਤਿਆਜ਼ ਅਲੀ ਨੇ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਸ੍ਰ. ਹਰਪਾਲ ਸਿੰਘ ਚੀਮਾ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਫੰਡ ਵਪਾਰੀਆਂ ਵੱਲੋਂ ਲੰਮੇ ਸਮੇਂ ਤੋਂ ਉਠਾਈਆਂ ਜਾ ਰਹੀਆਂ ਬੁਨਿਆਦੀ ਸਹੂਲਤਾਂ ਨਾਲ ਸਬੰਧਤ ਮੰਗਾਂ ਨੂੰ ਪੂਰਾ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗਾ।

ਉਨ੍ਹਾਂ ਦੱਸਿਆ ਕਿ ਵਿਸ਼ੇਸ਼ ਫੰਡ ਰਾਹੀਂ ਬਾਜ਼ਾਰਾਂ ਵਿੱਚ ਵਾਸ਼ਰੂਮਾਂ ਦੀ ਉਸਾਰੀ ਤੇ ਮੁਰੰਮਤ, ਸੜਕਾਂ ਦੀ ਉਸਾਰੀ ਅਤੇ ਮੁਰੰਮਤ, ਬਿਜਲੀ ਨਾਲ ਸਬੰਧਤ ਸਮੱਸਿਆਵਾਂ ਦੇ ਹੱਲ ਤੋਂ ਇਲਾਵਾ ਹੋਰ ਲੋੜੀਂਦੀਆਂ ਨਾਗਰਿਕ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਕੰਮ ਕਰਵਾਏ ਜਾਣਗੇ। ਇਨ੍ਹਾਂ ਸਹੂਲਤਾਂ ਨਾਲ ਵਪਾਰੀਆਂ ਅਤੇ ਦੁਕਾਨਦਾਰਾਂ ਦੇ ਨਾਲ-ਨਾਲ ਬਾਜ਼ਾਰਾਂ ਵਿੱਚ ਆਉਣ ਵਾਲੇ ਆਮ ਲੋਕਾਂ ਨੂੰ ਵੀ ਸਿੱਧਾ ਲਾਭ ਮਿਲੇਗਾ।

ਆਜਮ ਦਾਰਾ ਅਤੇ ਇਮਤਿਆਜ਼ ਅਲੀ ਨੇ ਕਿਹਾ ਕਿ ਵਪਾਰੀਆਂ ਦੀਆਂ ਸਥਾਨਕ ਸਮੱਸਿਆਵਾਂ ਨੂੰ ਸਰਕਾਰ ਤੱਕ ਪਹੁੰਚਾਉਣ ਅਤੇ ਉਨ੍ਹਾਂ ਦੇ ਹੱਲ ਲਈ ਟ੍ਰੇਡਰਜ਼ ਕਮਿਸ਼ਨਾਂ ਵੱਲੋਂ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਅਤੇ ਜ਼ਿਲ੍ਹਾ ਪੱਧਰੀ ਟ੍ਰੇਡਰਜ਼ ਕਮਿਸ਼ਨਾਂ ਵੱਲੋਂ ਹੁਣ ਤੱਕ ਵਪਾਰੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ 26 ਤੋਂ ਵੱਧ ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ। ਇਨ੍ਹਾਂ ਮੀਟਿੰਗਾਂ ਦੌਰਾਨ ਸਾਹਮਣੇ ਆਈਆਂ ਬੁਨਿਆਦੀ ਢਾਂਚੇ ਨਾਲ ਸਬੰਧਤ ਮੰਗਾਂ ਨੂੰ ਵੀ ਵਿਸ਼ੇਸ਼ ਫੰਡ ਦੀ ਵਿਵਸਥਾ ਵਿੱਚ ਧਿਆਨ ਵਿੱਚ ਰੱਖਿਆ ਗਿਆ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਿਧਾਨ ਸਭਾ ਹਲਕਾ ਅਤੇ ਜ਼ਿਲ੍ਹਾ ਪੱਧਰ ’ਤੇ ਟ੍ਰੇਡਰਜ਼ ਕਮਿਸ਼ਨਾਂ ਦੇ ਗਠਨ ਨਾਲ ਵਪਾਰਕ ਵਰਗ ਅਤੇ ਸਰਕਾਰ ਦਰਮਿਆਨ ਸੰਵਾਦ ਦਾ ਇੱਕ ਪ੍ਰਭਾਵਸ਼ਾਲੀ ਮੰਚ ਤਿਆਰ ਹੋਇਆ ਹੈ। ਸੂਬਾ ਪੱਧਰ ’ਤੇ ਵਿੱਤ ਮੰਤਰੀ ਦੀ ਅਗਵਾਈ ਹੇਠ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਵੱਲੋਂ ਨੀਤੀਗਤ ਮਾਮਲਿਆਂ ’ਤੇ ਵੀ ਵਿਚਾਰ ਕਰਕੇ ਜਲਦ ਫੈਸਲੇ ਲਏ ਜਾਣਗੇ।

ਉਨ੍ਹਾਂ ਕਿਹਾ ਕਿ ਬਾਜ਼ਾਰਾਂ ਦਾ ਬਿਹਤਰ ਬੁਨਿਆਦੀ ਢਾਂਚਾ ਵਪਾਰਕ ਗਤੀਵਿਧੀਆਂ ਨੂੰ ਹੁਲਾਰਾ ਦੇਣ ਦੇ ਨਾਲ ਸ਼ਹਿਰੀ ਜੀਵਨ ਨੂੰ ਵੀ ਸੁਵਿਧਾਜਨਕ ਬਣਾਉਂਦਾ ਹੈ। ਪੰਜਾਬ ਸਰਕਾਰ ਵੱਲੋਂ ਮਨਜ਼ੂਰ ਕੀਤਾ ਇਹ ਵਿਸ਼ੇਸ਼ ਫੰਡ ਮਾਲੇਰਕੋਟਲਾ ਦੇ ਵਪਾਰਕ ਖੇਤਰ ਦੇ ਵਿਕਾਸ ਲਈ ਇੱਕ ਮਹੱਤਵਪੂਰਨ ਕਦਮ ਹੈ, ਜਿਸ ਨਾਲ ਬਾਜ਼ਾਰਾਂ ਵਿੱਚ ਬਿਹਤਰ ਸਹੂਲਤਾਂ ਅਤੇ ਸੁਚੱਜਾ ਵਪਾਰਕ ਮਾਹੌਲ ਸਿਰਜਣ ਨੂੰ ਗਤੀ ਮਿਲੇਗੀ।

Related Articles

Leave a Reply

Your email address will not be published. Required fields are marked *

Back to top button
error: Content is protected !!