ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਪ੍ਰਸ਼ਾਸਨ ਦੇ ਨਾਲ-ਨਾਲ ਸਮਾਜ ਦੇ ਹਰ ਵਰਗ ਦੀ ਭਾਗੀਦਾਰੀ ਬੇਹੱਦ ਜ਼ਰੂਰੀ-ਡਿਪਟੀ ਕਮਿਸ਼ਨਰ
ਨਸ਼ਿਆਂ ਦੀ ਰੋਕਥਾਮ ਤੇ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ਮੀਟਿੰਗ

ਫਾਜ਼ਿਲਕਾ 7 ਅਗਸਤ ( ਸੂਤਰ )

ਡਿਪਟੀ ਕਮਿਸ਼ਨਰ ਫਾਜ਼ਿਲਕਾ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਵੱਲੋਂ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਨਸ਼ਿਆਂ ਦੀ ਰੋਕਥਾਮ ਤੇ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਪੱਧਰੀ ਸਮੀਖਿਆ ਮੀਟਿੰਗ ਕੀਤੀ ਗਈ। ਜਿਸ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇਸ ਅਭਿਆਨ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਕਈ ਮਹੱਤਵਪੂਰਨ ਫ਼ੈਸਲੇ ਲਏ ਗਏ।

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਪ੍ਰਸ਼ਾਸਨ ਦੇ ਨਾਲ-ਨਾਲ ਸਮਾਜ ਦੇ ਹਰ ਵਰਗ ਦੀ ਭਾਗੀਦਾਰੀ ਬੇਹੱਦ ਜ਼ਰੂਰੀ ਹੈ। ਉਨ੍ਹਾਂ ਸਾਰੇ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਦਿਆਂ ਜਾਗਰੂਕਤਾ ਗਤੀਵਿਧੀਆਂ ਨੂੰ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਤੱਕ ਪਹੁੰਚਾਉਣ ਦੇ ਨਿਰਦੇਸ਼ ਦਿੱਤੇ।

ਉਨ੍ਹਾਂ ਕਿਹਾ ਕਿ ਸਿਹਤ ਵਿਭਾਗ, ਸਿੱਖਿਆ ਵਿਭਾਗ, ਪੁਲਿਸ ਪ੍ਰਸ਼ਾਸਨ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਜਾਗਰੂਕਤਾ ਰੈਲੀਆਂ, ਸੈਮੀਨਾਰ ਅਤੇ ਹੋਰ ਪ੍ਰੋਗਰਾਮ ਦੇ ਨਾਲ-ਨਾਲ ਨਸ਼ਾ ਛੁਡਾਊ ਸਹਾਇਤਾ ਅਤੇ ਜਾਣਕਾਰੀ ਲਈ ਟੋਲ ਫ਼ਰੀ ਨੰਬਰ 14446 ਬਾਰੇ ਵਿਆਪਕ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ।

ਇਸ ਤੋਂ ਇਲਾਵਾ ਪਿੰਡਾਂ, ਸਕੂਲਾਂ, ਕਾਲਜਾਂ ਅਤੇ ਹੋਰ ਵਿਦਿਅਕ ਸੰਸਥਾਵਾਂ ਵਿੱਚ ਨਸ਼ਾ ਵਿਰੋਧੀ ਜਾਗਰੂਕਤਾ ਕੈਂਪਾਂ ਦੇ ਨਾਲ ਨਾਲ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਖੇਡਾਂ, ਸੱਭਿਆਚਾਰਕ ਅਤੇ ਸਮਾਜਿਕ ਗਤੀਵਿਧੀਆਂ ਨਾਲ ਜੋੜਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਨਸ਼ਾ ਛੁਡਾਊ ਕੇਂਦਰਾਂ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਬਾਰੇ ਲੋਕਾਂ ਨੂੰ ਵੱਧ ਤੋਂ ਵੱਧ ਜਾਣਕਾਰੀ ਦੇਣ ਅਤੇ ਲੋੜਵੰਦ ਵਿਅਕਤੀਆਂ ਨੂੰ ਇਲਾਜ ਲਈ ਪ੍ਰੇਰਿਤ ਕਰਨ ’ਤੇ ਵੀ ਜ਼ੋਰ ਦਿੰਦਿਆਂ ਕਿਹਾ ਕਿ ਸੋਸ਼ਲ ਮੀਡੀਆ, ਪੋਸਟਰਾਂ, ਪੈਂਫਲੈਟਾਂ ਅਤੇ ਹੋਰ ਪ੍ਰਚਾਰ ਸਮੱਗਰੀ ਰਾਹੀਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਜਾਵੇ।

ਇਸ ਤੋਂ ਇਲਾਵਾ ਪਿੰਡ ਪੱਧਰ ’ਤੇ ਪੰਚਾਇਤਾਂ, ਆਂਗਣਵਾੜੀ ਵਰਕਰਾਂ ਅਤੇ ਸਵੈ-ਸਹਾਇਤਾ ਸਮੂਹਾਂ ਨੂੰ ਇਸ ਅਭਿਆਨ ਨਾਲ ਜੋੜਨ ਦੇ ਨਾਲ-ਨਾਲ ਆਂਗਣਵਾੜੀ ਵਰਕਰਾਂ ਨੂੰ “ਨਸ਼ਾ ਮੁਕਤ ਮਿੱਤਰ” ਵਜੋਂ ਨਿਯੁਕਤ ਕਰਕੇ ਆਪਣੇ-ਆਪਣੇ ਖੇਤਰਾਂ ਵਿੱਚ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾਵੇ।
ਨਸ਼ਾ ਵਿਰੋਧੀ ਜਾਗਰੂਕਤਾ ਨੂੰ ਹੋਰ ਮਜ਼ਬੂਤ ਕਰਨ ਤੇ ਸਮਾਜ ਦੇ ਵੱਖ-ਵੱਖ ਵਰਗਾਂ ਦੀ ਭਾਗੀਦਾਰੀ ਯਕੀਨੀ ਬਣਾਉਣ ਲਈ ਸਮੂਹਿਕ ਸ਼ਪਥ (Mass Pledge) ਸਮਾਰੋਹ ਕਰਵਾਇਆ ਜਾਵੇਗਾ। ਉਨ੍ਹਾਂ ਪੁਲਿਸ ਵਿਭਾਗ ਨੂੰ ਕਿਹਾ ਕਿ ਕਿਸੇ ਵੀ ਵਿਦਿਅਕ ਸੰਸਥਾ ਦੇ 100 ਮੀਟਰ ਦੇ ਘੇਰੇ ਅੰਦਰ ਸਿਗਰਟਾਂ ਅਤੇ ਤੰਬਾਕੂ ਉਤਪਾਦਾਂ ਦੀ ਵਿਕਰੀ ਨੂੰ ਸਖ਼ਤੀ ਨਾਲ ਰੋਕਿਆ ਜਾਵੇ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ।

ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਧਿਕਾਰੀ ਸ਼੍ਰੀ ਨਵੀਨ ਗਡਵਾਲ, ਜ਼ਿਲ੍ਹਾ ਸਿੱਖਿਆ ਅਧਿਕਾਰੀ ਸ਼੍ਰੀ ਸਤੀਸ਼ ਕੁਮਾਰ, ਸਿਹਤ ਵਿਭਾਗ ਤੋਂ ਡਾ. ਐਰਿਕ, ਡੀਐਸਪੀ ਸ਼੍ਰੀ ਸੋਮ ਨਾਥ ਸ਼ਰਮਾ, ਸੀਡੀਪੀਓ ਨਵਦੀਪ ਕੌਰ, ਏਡੀਏ ਸ਼੍ਰੀ ਹਰਜੋਤ ਸਿੰਘ, ਸਮਾਜ ਸੇਵਕ ਸ਼੍ਰੀ ਲੀਲਾਧਰ ਸ਼ਰਮਾ, ਅਤੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫ਼ਤਰ ਦਾ ਸਮੂਹ ਸਟਾਫ਼ ਸਮੇਤ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।




