Uncategorized

ਸੁਤੰਤਰਤਾ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਲਈ ਸੱਭਿਆਚਾਰਕ ਪੇਸ਼ਕਾਰੀਆਂ ਦੀ ਦੂਜੀ ਰਿਹਰਸਲ ਕਰਵਾਈ

ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਿੰਪੀ ਗਰਗ ਨੇ ਰਿਹਰਸਲ ਦਾ ਲਿਆ ਜਾਇਜ਼ਾ,

ਮਾਲੇਰਕੋਟਲਾ, 11 ਅਗਸਤ ( ਸੂਤਰ )


ਸੁਤੰਤਰਤਾ ਦਿਵਸ ਮੌਕੇ ਸਥਾਨਕ ਡਾ. ਜ਼ਾਕਿਰ ਹੁਸੈਨ ਸਟੇਡੀਅਮ ਵਿਖੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਿਮ ਰੂਪ ਦੇਣ ਲਈ ਸੱਭਿਆਚਾਰਕ ਪ੍ਰੋਗਰਾਮ ਦੀ ਦੂਜੀ ਰਿਹਰਸਲ ਕਰਵਾਈ ਗਈ। ਇਸ ਦੌਰਾਨ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤੀਆਂ ਜਾਣ ਵਾਲੀਆਂ ਦੇਸ਼ ਭਗਤੀ ਅਤੇ ਸੱਭਿਆਚਾਰਕ ਵੰਨਗੀਆਂ ਦੀ ਰਿਹਰਸਲ ਕਰਵਾਈ ਗਈ, ਜਿਸ ਦਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਿੰਪੀ ਗਰਗ ਨੇ ਜਾਇਜ਼ਾ ਲਿਆ।

ਰਿਹਰਸਲ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਵਿਦਿਆਰਥੀਆਂ ਦੀਆਂ ਪੇਸ਼ਕਾਰੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸੁਤੰਤਰਤਾ ਦਿਵਸ ਸਾਡੇ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀਆਂ ਦੇਣ ਵਾਲੇ ਸ਼ਹੀਦਾਂ ਨੂੰ ਯਾਦ ਕਰਨ ਅਤੇ ਨੌਜਵਾਨ ਪੀੜ੍ਹੀ ਵਿੱਚ ਦੇਸ਼ ਭਗਤੀ ਦੀ ਭਾਵਨਾ ਮਜ਼ਬੂਤ ਕਰਨ ਦਾ ਵਿਸ਼ੇਸ਼ ਮੌਕਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਪੂਰੇ ਉਤਸ਼ਾਹ ਅਤੇ ਦੇਸ਼ ਭਗਤੀ ਦੇ ਜਜ਼ਬੇ ਨਾਲ ਮਨਾਇਆ ਜਾਵੇਗਾ।

ਉਨ੍ਹਾਂ ਵੱਖ-ਵੱਖ ਸਕੂਲਾਂ ਦੇ ਇੰਚਾਰਜਾਂ ਅਤੇ ਨੁਮਾਇੰਦਿਆਂ ਨੂੰ ਹਦਾਇਤ ਕੀਤੀ ਕਿ ਵਿਦਿਆਰਥੀਆਂ ਦੀਆਂ ਪੇਸ਼ਕਾਰੀਆਂ ਵਿੱਚ ਹੋਰ ਨਿਖਾਰ ਲਿਆਉਣ ਲਈ ਬਾਕੀ ਰਹਿੰਦੀਆਂ ਰਿਹਰਸਲਾਂ ਨੂੰ ਗੰਭੀਰਤਾ ਨਾਲ ਕਰਵਾਇਆ ਜਾਵੇ, ਤਾਂ ਜੋ 15 ਅਗਸਤ ਨੂੰ ਵਿਦਿਆਰਥੀ ਪੂਰੇ ਆਤਮ-ਵਿਸ਼ਵਾਸ ਅਤੇ ਉਤਸ਼ਾਹ ਨਾਲ ਆਪਣੀਆਂ ਪੇਸ਼ਕਾਰੀਆਂ ਪੇਸ਼ ਕਰ ਸਕਣ। ਉਨ੍ਹਾਂ ਦੱਸਿਆ ਕਿ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ 13 ਅਗਸਤ ਨੂੰ ਕਰਵਾਈ ਜਾਵੇਗੀ। ਉਨ੍ਹਾਂ ਸਬੰਧਤ ਅਧਿਕਾਰੀਆਂ ਅਤੇ ਸਕੂਲ ਪ੍ਰਬੰਧਕਾਂ ਨੂੰ ਸਮਾਗਮ ਨਾਲ ਜੁੜੀਆਂ ਸਾਰੀਆਂ ਤਿਆਰੀਆਂ ਆਪਸੀ ਤਾਲਮੇਲ ਨਾਲ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।

ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਸੱਭਿਆਚਾਰਕ ਪੇਸ਼ਕਾਰੀਆਂ ਦੇ ਨਾਲ-ਨਾਲ ਪੁਲਿਸ, ਹੋਮਗਾਰਡ, ਐਨ.ਸੀ.ਸੀ. ਅਤੇ ਪੁਲਿਸ ਤੇ ਸਕੂਲੀ ਬੈਂਡ ਦੀਆਂ ਟੁਕੜੀਆਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਵੀ ਪੇਸ਼ ਕੀਤਾ ਜਾਵੇਗਾ। ਇਸ ਤੋਂ ਇਲਾਵਾ ਸਮਾਗਮ ਦੌਰਾਨ ਪੰਜਾਬ ਦੇ ਲੋਕ ਨਾਚ ਗਿੱਧਾ ਅਤੇ ਭੰਗੜਾ ਵੀ ਖਿੱਚ ਦਾ ਕੇਂਦਰ ਰਹਿਣਗੇ। ਉਨ੍ਹਾਂ ਕਿਹਾ ਕਿ ਸਮੁੱਚਾ ਸੱਭਿਆਚਾਰਕ ਪ੍ਰੋਗਰਾਮ ਦੇਸ਼ ਭਗਤੀ ਦੇ ਰੰਗ ਵਿੱਚ ਰੰਗਿਆ ਹੋਇਆ ਹੋਵੇਗਾ।

ਇਸ ਮੌਕੇ ਪ੍ਰਿੰਸੀਪਲ ਨਰੇਸ ਕੁਮਾਰ,ਪ੍ਰਿੰਸੀਪਲ ਆਰਤੀ ਗੁਪਤਾ, ਸਲੀਮ ਜ਼ੁਬੈਰੀ, ਅਭਿਸ਼ੇਕ ਜੈਨ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਅਧਿਆਪਕ, ਇੰਚਾਰਜ ਅਤੇ ਨੁਮਾਇੰਦੇ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button
error: Content is protected !!